ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ 16 ਮਾਰਚ ਤੋਂ ਸਾਰੇ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੈ ਅਤੇ ਇਸ ਦੌਰਾਨ ਵੱਖ-ਵੱਖ ਸੁਰੱਖਿਆ ਅਤੇ ਹੋਰ ਏਜੰਸੀਆਂ ਵੱਲੋਂ ਪੰਜਾਬ ਵਿੱਚ ਕੁੱਲ 243.95 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਡਰੱਗ ਅਤੇ ਹੋਰ ਕੀਮਤੀ ਸਮਾਨ ਜ਼ਬਤ ਕੀਤਾ ਜਾ ਚੁੱਕਾ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਤਰੀਕੇ ਨਾਲ ਚੋਣਾਂ ਕਰਵਾਉਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ 16 ਮਾਰਚ ਤੋਂ 17 ਅਪ੍ਰੈਲ 2024 ਤੱਕ ਸਭ ਤੋਂ ਜ਼ਿਆਦਾ 158.76 ਕਰੋੜ ਰੁਪਏ ਦੀ ਨਗਦੀ, ਸ਼ਰਾਬ/ਨਸ਼ੀਲੇ ਪਦਾਰਥ ਅਤੇ ਹੋਰ ਵਸਤਾਂ ਪੰਜਾਬ ਪੁਲਿਸ ਵੱਲੋਂ ਜ਼ਬਤ ਕੀਤੀਆਂ ਗਈਆਂ ਹਨ।
 
ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 17 ਅਪ੍ਰੈਲ ਤੱਕ ਪੰਜਾਬ ਪੁਲਿਸ ਨੇ 2.49 ਕਰੋੜ ਰੁਪਏ ਦੀ ਨਕਦੀ, 7.06 ਕਰੋੜ ਰੁਪਏ ਦੀ ਸ਼ਰਾਬ, 148.21 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, 25.6 ਲੱਖ ਰੁਪਏ ਦੀਆਂ ਕੀਮਤੀ ਵਸਤਾਂ ਅਤੇ 74.2 ਲੱਖ ਰੁਪਏ ਦੀ ਕੀਮਤ ਵਾਲੀਆਂ ਹੋਰ ਵਸਤੂਆਂ ਜ਼ਬਤ ਕੀਤੀਆਂ ਹਨ।
ਇਸੇ ਤਰ੍ਹਾਂ ਸੂਬੇ ਦੇ ਆਬਕਾਰੀ ਵਿਭਾਗ ਨੇ 6.77 ਕਰੋੜ ਰੁਪਏ ਦੀ ਸ਼ਰਾਬ ਅਤੇ 2 ਲੱਖ ਰੁਪਏ ਦੇ ਨਸ਼ੀਲੇ ਪਦਾਰਥ ਅਤੇ ਬੀ.ਐਸ.ਐਫ ਨੇ 19.66 ਕਰੋੜ ਰੁਪਏ ਦੇ ਡਰੱਗਜ਼ ਤੇ ਨਸ਼ੀਲੇ ਪਦਾਰਥ, 40 ਲੱਖ ਰੁਪਏ ਦੀਆਂ ਕੀਮਤੀ ਵਸਤਾਂ ਅਤੇ 36 ਲੱਖ ਰੁਪਏ ਦੀ ਨਗਦੀ ਜ਼ਬਤ ਕੀਤੀ ਹੈ।
ਇਸ ਤੋਂ ਇਲਾਵਾ 45.92 ਕਰੋੜ ਰੁਪਏ ਦੇ ਡਰੱਗਜ਼ ਤੇ ਨਸ਼ੀਲੇ ਪਦਾਰਥ, 3.15 ਕਰੋੜ ਰੁਪਏ ਦੀ ਨਕਦੀ, 8.84 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 6 ਲੱਖ ਰੁਪਏ ਦੀ ਕੀਮਤ ਵਾਲੀਆਂ ਹੋਰ ਵਸਤੂਆਂ ਨੂੰ ਵੱਖ-ਵੱਖ ਏਜੰਸੀਆਂ ਵੱਲੋਂ ਜ਼ਬਤ ਕੀਤਾ ਗਿਆ ਹੈ। ਇਸ ਤਰ੍ਹਾਂ ਇਕ ਮਹੀਨੇ ਦੌਰਾਨ ਇਹ ਸਾਰੀ ਜ਼ਬਤੀ 243.95 ਕਰੋੜ ਰੁਪਏ ਬਣਦੀ ਹੈ।
ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਜ਼ਬਤੀ ਦੇ ਮਾਮਲੇ ਵਿੱਚ ਪੰਜਾਬ ਦੇਸ਼ ਭਰ ਵਿੱਚੋਂ ਪੰਜਵੇਂ ਸਥਾਨ ਉੱਤੇ ਰਿਹਾ। ਇਨ੍ਹਾਂ ਅੰਕੜਿਆਂ ਅਨੁਸਾਰ 1 ਮਾਰਚ 2024 ਤੋਂ 15 ਅਪ੍ਰੈਲ 2024 ਤੱਕ ਪੰਜਾਬ ਵਿੱਚ 311 ਕਰੋੜ ਰੁਪਏ ਦੀ ਜ਼ਬਤੀ ਕੀਤੀ ਗਈ ਹੈ।
ਸਿਬਿਨ ਸੀ ਨੇ ਕਿਹਾ ਕਿ ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਅੰਤਰਰਾਜੀ ਨਾਕਿਆਂ ਉੱਤੇ 48 ਹਾਈਟੈੱਕ ਸੀਸੀਟੀਵੀ ਕੈਮਰਿਆਂ ਨਾਲ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ। 
ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਫਲਾਇੰਗ ਸੁਕਐਡ ਟੀਮਾਂ ਦੁਆਰਾ ਹਾਈਟੈੱਕ ਸੀਸੀਟੀਵੀ ਕੈਮਰਿਆਂ ਨਾਲ ਲੈੱਸ 351 ਗੱਡੀਆਂ ਰਾਹੀਂ ਹਰ ਵੇਲੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਇਸ ਦੀ ਲਾਈਵ ਫੀਡ ਸਿੱਧੀ ਜ਼ਿਲ੍ਹਾ ਅਤੇ ਸਟੇਟ ਮਾਨੀਟਰਿੰਗ ਕੰਟਰੋਲ ਰੂਮ ਨੂੰ ਭੇਜੀ ਜਾ ਰਹੀ ਹੈ।
ਸਿਬਿਨ ਸੀ ਨੇ ਅੱਗੇ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੂਬੇ ਦੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਅੰਤਰਰਾਜੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਸਰਹੱਦੀ ਜ਼ਿਲ੍ਹਿਆਂ ਵਿੱਚ ਬੀ.ਐੱਸ.ਐਫ਼ ਅਤੇ ਹੋਰ ਸਬੰਧਤ ਏਜੰਸੀਆਂ ਵੱਲੋਂ ਵੀ ਚੌਕਸੀ ਵਧਾ ਦਿੱਤੀ ਗਈ ਹੈ ਤਾਂ ਜੋ ਸਰਹੱਦ ਪਾਰੋਂ ਆਉਂਦੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਉੱਤੇ ਠੱਲ੍ਹ ਪਾਈ ਜਾ ਸਕੇ।
ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰਾ ਅਮਲਾ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧ ਵਿੱਚ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login