ADVERTISEMENT

ADVERTISEMENT

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਇਕੱਤਰਤਾ

ਐਡਵੋਕੇਟ ਧਾਮੀ ਨੇ ਪ੍ਰਚਾਰਕ ਜਥਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਪ੍ਰੇਰਿਆ

 ਐਡਵੋਕੇਟ ਧਾਮੀ ਐਡਵੋਕੇਟ ਧਾਮੀ / Provided

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਨੂੰ ਵਿਵਾਦਤ ਵੀਡੀਓ ਮਾਮਲੇ ’ਚ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦੇਣ ਸਬੰਧੀ ਆਦੇਸ਼ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਪ੍ਰਚਾਰਕ, ਢਾਡੀ, ਕਵੀਸ਼ਰ ਜਥਿਆਂ ਤੇ ਬਾਬਾ ਜੀਵਨ ਸਿੰਘ ਰੰਗਰੇਟਾ ਦਲ ਦੇ ਨਿਹੰਗ ਸਿੰਘਾਂ ਦੀ ਇਕੱਤਰਤਾ ਹੋਈ। 

 

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਇਸ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਪਿੰਡ ਪੱਧਰ ’ਤੇ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਸਬੰਧੀ ਵਿਚਾਰਾਂ ਹੋਈਆਂ। 

 

ਇਕੱਤਰਤਾ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਸਬੰਧਤ ਵਿਵਾਦਤ ਵੀਡੀਓ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕਾਹਲੀ ਵਿਚ ਕੋਈ ਫੈਸਲਾ ਨਹੀਂ ਲਿਆ ਗਿਆ। ਉਨ੍ਹਾਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮੁੱਖ ਮੰਤਰੀ ਨੂੰ ਬੁਲਾ ਕੇ ਇਸ ਦੀ ਜਾਂਚ ਕਰਵਾਉਣ ਲਈ ਕਿਹਾ ਸੀ, ਪ੍ਰੰਤੂ ਮੁੱਖ ਮੰਤਰੀ ਵੱਲੋਂ ਜਾਂਚ ਲਈ ਲੈਬਾਂ ਦੇ ਨਾਮ ਦੇਣ ਦਾ ਵਾਅਦਾ ਤਾਂ ਕੀਤਾ, ਪ੍ਰੰਤੂ ਕਿਸੇ ਤਰ੍ਹਾਂ ਦਾ ਸਹਿਯੋਗ ਨਹੀਂ ਕੀਤਾ। ਜਥੇਦਾਰ ਸਾਹਿਬ ਵੱਲੋਂ ਲੰਮਾਂ ਸਮਾਂ ਉਡੀਕਣ ਮਗਰੋਂ ਸਰਕਾਰ ਦੀਆਂ ਮਾਨਤਾ ਪ੍ਰਾਪਤ ਲੈਬਾਂ ਤੋਂ ਵੀਡੀਓ ਦੀ ਜਾਂਚ ਕਰਵਾਈ। ਰਿਪੋਰਟ ’ਚ ਵੀਡੀਓ ਅਸਲੀ ਪਾਏ ਜਾਣ ’ਤੇ ਪੰਜ ਸਿੰਘ ਸਾਹਿਬਾਨ ਨੇ ਪੰਥਕ ਭਾਵਨਾਵਾਂ ਅਨੁਸਾਰ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਇਨ੍ਹਾਂ ਦੀ ਪਾਰਟੀ ਗ਼ਲਤੀ ਮੰਨਣ ਦੀ ਬਜਾਇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਧੀ ਚੁਣੌਤੀ ਦੇ ਰਹੀ ਹੈ। 

 

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਲਈ ਸਰਵਉੱਚ ਅਸਥਾਨ ਹੈ, ਜਿਸ ਦੇ ਆਦੇਸ਼ ਦੀ ਪਾਲਣਾ ਕਰਨਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁੱਖ ਮੰਤਰੀ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਹੈ ਅਤੇ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਸ ਫੈਸਲੇ ਤੋਂ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਆਪਣੀ ਜ਼ੁੰਮੇਵਾਰੀ ਨਿਭਾਏਗੀ। ਉਨ੍ਹਾਂ ਕਿਹਾ ਕਿ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥੇ ਸੰਗਤਾਂ ਤੱਕ ਪਹੁੰਚ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਜਾਣਕਾਰੀ ਦੇਣਗੇ ਅਤੇ ਸੰਗਤਾਂ ਨੂੰ ਇਸ ’ਤੇ ਅਮਲ ਕਰਨ ਦੀ ਪ੍ਰੇਰਣਾ ਕਰਨਗੇ। ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਨੂੰ ਵੀ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਉਣ ਤੋਂ ਗੁਰੇਜ਼ ਕਰਨ।

 

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਸੁਖਵਰਸ਼ ਸਿੰਘ ਪੰਨੂ, ਬਾਬਾ ਬਲਦੇਵ ਸਿੰਘ ਵੱਲ੍ਹਾ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਬੋਧਨ ਕਰਦਿਆਂ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ ਲਈ ਪ੍ਰੇਰਿਆ। 

 

ਇਸੇ ਦੌਰਾਨ ਬਾਬਾ ਜੀਵਨ ਸਿੰਘ ਰੰਗਰੇਟਾ ਦਲ ਨਾਲ ਸਬੰਧਤ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਹਰ ਆਦੇਸ਼ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦੀ ਵਚਨਬੱਧਤਾ ਪ੍ਰਗਟਾਈ।

Comments

Leave A Comment

Required fields are marked (*).

Related

Talk to us?