ADVERTISEMENT

ADVERTISEMENT

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਜੈਕਾਰਿਆਂ ਦੀ ਗੂੰਜ ’ਚ ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ

ਨਨਕਾਣਾ ਸਾਹਿਬ ਤੋਂ ਕਰਤਾਰਪੁਰ ਸਾਹਿਬ ਤੱਕ ਪਾਕਿਸਤਾਨ ਦੇ ਇਤਿਹਾਸਕ ਗੁਰਧਾਮਾਂ ਦੇ ਕਰੇਗਾ ਦਰਸ਼ਨ

 ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ / Photo Courtesy

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 541 ਸ਼ਰਧਾਲੂਆਂ ਦਾ ਜਥਾ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ ਤੇ ਸ. ਗੁਰਮੀਤ ਸਿੰਘ ਬੂਹ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ।

 

ਰਵਾਨਗੀ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਪ੍ਰੀਤਪਾਲ ਸਿੰਘ, ਸ. ਭਗਵੰਤ ਸਿੰਘ ਧੰਗੇੜਾ ਨੇ ਜਥੇ ਦੇ ਆਗੂਆਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਇਹ ਜਥਾ 18 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਸ਼ਹੀਦੀ ਪੁਰਬ ਮਨਾਉਣ ਮਗਰੋਂ 19 ਜੂਨ ਨੂੰ ਦੇਸ਼ ਵਾਪਸ ਪਰਤੇਗਾ।

 

ਇਸ ਮੌਕੇ ਜਥੇ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਸ. ਭੁਪਿੰਦਰ ਸਿੰਘ ਭਲਵਾਨ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਦੀ ਭਾਵਨਾ ਸੀ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਉਨ੍ਹਾਂ ਦੇ ਸ਼ਹੀਦੀ ਅਸਥਾਨ ’ਤੇ ਨਤਮਸਤਕ ਹੋਵੇੇ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਸ਼ਹੀਦੀ ਪੁਰਬ ਮੌਕੇ ਜਥਾ ਨਹੀਂ ਜਾ ਸਕਿਆ ਸੀ, ਪਰ ਗੁਰੂ ਸਾਹਿਬ ਦੀ ਰਹਿਮਤ ਨਾਲ ਇਸ ਵਾਰ ਜਥੇ ਨੂੰ ਪ੍ਰਵਾਨਗੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਇਹ ਜਥਾ ਹਰ ਸਾਲ ਭੇਜੇ ਜਾਣ ਨੂੰ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਯਕੀਨੀ ਬਨਾਉਣ।

 

ਇਸੇ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਦੱਸਿਆ ਕਿ ਇਹ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪੁੱਜੇਗਾ, ਜਿਥੋਂ 11 ਜੂਨ ਨੂੰ ਗੁਰਦੁਆਰਾ ਸੱਚਾ ਸੌਦਾ ਸਾਹਿਬ, ਸ਼ੇਖੂਪੁਰਾ ਜਾਵੇਗਾ। 12 ਜੂਨ ਨੂੰ ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਵੇਗਾ, ਜਿਥੋਂ 14 ਜੂਨ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇਗਾ। 15 ਜੂਨ ਨੂੰ ਜਥਾ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਦੇ ਦਰਸ਼ਨ ਦੀਦਾਰ ਕਰਨ ਉਪਰੰਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਪੁੱਜੇਗਾ, ਜਿਥੇ 16 ਜੂਨ ਨੂੰ ਸ਼ਹੀਦੀ ਸਮਾਗਮਾਂ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹਵੋੇਗੀ। 18 ਜੂਨ ਨੂੰ ਜਥਾ ਸ਼ਹੀਦੀ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ ਅਤੇ 19 ਜੂਨ ਨੂੰ ਜਥੇ ਦੀ ਦੇਸ਼ ਵਾਪਸੀ ਹੋਵੇਗੀ।

Comments

Leave A Comment

Required fields are marked (*).

Related

Talk to us?