Representative Image / staff reporter
ਪੰਜਾਬ ਵਿੱਚ ਤੇਲ ਦੀਆਂ ਕੀਮਤਾਂ ਨੂੰ ਲੱਗੀ 'ਅੱਗ' ਨੇ ਆਮ ਜਨਤਾ ਦੀ ਜੇਬ 'ਤੇ ਵੱਡਾ ਡਾਕਾ ਮਾਰਿਆ ਹੈ। ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ 3 ਰੁਪਏ ਪ੍ਰਤੀ ਲੀਟਰ ਦੇ ਵਾਧੇ ਨੇ ਸੂਬੇ ਭਰ ਵਿੱਚ ਹਾਹਾਕਾਰ ਮਚਾ ਦਿੱਤੀ ਹੈ। ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ/ਲੀਟਰ ਦੇ ਮਨੋਵਿਗਿਆਨਕ ਅੰਕੜੇ ਨੂੰ ਪਾਰ ਕਰ ਗਈ ਹੈ। ਜਦਕਿ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਭਾਰੀ ਉਛਾਲ ਦੇਖਣ ਨੂੰ ਮਿਲਿਆ ਹੈ, ਜਿਸ ਦਾ ਸਿੱਧਾ ਅਸਰ ਢੋਆ-ਢੁਆਈ ਅਤੇ ਖੇਤੀਬਾੜੀ 'ਤੇ ਪਵੇਗਾ। ਜਿਵੇਂ ਹੀ ਕੀਮਤਾਂ ਵਧਣ ਦੀ ਭਿਣਕ ਲੋਕਾਂ ਨੂੰ ਲੱਗੀ, ਪੈਟਰੋਲ ਪੰਪਾਂ 'ਤੇ ਗੱਡੀਆਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਇਸ ਭਾਰੀ ਮੰਗ ਕਾਰਨ ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ਵਿੱਚ ਸਥਿਤ ਇੱਕ ਪੈਟਰੋਲ ਪੰਪ 'ਤੇ ਤੇਲ ਦੀ ਸਪਲਾਈ ਖ਼ਤਮ ਹੋ ਗਈ। ਸਟਾਕ ਮੁੱਕਣ ਕਾਰਨ ਪੰਪ 'ਡਰਾਈ' (Dry) ਹੋ ਗਿਆ, ਜਿਸ ਕਰਕੇ ਵਾਹਨ ਚਾਲਕਾਂ ਨੂੰ ਖਾਲੀ ਹੱਥ ਮੁੜਨਾ ਪਿਆ।
ਪੰਜਾਬ ਦੇ ਕਈ ਸ਼ਹਿਰਾਂ ਵਿਚ ਪੈਟ੍ਰੋਲ ਦੀ ਕੀਮਤ 100 ਰੁਪਏ ਤੋਂ ਪਾਰ ਹੋ ਗਈ ਹੈ। ਜਲੰਧਰ ਵਿਚ ਪਹਿਲਾਂ ਤੇਲ ਦੀ ਕੀਮਤ 97.75 ਰੁਪਏ ਸੀ, ਜੋ ਹੁਣ 100.54 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸੇ ਤਰ੍ਹਾਂ ਡੀਜ਼ਲ ਦੀ ਕੀਮਤ 90.45 ਰੁਪਏ ਪ੍ਰਤੀ ਲੀਟਰ ਹੋ ਚੁੱਕੀ ਹੈ। ਇਸੇ ਤਰ੍ਹਾਂ ਲੁਧਿਆਣਾ ਵਿਚ ਪੈਟ੍ਰੋਲ 101 ਰੁਪਏ, ਪਠਾਨਕੋਟ ਵਿਚ 101.60 ਰੁਪਏ ਅਤੇ ਚੰਡੀਗੜ੍ਹ ਵਿਚ 97.44 ਰੁਪਏ ਹੋ ਗਿਆ ਹੈ। ਚੰਡੀਗੜ੍ਹ ਵਿਚ ਪੈਟ੍ਰੋਲ ਦੀ ਕੀਮਤ 94.30 ਤੋਂ ਵਧ ਕੇ 97.44 ਰੁਪਏ ਹੋ ਗਈ ਹੈ।
ਡੀਜ਼ਲ ਮਹਿੰਗਾ ਹੋਣ ਦਾ ਸਭ ਤੋਂ ਮਾੜਾ ਅਸਰ ਪੰਜਾਬ ਦੀ ਕਿਸਾਨੀ 'ਤੇ ਦੇਖਣ ਨੂੰ ਮਿਲੇਗਾ। ਝੋਨੇ ਦੇ ਇਸ ਸੀਜ਼ਨ ਦੌਰਾਨ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਣ ਨਾਲ ਖੇਤੀਬਾੜੀ ਦੇ ਕੰਮ ਵਿਚ ਲਾਗਤ ਵੱਧ ਜਾਵੇਗੀ। ਕਿਸਾਨਾਂ ਨੂੰ ਟ੍ਰੈਕਟਰ ਅਤੇ ਪੰਪਿੰਗ ਸੈੱਟ ਚਲਾਉਣ ਲਈ ਜ਼ਿਆਦਾ ਪੈਸੇ ਖਰਚਣੇ ਪੈਣਗੇ। ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਮਾਲ-ਭਾੜਾ ਵਧਣ ਦਾ ਖਦਸ਼ਾ ਹੈ, ਜਿਸ ਨਾਲ ਦੂਜੇ ਸੂਬਿਆਂ ਤੋਂ ਆਉਣ ਵਾਲੀਆਂ ਸਬਜ਼ੀਆਂ, ਫਲ ਅਤੇ ਰਾਸ਼ਨ ਮਹਿੰਗੇ ਹੋ ਸਕਦੇ ਹਨ। ਇਸ ਤੋਂ ਇਲਾਵਾ ਬੱਸਾਂ, ਆਟੋ ਅਤੇ ਸਕੂਲ ਵੈਨਾਂ ਦੇ ਕਿਰਾਏ ਵਿਚ ਵੀ ਵਾਧਾ ਹੋ ਸਕਦਾ ਹੈ।
ਲੁਧਿਆਣਾ ਪੈਟ੍ਰੋਲ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਸਚਦੇਵਾ ਅਨੁਸਾਰ, ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਧਣ ਕਾਰਨ ਆਉਣ ਵਾਲੇ ਦਿਨਾਂ ਵਿਚ ਕੀਮਤਾਂ ਹੋਰ ਵੀ ਵਧ ਸਕਦੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਪੈਟ੍ਰੋਲ ਡੀਜ਼ਲ ਦੀ ਵਰਤੋਂ ਸੰਜਮ ਨਾਲ ਕਰਨ ਦੀ ਅਪੀਲ ਕੀਤੀ। ਕੁਝ ਦਿਨ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਮੌਜੂਦਾ ਸਥਿਤੀਆਂ ਨੂੰ ਦੇਖਦੇ ਹੋਏ ਤੇਲ ਦੀ ਵਰਤੋਂ ਸੰਜਮ ਨਾਲ ਕਰਨ ਦਾ ਸੁਝਾਅ ਦਿੱਤਾ ਹੈ।
ਤੇਲ ਦੀਆਂ ਕੀਮਤਾਂ ਵਿੱਚ ਹੋਏ ਇਸ ਅਚਨਚੇਤ ਵਾਧੇ ਕਾਰਨ ਆਉਣ ਵਾਲੇ ਦਿਨਾਂ ਵਿੱਚ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਅਤੇ ਸਬਜ਼ੀਆਂ ਦੇ ਭਾਅ ਵਧਣ ਦਾ ਖ਼ਦਸ਼ਾ ਵੀ ਜਤਾਇਆ ਜਾ ਰਿਹਾ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login