ADVERTISEMENT

ADVERTISEMENT

ਸੁਖਬੀਰ ਬਾਦਲ ’ਤੇ ਨਾਂਦੇੜ ਗੁਰਦੁਆਰੇ ’ਚ ਹਮਲਾ

ਪੁਲੀਸ ਤੇ ਮਹਾਰਾਸ਼ਟਰ ਏਟੀਐੱਸ ਵੱਲੋਂ ਜਾਂਚ ਜਾਰੀ, ਅਕਾਲੀ ਦਲ ਨੇ ਮੰਗੀ ਉੱਚ ਪੱਧਰੀ ਜਾਂਚ

 ਸੁਖਬੀਰ ਸਿੰਘ ਬਾਦਲ ਸੁਖਬੀਰ ਸਿੰਘ ਬਾਦਲ / Facebook/Sukhbir Singh Badal

ਮਹਾਰਾਸ਼ਟਰ ਦੇ ਨਾਂਦੇੜ ਸ਼ਹਿਰ ਨੇੜੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੇ ਸਿਆਸੀ ਅਤੇ ਪੰਥਕ ਹਲਕਿਆਂ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ। ਪੁਲੀਸ ਨੇ ਹਮਲੇ ਦੇ ਦੋਸ਼ ਵਿੱਚ ਜਸਪਾਲ ਸਿੰਘ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਤਾਬਕ ਮੁਲਜ਼ਮ ਪੁਣੇ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਲਗਪਗ ਦੋ ਸਾਲਾਂ ਤੋਂ ਨਾਂਦੇੜ ਦੇ ਗੁਰਦੁਆਰਾ ਸਾਹਿਬ ਵਿੱਚ ‘ਸੇਵਾਦਾਰ’ ਵਜੋਂ ਕੰਮ ਕਰ ਰਿਹਾ ਸੀ।

ਨਾਂਦੇੜ ਦੇ ਪੁਲੀਸ ਕਪਤਾਨ ਨੀਲਾਭ ਰੋਹਨ ਨੇ ਦੱਸਿਆ ਕਿ ਜਸਪਾਲ ਸਿੰਘ ਦੀ ਉਮਰ ਕਰੀਬ 60 ਤੋਂ 62 ਸਾਲ ਦੇ ਵਿਚਕਾਰ ਹੈ। ਉਹ ਆਪਣੇ ਪਰਿਵਾਰ ਨਾਲ ਪੁਣੇ ਵਿੱਚ ਰਹਿੰਦਾ ਹੈ, ਜਦਕਿ ਨਾਂਦੇੜ ਵਿੱਚ ਇਕੱਲਾ ਰਹਿ ਰਿਹਾ ਸੀ। ਉਸ ਕੋਲ ਕਾਮਰਸ ਅਤੇ ਕਾਨੂੰਨ ਦੀਆਂ ਡਿਗਰੀਆਂ ਵੀ ਹਨ। ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਨਾਰਾਜ਼ਗੀ ਦਾ ਜ਼ਿਕਰ ਕੀਤਾ ਹੈ, ਪਰ ਪੁਲੀਸ ਦਾ ਕਹਿਣਾ ਹੈ ਕਿ ਹਮਲਾ ਕਰਨ ਦੇ ਅਸਲ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗਿਆ। ਉਸ ਦੀ ਪਿਛੋਕੜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਿਸੇ ਗਿਰੋਹ ਨਾਲ ਸਬੰਧ ਜਾਂ ਅਪਰਾਧਿਕ ਪਿਛੋਕੜ ਬਾਰੇ ਵੀ ਫਿਲਹਾਲ ਕੋਈ ਜਾਣਕਾਰੀ ਨਹੀਂ ਮਿਲੀ। ਮਹਾਰਾਸ਼ਟਰ ਅਤਿਵਾਦ ਰੋਕੂ ਦਸਤਾ (ਏਟੀਐੱਸ) ਵੀ ਜਾਂਚ ਵਿੱਚ ਪੁਲੀਸ ਦਾ ਸਾਥ ਦੇ ਰਿਹਾ ਹੈ।

ਘਟਨਾ ਦੌਰਾਨ ਸੁਖਬੀਰ ਸਿੰਘ ਬਾਦਲ ਦੇ ਹੱਥ ’ਤੇ ਸੱਟ ਲੱਗੀ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੇ ਸੱਜੇ ਹੱਥ ’ਤੇ ਦੋ ਤੋਂ ਤਿੰਨ ਟਾਂਕੇ ਲਗਾਏ ਗਏ ਹਨ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਗਈ ਹੈ। ਉਨ੍ਹਾਂ ਦੇ ਨਾਲ ਮੌਜੂਦ ਇੱਕ ਮੁਲਾਜ਼ਮ ਨੇ ਵੀ ਹਮਲੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਹ ਜ਼ਖਮੀ ਹੋਇਆ। ਹਮਲੇ ਵਿੱਚ ਤੇਜ਼ਧਾਰ ਹਥਿਆਰ ਦੀ ਵਰਤੋਂ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਸੁਖਬੀਰ ਬਾਦਲ ਪਰਿਵਾਰ ਸਮੇਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਹੋਏ ਸਨ।

ਇਸ ਘਟਨਾ ਤੋਂ ਬਾਅਦ ਅਕਾਲੀ ਦਲ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਜ਼ੈੱਡ-ਪਲੱਸ ਸੁਰੱਖਿਆ ਪ੍ਰਾਪਤ ਆਗੂ ’ਤੇ ਗੁਰਦੁਆਰਾ ਕੰਪਲੈਕਸ ਵਿੱਚ ਹਮਲਾ ਹੋਣਾ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਸੁਰੱਖਿਆ ਏਜੰਸੀਆਂ ਦੀ ਨਾਕਾਮੀ ਅਤੇ ਹਮਲੇ ਪਿੱਛੇ ਕਿਸੇ ਸਾਜ਼ਿਸ਼ ਦੀ ਸੰਭਾਵਨਾ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ।

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੇਂਦਰ ਸਰਕਾਰ ਤੋਂ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਘਟਨਾ ਨੂੰ ਦਸੰਬਰ 2024 ਵਿੱਚ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਕੰਪਲੈਕਸ ਵਿੱਚ ਸੁਖਬੀਰ ਬਾਦਲ ’ਤੇ ਹੋਏ ਹਮਲੇ ਨਾਲ ਜੋੜ ਕੇ ਦੋਵਾਂ ਮਾਮਲਿਆਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਮਜੀਠੀਆ ਨੇ ਕਿਹਾ ਕਿ ਇਹ ਪਤਾ ਲਗਾਉਣਾ ਜ਼ਰੂਰੀ ਹੈ ਕਿ ਕੀ ਦੋਵਾਂ ਘਟਨਾਵਾਂ ਵਿੱਚ ਕੋਈ ਸਬੰਧ ਹੈ, ਸੁਰੱਖਿਆ ਵਿੱਚ ਕੋਈ ਕੁਤਾਹੀ ਹੋਈ ਜਾਂ ਇਸ ਪਿੱਛੇ ਕੋਈ ਵੱਡੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਜੇ ਮਾਮਲੇ ਨੂੰ ਅਣਗੌਲਿਆ ਕੀਤਾ ਗਿਆ ਤਾਂ ਭਵਿੱਖ ਵਿੱਚ ਮੁੜ ਅਜਿਹਾ ਹਮਲਾ ਹੋ ਸਕਦਾ ਹੈ।

ਅਕਾਲੀ ਦਲ ਦੇ ਆਗੂਆਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਵੀ ਹਮਲਾ ਬੋਲਿਆ। ਡਾ. ਚੀਮਾ ਨੇ ਦੋਸ਼ ਲਾਇਆ ਕਿ ਦੋਵੇਂ ਪਾਰਟੀਆਂ ਇਸ ਘਟਨਾ ਨੂੰ ਬਰਗਾੜੀ ਅਤੇ ਬਹਿਬਲ ਕਲਾਂ ਮਾਮਲਿਆਂ ਨਾਲ ਜੋੜ ਕੇ ਸਿਆਸੀਕਰਨ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਦੂਜੇ ਪਾਸੇ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਿਸੇ ਧਾਰਮਿਕ ਸੰਸਥਾ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਕਾਰਨ ਸਿੱਖ ਸੰਗਤ ਵਿੱਚ ਮੌਜੂਦ ਭਾਵਨਾਵਾਂ ਨੂੰ ਸਮਝਣ ਦੀ ਲੋੜ ਹੈ।

ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਕਾਰਨ ਸੰਗਤ ਵਿੱਚ ਰੋਸ ਹੈ, ਪਰ ਰਾਜਸੀ ਗੁੱਸੇ ਨੂੰ ਹਿੰਸਕ ਰੂਪ ਦੇਣਾ ਠੀਕ ਨਹੀਂ। ਭਾਜਪਾ ਵੱਲੋਂ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਘਟਨਾ ਨੂੰ ਦੁਖਦਾਈ ਅਤੇ ਚਿੰਤਾਜਨਕ ਦੱਸਿਆ, ਜਦਕਿ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਮਹਾਰਾਸ਼ਟਰ ਸਰਕਾਰ ਤੋਂ ਮੁਲਜ਼ਮ ਅਤੇ ਹਮਲੇ ਪਿੱਛੇ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਉਹ ਪਵਿੱਤਰ ਅਸਥਾਨ ਹਨ ਜਿੱਥੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ ਅਤੇ ਉੱਥੇ ਕਿਸੇ ਸ਼ਰਧਾਲੂ ’ਤੇ ਹਮਲਾ ਬਹੁਤ ਹੀ ਮੰਦਭਾਗਾ ਹੈ। ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਪੰਥ ਵਿਰੋਧੀ ਮਾਨਸਿਕਤਾ ਅਤੇ ਗੁਰੂ ਘਰ ਦੀ ਮਰਯਾਦਾ ਦੀ ਤੌਹੀਨ ਕਰਾਰ ਦਿੰਦਿਆਂ ਨਿਰਪੱਖ ਜਾਂਚ ਦੀ ਮੰਗ ਕੀਤੀ।

ਇਸੇ ਦੌਰਾਨ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰਦੁਆਰਾ ਕੰਪਲੈਕਸ ਵਿੱਚ ਹਮਲਾ ਕਰਨਾ ਉਚਿਤ ਨਹੀਂ, ਪਰ ਲੋਕਾਂ ਵਿੱਚ ਸੁਖਬੀਰ ਬਾਦਲ ਪ੍ਰਤੀ ਰੋਸ ਵੀ ਮੌਜੂਦ ਹੈ ਅਤੇ ਉਨ੍ਹਾਂ ਨੂੰ ਸਵੈ-ਚਿੰਤਨ ਕਰਨਾ ਚਾਹੀਦਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਵੀ ਕਿਹਾ ਕਿ ਪੰਥਕ ਭਾਵਨਾਵਾਂ ਤਹਿਤ ਬਾਦਲ ਪਰਿਵਾਰ ਨਾਲ ਨਾਰਾਜ਼ਗੀ ਹੋ ਸਕਦੀ ਹੈ, ਪਰ ਇਸ ਦਾ ਪ੍ਰਗਟਾਵਾ ਗੁਰਦੁਆਰੇ ਦੀ ਹਦੂਦ ਅੰਦਰ ਹਮਲੇ ਦੇ ਰੂਪ ਵਿੱਚ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ।

ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਫ਼ੋਨ ਕਰਕੇ ਸੁਖਬੀਰ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਲਈ ਅਤੇ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਬਾਰੇ ਪੁੱਛਿਆ। ਇਸ ਗੱਲਬਾਤ ਨੂੰ ਪੰਜਾਬ ਦੀ ਆਉਣ ਵਾਲੀ ਸਿਆਸੀ ਸਥਿਤੀ ਦੇ ਸੰਦਰਭ ਵਿੱਚ ਵੀ ਦੇਖਿਆ ਜਾ ਰਿਹਾ ਹੈ। ਹਾਲਾਂਕਿ ਭਾਜਪਾ ਨੇ ਅਧਿਕਾਰਤ ਤੌਰ ’ਤੇ ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਇਕੱਲਿਆਂ ਚੋਣ ਲੜਨ ਦੀ ਗੱਲ ਕਹੀ ਹੈ, ਪਰ ਦੋਵਾਂ ਧਿਰਾਂ ਦੇ ਸਬੰਧਾਂ ਵਿੱਚ ਨਰਮੀ ਦੇ ਸੰਕੇਤਾਂ ਨੂੰ ਲੈ ਕੇ ਸਿਆਸੀ ਚਰਚਾ ਜਾਰੀ ਹੈ।

ਇਸ ਪੂਰੇ ਮਾਮਲੇ ਵਿੱਚ ਹੁਣ ਸਭ ਦੀ ਨਜ਼ਰ ਪੁਲੀਸ ਅਤੇ ਏਟੀਐੱਸ ਦੀ ਜਾਂਚ ’ਤੇ ਹੈ ਕਿ ਜਸਪਾਲ ਸਿੰਘ ਵੱਲੋਂ ਹਮਲਾ ਕਰਨ ਦਾ ਅਸਲ ਕਾਰਨ ਕੀ ਸੀ ਅਤੇ ਕੀ ਇਸ ਘਟਨਾ ਪਿੱਛੇ ਕਿਸੇ ਹੋਰ ਵਿਅਕਤੀ ਜਾਂ ਤਾਕਤ ਦੀ ਭੂਮਿਕਾ ਹੈ।

Comments

Leave A Comment

Required fields are marked (*).

Related

Talk to us?