ਕੇਂਦਰ ਸਰਕਾਰ ਨੇ ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਕਿਸਾਨਾਂ ਨੂੰ ਹਾੜ੍ਹੀ ਮੰਡੀਕਰਨ ਸੀਜ਼ਨ 2026-27 ਲਈ ਇੱਕ ਵੱਡੀ ਰਾਹਤ ਦਿੱਤੀ ਹੈ। ਬੇਮੌਸਮੀ ਬਾਰਿਸ਼ ਕਾਰਨ ਪ੍ਰਭਾਵਿਤ ਹੋਈ ਕਣਕ ਦੀ ਫ਼ਸਲ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਨੇ ਖ਼ਰੀਦ ਦੇ ਮਾਪਦੰਡਾਂ ਵਿੱਚ ਵਿਸ਼ੇਸ਼ ਛੋਟ ਦੇਣ ਦਾ ਐਲਾਨ ਕੀਤਾ ਹੈ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ 'ਤੇ ਅਧਿਕਾਰਤ ਚਿੱਠੀ ਸਾਂਝੀ ਕਰਕੇ ਇਸ ਫੈਸਲੇ ਦੀ ਪੁਸ਼ਟੀ ਕੀਤੀ ਹੈ।
ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ (ਖੁਰਾਕ ਅਤੇ ਜਨਤਕ ਵੰਡ ਵਿਭਾਗ) ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿਚ ਹੋਈ ਬੇਮੌਸਮੀ ਬਾਰਿਸ਼ ਕਾਰਨ ਕਣਕ ਦੀ ਫ਼ਸਲ ਪ੍ਰਭਾਵਿਤ ਹੋਈ ਸੀ। ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਘੱਟ ਕਰਨ ਅਤੇ ਉਨ੍ਹਾਂ ਦੀ ਫ਼ਸਲ ਨੂੰ ਘੱਟ ਕੀਮਤ 'ਤੇ ਵਿਕਣ ਤੋਂ ਰੋਕਣ ਲਈ ਸਰਕਾਰ ਨੇ ਖ਼ਰੀਦ ਦੇ ਮਾਪਦੰਡਾਂ ਵਿੱਚ ਤੁਰੰਤ ਪ੍ਰਭਾਵ ਨਾਲ ਢਿੱਲ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਕਣਕ ਦੀ ਚਮਕ ਘਟਣ ਦੀ ਸੀਮਾ ਨੂੰ ਵਧਾ ਕੇ 70% ਤੱਕ ਕਰ ਦਿੱਤਾ ਗਿਆ ਹੈ। ਸੁੰਗੜੇ ਅਤੇ ਟੁੱਟੇ ਦਾਣਿਆਂ ਦੀ ਸੀਮਾ, ਜੋ ਪਹਿਲਾਂ 6% ਸੀ, ਉਸ ਨੂੰ ਵਧਾ ਕੇ ਹੁਣ 15% ਤੱਕ ਕਰ ਦਿੱਤਾ ਗਿਆ ਹੈ। ਪੂਰੀ ਤਰ੍ਹਾਂ ਖ਼ਰਾਬ ਅਤੇ ਮਾਮੂਲੀ ਖ਼ਰਾਬ ਹੋਏ ਦਾਣਿਆਂ ਦੀ ਕੁੱਲ ਮਾਤਰਾ 6% ਤੋਂ ਵੱਧ ਨਹੀਂ ਹੋਣੀ ਚਾਹੀਦੀ।
ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਨਰਮ ਕੀਤੇ ਨਿਯਮਾਂ ਤਹਿਤ ਖ਼ਰੀਦੀ ਗਈ ਕਣਕ ਨੂੰ ਵੱਖਰੇ ਤੌਰ 'ਤੇ ਸਟੋਰ ਕੀਤਾ ਜਾਵੇਗਾ ਅਤੇ ਇਸ ਦਾ ਹਿਸਾਬ-ਕਿਤਾਬ ਵੀ ਵੱਖਰਾ ਰੱਖਿਆ ਜਾਵੇਗਾ। ਇਸ ਸਟਾਕ ਨੂੰ ਪਹਿਲ ਦੇ ਅਧਾਰ 'ਤੇ ਜਨਤਕ ਵੰਡ ਪ੍ਰਣਾਲੀ ਲਈ ਭੇਜਿਆ ਜਾਵੇਗਾ। ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਸਟੋਰੇਜ ਦੌਰਾਨ ਕਣਕ ਦੀ ਗੁਣਵੱਤਾ ਵਿਚ ਕਿਸੇ ਵੀ ਤਰ੍ਹਾਂ ਦੀ ਗਿਰਾਵਟ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੀ ਹੋਵੇਗੀ। ਇਸ ਫੈਸਲੇ ਨਾਲ ਪੰਜਾਬ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਵਿਚ ਤੇਜ਼ੀ ਆਉਣ ਦੀ ਉਮੀਦ ਹੈ ਅਤੇ ਉਨ੍ਹਾਂ ਕਿਸਾਨਾਂ ਨੂੰ ਵੱਡੀ ਮਦਦ ਮਿਲੇਗੀ ਜਿਨ੍ਹਾਂ ਦੀ ਫ਼ਸਲ ਮੀਂਹ ਕਾਰਨ ਖ਼ਰਾਬ ਹੋ ਗਈ ਸੀ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਕੇਂਦਰੀ ਟੀਮ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੀਆਂ ਵੱਖ ਵੱਖ ਮੰਡੀਆਂ ਦੇ ਦੌਰੇ 'ਤੇ ਸਨ ਅਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਮੰਡੀਆਂ ’ਚੋਂ ਕਣਕ ਦੇ 300 ਦੇ ਕਰੀਬ ਨਮੂਨੇ ਭਰੇ ਗਏ ਸਨ। ਭਾਰਤੀ ਖ਼ੁਰਾਕ ਨਿਗਮ ਦੀ ਚੰਡੀਗੜ੍ਹ ਸਥਿਤ ਲੈਬ ’ਚ ਨਮੂਨਿਆਂ ਦੀ ਟੈਸਟਿੰਗ ਹੋਈ। ਸਮੁੱਚੇ ਨਮੂਨਿਆਂ ਦੀ ਰਿਪੋਰਟ ਮੁਕੰਮਲ ਹੋਣ ਮਗਰੋਂ ਕੇਂਦਰੀ ਟੀਮ ਨੇ ਰਿਪੋਰਟ ਖ਼ੁਰਾਕ ਮੰਤਰਾਲੇ ਨੂੰ ਭੇਜ ਦਿੱਤੀ ਗਈ ਤੇ ਅੱਜ ਕੇਂਦਰ ਵੱਲੋਂ ਰਾਹਤ ਦੇਣ ਬਾਰੇ ਚਿੱਠੀ ਜਾਰੀ ਕਰ ਦਿੱਤੀ ਗਈ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login