ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਥੇ ਉਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਦੋਹਾਂ ਵਿਚਾਲੇ ਇਹ ਮੁਲਾਕਾਤ ਦਰਬਾਰ ਸਾਹਿਬ ਨੂੰ ਆ ਰਹੀਆਂ ਧਮਕੀਆਂ ਦੇ ਮਾਮਲੇ ਨੂੰ ਲੈ ਕੇ ਹੋਈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਐਸਜੀਪੀਸੀ ਪ੍ਰਧਾਨ ਨਾਲ ਮਿਲਣ ਦਾ ਮੌਕਾ ਮਿਲਿਆ ਅਤੇ ਅਸੀਂ ਇੱਕ-ਦੂਜੇ ਨਾਲ ਬੈਠ ਕੇ ਖੁੱਲ੍ਹ ਕੇ ਗੱਲਬਾਤ ਕੀਤੀ। ਦਰਬਾਰ ਸਾਹਿਬ ਨੂੰ ਮਿਲ ਰਹੀਆਂ ਧਮਕੀ ਭਰੀਆਂ ਈ-ਮੇਲਾਂ ਦੀ ਗੰਭੀਰਤਾ ਨੂੰ ਸਮਝਦਿਆਂ ਸਰਕਾਰ ਵੱਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸਾਰੇ ਆਈਪੀ ਐਡਰੈਸ ਮਿਲ ਚੁੱਕੇ ਹਨ ਅਤੇ ਪੰਜਾਬ ਪੁਲਿਸ ਇਸ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਉਹਨਾਂ ਇਹ ਵੀ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਿਵਿਲ ਵਰਦੀ ਵਿੱਚ ਪੰਜਾਬ ਪੁਲਿਸ ਦੇ ਕਈ ਮੁਲਾਜ਼ਮ ਤੈਨਾਤ ਕੀਤੇ ਗਏ ਹਨ।
ਮਾਨ ਨੇ ਕਿਹਾ ਕਿ ਸੁਰੱਖਿਆ ਵਿਵਸਥਾ ਵਿਚ ਕੋਈ ਲਾਪਰਵਾਹੀ ਨਹੀਂ ਬਰਤੀ ਜਾਵੇਗੀ ਅਤੇ ਸੱਚਖੰਡ ਦੀ ਪਵਿੱਤਰਤਾ ਅਤੇ ਸ਼ਾਨ ਨੂੰ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਜੋ ਵੀ ਮੁੱਖ ਦੋਸ਼ੀ ਹਨ, ਉਹਨਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਅਸੀਂ ਉਹਨਾਂ ਦੇ ਬਹੁਤ ਨੇੜੇ ਪਹੁੰਚ ਚੁੱਕੇ ਹਾਂ। ਜਲਦ ਉਹਨਾਂ ਨੂੰ ਕਾਨੂੰਨੀ ਘੇਰੇ 'ਚ ਲਿਆਂਦਾ ਜਾਵੇਗਾ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਇਹ ਹਾਈ ਸਕਿਉਰਟੀ ਇਸ਼ੂ ਹੈ, ਇਸ ਲਈ ਇਸ ਤੋਂ ਵੱਧ ਜਾਣਕਾਰੀ ਨਹੀਂ ਦਿੱਤੀ ਜਾ ਸਕਦੀ।
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਦੱਸਿਆ ਕਿ ਕਈ ਦਿਨਾਂ ਤੋਂ ਲਗਾਤਾਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨੂੰ ਧਮਕੀ ਭਰੀਆਂ ਈਮੇਲਾਂ ਆ ਰਹੀਆਂ ਹਨ, ਜਿਸ ਸਬੰਧੀ ਅੱਜ ਮੁੱਖ ਮੰਤਰੀ ਨਾਲ ਵਿਚਾਰ-ਚਰਚਾ ਹੋਈ ਹੈ। ਉਹਨਾਂ ਕਿਹਾ ਕਿ ਧਮਕੀਆਂ ਦੇ ਮਾਮਲੇ ‘ਤੇ ਐਸਜੀਪੀਸੀ ਅਤੇ ਪੰਜਾਬ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਹਰ ਪੱਖੋਂ ਨਿਗਰਾਨੀ ਰੱਖੀ ਜਾ ਰਹੀ ਹੈ।
ਧਾਮੀ ਨੇ ਦੱਸਿਆ ਕਿ ਹੁਣ ਤੱਕ ਐਸਜੀਪੀਸੀ ਨੂੰ ਕਰੀਬ 10 ਧਮਕੀ ਭਰੀਆਂ ਈ-ਮੇਲਾਂ ਮਿਲ ਚੁੱਕੀਆਂ ਹਨ। ਇਹ ਮਾਮਲਾ ਸੰਵੇਦਨਸ਼ੀਲ ਹੋਣ ਕਰਕੇ ਸਰਕਾਰ ਅਤੇ ਪੁਲਿਸ ਵੱਲੋਂ ਪੂਰੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ ਹੈ ਕਿ ਜਦੋਂ ਵੀ ਪੁਲਿਸ ਜਾਂ ਜਾਂਚ ਏਜੰਸੀ ਨੂੰ ਕੋਈ ਵੀ ਸੁਝਾਅ ਜਾਂ ਜਾਣਕਾਰੀ ਮਿਲੇਗੀ, ਤੁਰੰਤ ਐਸਜੀਪੀਸੀ ਨੂੰ ਅਗਾਹ ਕਰ ਦਿੱਤਾ ਜਾਵੇਗਾ। ਧਾਮੀ ਨੇ ਇਹ ਵੀ ਸਾਫ ਕੀਤਾ ਕਿ ਮੁੱਖ ਮੰਤਰੀ ਨਾਲ ਸਮਾਗਮਾਂ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਗੱਲਬਾਤ ਨਹੀਂ ਹੋਈ। ਮੁਲਾਕਾਤ ਸਿਰਫ ਧਮਕੀਆਂ ਅਤੇ ਸੁਰੱਖਿਆ ਮਾਮਲਿਆਂ ਨੂੰ ਕੇਂਦਰ ਬਣਾਕੇ ਹੋਈ। ਉਹਨਾਂ ਆਖਿਆ ਕਿ ਧਰਮਿਕ ਸਥਾਨ ਦੀ ਸੁਰੱਖਿਆ ‘ਤੇ ਮੁੱਖ ਮੰਤਰੀ ਨੇ ਆਪਣੀ ਪੂਰੀ ਸਹਿਯੋਗੀ ਭੂਮਿਕਾ ਨਿਭਾਉਣ ਦਾ ਭਰੋਸਾ ਦਿੱਤਾ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login