ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੇ ਸੰਘਰਸ਼ ਨੇ ਮੱਧ ਪੂਰਬ ਨੂੰ ਜੰਗ ਦੀ ਕਗਾਰ 'ਤੇ ਲਿਆ ਕੇ ਖੜਾ ਕਰ ਦਿੱਤਾ ਹੈ। ਅਜਿਹੇ ਹਾਲਾਤਾਂ 'ਚ ਜਿੱਥੇ ਕੇਂਦਰ ਸਰਕਾਰ ਵੱਲੋਂ ਦੋਵਾਂ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਵਾਪਿਸ ਲਿਆਂਦਾ ਜਾ ਰਿਹਾ ਹੈ, ਉਥੇ ਹੀ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਵਾਂ ਦੇਸ਼ਾਂ ਵਿੱਚ ਸਥਿਤ ਗੁਰਦੁਆਰਾ ਸਾਹਿਬਾਨਾਂ ਅੰਦਰ ਬਿਰਾਜਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਆਪਣੀ ਚਿੰਤਾ ਜਾਹਰ ਕੀਤੀ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੰਗ ਦੇ ਦੌਰਾਨ ਬੰਬਾਰੀ ਕਰਦੇ ਹੋਏ ਕਦੇ ਵੀ ਇਹ ਨਹੀ ਵੇਖਿਆ ਜਾਂਦਾ ਕਿ ਕਿਸੇ ਧਾਰਮਿਕ ਅਸਥਾਨ ਦਾ ਨੁਕਸਾਨ ਨਾ ਹੋਵੇ, ਸੋ ਅਜਿਹੇ ਹਾਲਾਤਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਵੀ ਨੁਕਸਾਨ ਹੋ ਸਕਦਾ ਹੈ।
ਉਨ੍ਹਾਂ ਨੇ ਭਾਰਤ ਸਰਕਾਰ ਨੂੰ ਈਰਾਨ ਅਤੇ ਇਜ਼ਰਾਈਲ ਵਿਚ ਚੱਲ ਰਹੇ ਆਪਸੀ ਜੰਗ ਵਾਲੇ ਹਾਲਾਤਾਂ ਦੇ ਮੱਦੇਨਜ਼ਰ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਢੁੱਕਵੇਂ ਕਦਮ ਚੁੱਕਣ ਲਈ ਕਿਹਾ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਲਈ ਸਰਵਉੱਚ ਹਨ, ਜਿਨ੍ਹਾਂ ਦਾ ਸਤਿਕਾਰ ਤੇ ਸੁਰੱਖਿਆ ਸਿੱਖ ਪੰਥ ਲਈ ਸਭ ਤੋਂ ਅਹਿਮ ਹੈ। ਸੋ ਮੌਜੂਦਾ ਸਮੇਂ ਈਰਾਨ ਤੇ ਇਜ਼ਰਾਈਲ ਵਿਚ ਜੰਗ ਦੇ ਨਾਜ਼ੁਕ ਹਾਲਾਤਾਂ ਕਾਰਨ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ੁੰਮੇਵਾਰੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਨੂੰ ਆਪਣੇ ਕੂਟਨੀਤਕ ਸਬੰਧਾਂ ਅਤੇ ਅੰਤਰਰਾਸ਼ਟਰੀ ਮੰਚਾਂ ਦੀ ਵਰਤੋਂ ਕਰਦਿਆਂ ਈਰਾਨ ਅਤੇ ਇਜ਼ਰਾਈਲ ਦੀਆਂ ਸਰਕਾਰਾਂ ਨਾਲ ਸੰਪਰਕ ਕਰਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚੇ ਅਤੇ ਉਨ੍ਹਾਂ ਦਾ ਸਤਿਕਾਰ ਬਣਿਆ ਰਹੇ।
ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਈਰਾਨ ਅਤੇ ਇਜ਼ਰਾਈਲ ਵਿਚ ਵੱਸਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਸਥਾਨਕ ਸਰਕਾਰਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ’ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਭਾਰਤ ਸਰਕਾਰ ਤੋਂ ਉਮੀਦ ਕਰਦੀ ਹੈ ਕਿ ਇਸ ਸੰਵੇਦਨਸ਼ੀਲ ਮਾਮਲੇ ’ਤੇ ਤੁਰੰਤ ਕਾਰਵਾਈ ਕਰੇਗੀ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login