ADVERTISEMENTs

ਸ਼ਰਧਾ ਨਾਲ ਮਨਾਇਆ ਗਿਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਅੰਮ੍ਰਿਤਸਰ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਗੁਰਿੰਦਰਪਾਲ ਸਿੰਘ ਤੇ ਭਾਈ ਦਵਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। 

ਅਰਦਾਸ ਉਪਰੰਤ ਕਥਾਵਾਚਕ ਗਿਆਨੀ ਜਸਵੰਤ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਸਬੰਧੀ ਕਥਾ ਵਿਚਾਰ ਕੀਤੀ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ। ਇਸ ਮੌਕੇ ਹੋਏ ਗੁਰਮਤਿ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ ਅਤੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਸਮੇਂ ਢਾਡੀ, ਕਵੀਸ਼ਰ ਤੇ ਪ੍ਰਚਾਰਕ ਸਿੰਘਾਂ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸਰਵਨ ਕਰਵਾਇਆ ਅਤੇ ਕਵੀਆਂ ਵੱਲੋਂ ਗੁਰੂ ਸਾਹਿਬ ਜੀ ਨਾਲ ਸਬੰਧਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। 

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਗੁਰਧਾਮਾਂ ਤੇ ਸ਼ਰਧਾ ਨਾਲ ਹਾਜ਼ਰੀ ਭਰੀ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਿਸ਼ੇਸ ਤੌਰ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਸਨ। 

ਪੰਜਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੇ ਕੌਮ ਨੂੰ ਹੱਕ, ਸੱਚ ਦੀ ਰਾਖੀ ਲਈ ਸੰਘਰਸ਼ ਕਰਨ ਦੀ ਪ੍ਰੇਰਣਾ ਦਿੱਤੀ - ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਮਨੁੱਖਤਾ ਲਈ ਚਾਨਣ-ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਜੀ ਨੇ ਜਿਥੇ ਵੱਡਾ ਪਰਉਪਕਾਰ ਕਰਦਿਆਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਤਿਆਰ ਕਰਵਾਇਆ ਅਤੇ ਸੰਗਤਾਂ ਨੂੰ ਸ਼ਬਦ ਨਾਲ ਜੋੜਿਆ, ਉਥੇ ਗੁਰੂ ਸਾਹਿਬ ਦੀ ਸ਼ਹਾਦਤ ਨੇ ਸਿੱਖ ਕੌਮ ਨੂੰ ਹੱਕ, ਸੱਚ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ ਕਰਨ ਦੀ ਅਜਿਹੀ ਪ੍ਰੇਰਣਾ ਦਿੱਤੀ, ਜਿਸ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਧਰੇ ਹੋਰ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਬਰ, ਸੰਤੋਖ ਅਤੇ ਨਿਮਰਤਾ ਨਾਲ ਸੱਚ ਦਾ ਰਾਹ ਚੁਣਿਆ ਅਤੇ ਸਿੱਖੀ ਦੀਆਂ ਨੀਹਾਂ ਨੂੰ ਅਟੱਲ ਕੀਤਾ।ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਗੁਰਬਾਣੀ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video