ਮੁਸਲਿਮ ਭਾਈਚਾਰੇ ਦੀ ਜਮੀਅਤ ਉਲੇਮਾ-ਏ-ਹਿੰਦ ਸੰਸਥਾ ਦੇ ਇੱਕ ਵਫ਼ਦ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਮੁਲਾਕਾਤ ਕੀਤੀ। ਇਸ ਦੌਰਾਨ ਮੁਸਲਿਮ ਵਫ਼ਦ ਅਤੇ ਜਥੇਦਾਰ ਗੜਗੱਜ ਵਿਚਕਾਰ ਸਿੱਖ-ਮੁਸਲਿਮ ਆਪਸੀ ਸਾਂਝ, ਸਦਭਾਵਨਾ ਅਤੇ ਦੋਵੇਂ ਧਰਮਾਂ ਦੇ ਸਨਮੁਖ ਚੁਣੌਤੀਆਂ ਸਬੰਧੀ ਵਿਚਾਰਾਂ ਹੋਈਆਂ। ਮੁਸਲਿਮ ਵਫ਼ਦ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਦੀ ਸੰਸਥਾ ਨੇ ਸਿੱਖਾਂ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ ਲੰਮੇ ਸਮੇਂ ਤੋਂ ਸਾਂਝ ਬਣਾ ਕੇ ਰੱਖੀ ਹੋਈ ਹੈ ਤਾਂ ਜੋ ਦੋਵੇਂ ਭਾਈਚਾਰਿਆਂ ਵਿੱਚ ਆਪਸੀ ਸਾਂਝ ਕਾਇਮ ਰਹੇ ਅਤੇ ਕੋਈ ਮਤਭੇਦ ਜਾਂ ਮਸਲਾ ਸਾਹਮਣੇ ਆਉਣ ਉੱਤੇ ਮਿਲ ਬੈਠ ਕੇ ਸੁਖਾਵੇਂ ਮਾਹੌਲ ਵਿੱਚ ਹੱਲ ਕਰ ਲਿਆ ਜਾਵੇ।
ਮੁਸਲਿਮ ਵਫ਼ਦ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਰੋਸਾ ਦਿੱਤਾ ਗਿਆ ਕਿ ਜੇਕਰ ਸਿੱਖ ਸੰਸਥਾਵਾਂ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਕੋਈ ਮਸਲਾ ਲਿਆਂਦਾ ਜਾਵੇਗਾ ਤਾਂ ਉਨ੍ਹਾਂ ਦੇ ਆਗੂਆਂ ਵੱਲੋਂ ਇਸ ਨੂੰ ਹੱਲ ਕਰਨ ਲਈ ਸਿੱਖਾਂ ਨਾਲ ਤਾਲਮੇਲ ਕਰਕੇ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਪਸੀ ਸਾਂਝ ਕਾਇਮ ਰਹੇ। ਇਸ ਬਦਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵੀ ਮੁਸਲਿਮ ਵਫ਼ਦ ਨੂੰ ਸਿੱਖਾਂ ਦੀ ਤਰਫ਼ੋਂ ਅਜਿਹਾ ਹੀ ਭਰੋਸਾ ਦਿੱਤਾ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਮੁਲਕ ਦੀ ਖੂਬਸੂਰਤੀ ਹੀ ਇਸ ਗੱਲ ਵਿੱਚ ਹੈ ਕਿ ਇੱਥੇ ਆਪਸੀ ਭਾਈਚਾਰਾ ਅਤੇ ਸਾਂਝ ਕਾਇਮ ਹੈ, ਜਿਸ ਕਰਕੇ ਫਿਰਕੂ ਸ਼ਕਤੀਆਂ ਸਫ਼ਲ ਨਹੀਂ ਹੁੰਦੀਆਂ। ਇਸ ਦੌਰਾਨ ਜਮੀਅਤ ਉਲੇਮਾ-ਏ-ਹਿੰਦ ਦੇ ਵਫ਼ਦ ਨੇ ਜਥੇਦਾਰ ਗੜਗੱਜ ਨਾਲ ਵਕਫ਼ ਬੋਰਡ ਤੇ ਹੋਰ ਧਾਰਮਿਕ ਮਾਮਲਿਆਂ ਸਬੰਧੀ ਵੀ ਵਿਚਾਰਾਂ ਕੀਤੀਆਂ।
ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਦੇਸ਼ ਸਾਰਿਆਂ ਦਾ ਸਾਂਝਾ ਹੈ ਅਤੇ ਸਾਰੇ ਭਾਈਚਾਰਿਆਂ ਨੂੰ ਇੱਥੇ ਖੁਸ਼ੀ ਦੇ ਨਾਲ ਰਹਿਣ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਅਜਿਹਾ ਕੰਮ ਨਹੀਂ ਹੋਣਾ ਚਾਹੀਦਾ ਜਿਸ ਨਾਲ ਕਿਸੇ ਕੌਮ ਨੂੰ ਇਹ ਲੱਗੇ ਕਿ ਉਨ੍ਹਾਂ ਦੇ ਹੱਕ ਖੋਹੇ ਜਾ ਰਹੇ ਹਨ। ਸਾਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਤੋਂ ਸੇਧ ਲੈਣ ਦੀ ਲੋੜ ਹੈ ਕਿ ਜਦੋਂ ਉਨ੍ਹਾਂ ਦਾ ਰਾਜ ਸੀ ਤਾਂ ਉਨ੍ਹਾਂ ਦੀ ਕੈਬਨਿਟ ਵਿੱਚ ਵੱਖ-ਵੱਖ ਕੌਮਾਂ ਦੇ ਨੁਮਾਇੰਦੇ ਸ਼ਾਮਲ ਸਨ ਜਿਨ੍ਹਾਂ ਦਾ ਬਰਾਬਰ ਸਨਮਾਨ ਸੀ। ਉਨ੍ਹਾਂ ਕਿਹਾ ਕਿ ਸਾਰੀਆਂ ਕੌਮਾਂ ਦਾ ਮਾਨ ਸਨਮਾਨ ਕਾਇਮ ਰਹਿਣਾ ਚਾਹੀਦਾ ਹੈ ਅਤੇ ਕਿਸੇ ਦੇ ਵੀ ਅਧਿਕਾਰ ਖੋਹਣ ਦਾ ਹੱਕ ਕਿਸੇ ਨੂੰ ਨਹੀਂ ਹੋਣਾ ਚਾਹੀਦਾ।
ਜਥੇਦਾਰ ਗੜਗੱਜ ਨੇ ਕਿਹਾ ਕਿ ਬੰਦੀ ਸਿੰਘ ਜੋ ਬੀਤੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਅੰਦਰ ਨਜ਼ਰਬੰਦ ਹਨ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਉਨ੍ਹਾਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਪਰ ਜਦੋਂ ਕਿਤੇ ਘੱਟ-ਗਿਣਤੀਆਂ ਦੇ ਹੱਕਾਂ ਨੂੰ ਦੱਬਣ ਦੀ ਗੱਲ ਆਉਂਦੀ ਹੈ ਉੱਥੇ ਝੱਟ ਹੀ ਬਿਲ ਪਾਸ ਹੋ ਜਾਂਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਘੱਟ-ਗਿਣਤੀਆਂ ਦੇ ਹੱਕਾਂ ਲਈ ਬਿਲ ਕਿੱਥੇ ਪਾਸ ਹੋਣ? ਉਨ੍ਹਾਂ ਕਿਹਾ ਕਿ ਇਹ ਦੇਸ਼ ਸਾਰਿਆਂ ਦਾ ਸਾਂਝਾ ਹੈ ਜਿੱਥੇ ਵੱਖ-ਵੱਖ ਸਭਿਆਚਾਰ, ਧਰਮ ਅਤੇ ਬੋਲੀਆਂ ਹਨ ਅਤੇ ਸਾਰਿਆਂ ਨੂੰ ਬਰਾਬਰ ਮਾਣ ਸਨਮਾਨ ਮਿਲਣਾ ਚਾਹੀਦਾ ਹੈ।
ਮੁਸਲਿਮ ਵਫ਼ਦ ਵਿੱਚ ਜਮੀਅਤ ਉਲੇਮਾ-ਏ-ਹਿੰਦ ਦੇ ਜਨਰਲ ਸਕੱਤਰ ਮੌਲਾਨਾ ਹਕੀਮੁਦੀਨ ਕਾਸਮੀ, ਓਵੈਸ ਸੁਲਤਾਨ ਖਾਨ, ਮੌਲਾਨਾ ਅਲੀ ਹਸਨ, ਮੌਲਾਨਾ ਆਰਿਫ਼, ਮੁਫਤੀ ਮਹਿਦੀ ਹਸਨ ਆਈਨੀ, ਮੌਲਾਨਾ ਜਾਵੇਦ ਸਿੱਦੀਕੀ ਆਦਿ ਸ਼ਾਮਲ ਸਨ।
Comments
Start the conversation
Become a member of New India Abroad to start commenting.
Sign Up Now
Already have an account? Login