ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ।
ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ’ਚੋਂ ਹੁੰਦਾ ਹੋਇਆ ਸ੍ਰੀ ਗੁਰੂ ਰਾਮਦਾਸ ਨਿਵਾਸ, ਚੌਕ ਪਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ, ਗਲਿਆਰਾ, ਗੁਰਦੁਆਰਾ ਕੌਲਸਰ ਸਾਹਿਬ, ਆਟਾ ਮੰਡੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ।
ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਵਿਚ ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਸੰਸਾਰ ਅੰਦਰ ਵਿਲੱਖਣ ਇਤਿਹਾਸ ਦੀ ਸਿਰਜਣਾ ਕੀਤੀ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਦਿਖਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਵੀ ਕੀਤੀ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਪ੍ਰੀਤਪਾਲ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਸਮੇਤ ਸੰਗਤਾਂ ਹਾਜ਼ਰ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login