ADVERTISEMENTs

ਬਾਬਾ ਰਾਮ ਦੇਵ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਹੜ੍ਹ ਪੀੜਤਾਂ ਦੀ ਸਹਾਇਤਾ ਲਈ ਬਾਬਾ ਰਾਮ ਦੇਵ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ

ਬਾਬਾ ਰਾਮਦੇਵ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ / Courtesy Photo

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪਤੰਜਲੀ ਯੋਗ ਪੀਠ ਹਰਿਦੁਆਰ ਦੇ ਮੁਖੀ ਬਾਬਾ ਰਾਮ ਦੇਵ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ 1 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਬਾਬਾ ਰਾਮ ਦੇਵ ਅਤੇ ਉਨ੍ਹਾਂ ਨਾਲ ਮੁੰਬਈ ਤੋਂ ਆਏ ਸ. ਹਰਪ੍ਰੀਤ ਸਿੰਘ ਮਿਨਹਾਸ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਲੋਈ ਦੇ ਕੇ ਸਨਮਾਨਿਤ ਕੀਤਾ।

 

ਇਸ ਮੌਕੇ ਬਾਬਾ ਰਾਮ ਦੇਵ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਬੇਹੱਦ ਸ਼ਾਂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਉਪਕਾਰ ਸਾਰੀ ਮਨੁੱਖਤਾ ’ਤੇ ਹਨ, ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਗੁਰੂ ਸਾਹਿਬਾਨ ਵੱਲੋਂ ਵਰੋਸਾਏ ਇਸ ਪਾਵਨ ਅਸਥਾਨ ’ਤੇ ਕਿਸੇ ਤਰ੍ਹਾਂ ਵੀ ਧਰਮ, ਜਾਤ ਤੇ ਮਜ਼੍ਹਬ ਦਾ ਭੇਦ ਨਹੀਂ ਕੀਤਾ ਜਾਂਦਾ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹਾਂ ਦੌਰਾਨ ਕੀਤੀਆਂ ਗਈਆਂ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਪਤੰਜਲੀ ਯੋਗ ਪੀਠ ਵੱਲੋਂ ਵੀ ਸਹਿਯੋਗ ਕਰਨ ਦੀ ਵਚਨਬੱਧਤਾ ਪ੍ਰਗਟਾਈ।

 

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ’ਚ ਹੜ੍ਹਾਂ ਨਾਲ ਵੱਡਾ ਨੁਕਸਾਨ ਹੋਇਆ ਹੈ ਅਤੇ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਹੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਨਿਰੰਤਰ ਸੇਵਾਵਾਂ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਵਿਚ ਦੇਸ਼ ਵਿਦੇਸ਼ ਤੋਂ ਸਿੱਖ ਸੰਗਤਾਂ ਅਤੇ ਸੰਸਥਾਵਾਂ ਵੱਲੋਂ ਵੀ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ ਬਾਬਾ ਰਾਮ ਦੇਵ ਨੇ ਵੀ ਆਪਣੀ ਸੰਸਥਾ ਵੱਲੋਂ 1 ਕਰੋੜ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ ਹੈ। ਐਡਵੋਕੇਟ ਧਾਮੀ ਨੇ ਬਾਬਾ ਰਾਮ ਦੇਵ ਅਤੇ ਉਨ੍ਹਾਂ ਦੀ ਸੰਸਥਾ ਦਾ ਧੰਨਵਾਦ ਕੀਤਾ।

 

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਬਾਬਾ ਰਾਮ ਦੇਵ ਨੂੰ ਸੱਦਾ ਵੀ ਦਿੱਤਾ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video