ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਮੇਂ ਸਮੇਂ ਹਾਕਮਾਂ ਨੇ ਸਿੱਖਾਂ ਦੇ ਕੇਂਦਰੀ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹਮਲੇ ਕਰਕੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਸੂਬਾ ਮੋਰਚੇ ਦੌਰਾਨ ਸਿੱਖਾਂ ਦੀ ਅਵਾਜ਼ ਨੂੰ ਦਬਾਉਣ ਲਈ ਵੀ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ 4 ਜੁਲਾਈ 1955 ਨੂੰ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ ਸੀ, ਜਿਸ ਨੂੰ ਕੌਮ ਭੁਲਾ ਨਹੀਂ ਸਕਦੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸਿੱਖਾਂ ਨਾਲ ਸਰਕਾਰਾਂ ਵੱਲੋਂ ਹਮੇਸ਼ਾਂ ਨਾ-ਇਨਸਾਫ਼ੀ ਕੀਤੀ ਜਾਂਦੀ ਰਹੀ ਹੈ। ਭਾਸ਼ਾ ਦੇ ਅਧਾਰ ’ਤੇ ਬਣੇ ਸੂਬਿਆਂ ਸਮੇਂ ਵੀ ਪੰਜਾਬੀਆਂ ਨਾਲ ਵਿਤਕਰਾ ਕੀਤਾ ਗਿਆ। ਇਸ ਦੇ ਵਿਰੋਧ ਵਿਚ ਜਦੋਂ ਸਿੱਖ ਕੌਮ ਨੇ ਪੰਜਾਬੀ ਸੂਬਾ ਮੋਰਚਾ ਲਗਾਇਆ ਤਾਂ ਸਰਕਾਰ ਵੱਲੋਂ ਆਪਣੀ ਤਾਕਤ ਦੀ ਦੁਰਵਰਤੋਂ ਕਰਕੇ ਅਕਾਲੀ ਯੋਧਿਆਂ ਨੂੰ ਜੇਲ੍ਹਾਂ ਵਿਚ ਡੱਕ ਦਿੱਤਾ ਗਿਆ।
ਇਸੇ ਤਹਿਤ ਹੀ ਪੁਲਿਸ ਫੋਰਸ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਕੀਤੀ, ਜੋ ਸਿੱਖਾਂ ਨੂੰ ਵਿਤਕਰੇ ਵਖਰੇਵੇਂ ਦਾ ਅਹਿਸਾਸ ਕਰਵਾਉਣ ਵਾਲੀ ਸੀ। ਉਨ੍ਹਾਂ ਆਖਿਆ ਕਿ ਸਿੱਖਾਂ ਨੇ ਹਮੇਸ਼ਾ ਇਸ ਦੇਸ਼ ਲਈ ਲੜਾਈਆਂ ਲੜੀਆਂ ਪਰ ਸਰਕਾਰਾਂ ਨੇ ਸਿੱਖਾਂ ਦੀਆਂ ਹੱਕੀ ਮੰਗਾਂ ਨੂੰ ਸਦਾ ਨਜ਼ਰਅੰਦਾਜ਼ ਕੀਤਾ ਹੈ। ਇਸ ਦੌਰਾਨ ਸਜਾਏ ਗਏ ਧਾਰਮਿਕ ਦੀਵਾਨ ਸਮੇਂ ਢਾਡੀ ਜਥਿਆਂ ਨੇ ਵੀ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਦਰ ਸਿੰਘ ਮੰਨਣ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਅਤੇ ਸੰਗਤਾਂ ਮੌਜੂਦ ਸਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login