ADVERTISEMENTs

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ

ਸਾਰੇ ਰਸਤੇ ਨਗਰ ਕੀਰਤਨ ਨਾਲ ਚੱਲਦੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਚੌਥੇ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੀਆਂ ਸਨ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨਗਰ ਕੀਰਤਨ / Courtesy

ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਨਿਭਾਈ ਗਈ। ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। 

ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਾ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਵੱਖ-ਵੱਖ ਥਾਵਾਂ ’ਤੇ ਸਭਾ-ਸੁਸਾਇਟੀਆਂ ਅਤੇ ਸੰਗਤਾਂ ਨੇ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਪ੍ਰਬੰਧ ਵੀ ਕੀਤਾ ਹੋਇਆ ਸੀ। 

ਸਾਰੇ ਰਸਤੇ ਨਗਰ ਕੀਰਤਨ ਨਾਲ ਚੱਲਦੀਆਂ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਚੌਥੇ ਪਾਤਸ਼ਾਹ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੀਆਂ ਸਨ। ਨਗਰ ਕੀਰਤਨ ਮੌਕੇ ਘੰਟਾ ਘਰ ਪਲਾਜ਼ਾ ਵਿਖੇ ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ ਗਈ।

ਨਗਰ ਕੀਰਤਨ ’ਚ ਸ਼ਾਮਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਉਪਦੇਸ਼ਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਅਤੇ ਗੁਰਮਤਿ ਰਹਿਣੀ ਦੇ ਧਾਰਨੀ ਹੋਣਾ ਹਰ ਸਿੱਖ ਦਾ ਮੁੱਢਲਾ ਫ਼ਰਜ਼ ਹੈ। 

ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਬਾਣੀ ਤੇ ਬਾਣੇ ਧਾਰਨੀ ਹੋਣ ਲਈ ਪ੍ਰੇਰਿਆ।

ਨਗਰ ਕੀਰਤਨ ਦੌਰਾਨ ਵੱਖ-ਵੱਖ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਤੇ ਸੰਗਤਾਂ ਤੋਂ ਇਲਾਵਾ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ, ਸ੍ਰ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਸਮੇਤ ਪੰਥਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ’ਚ ਸੰਗਤਾਂ ਮੌਜੂਦ ਸਨ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video