ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵਿਚਾਲੇ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਜਿਸ ਕਾਰਨ ਆਏ ਦਿਨ ਅਜਿਹੀਆਂ ਘਟਨਾਵਾਂ ਵਾਪਰਦੀਆਂ ਸਨ ਕਿ ਸਮੁੱਚੇ ਸਿੱਖ ਜਗਤ ਵਿੱਚ ਤਣਾਅ ਅਤੇ ਚਿੰਤਾਂ ਦਾ ਮਾਹੌਲ ਪੈਦਾ ਹੁੰਦਾ ਸੀ। ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਆਦੇਸ਼ ਮੁਤਾਬਿਕ ਚੱਲਦਿਆਂ ਹੁਣ ਦੋਵਾਂ ਧਿਰਾਂ ਨੇ ਇਸ ਆਪਸੀ ਵਿਵਾਦ ਨੂੰ ਹੱਲ ਕਰ ਲਿਆ ਹੈ। ਪੰਥਕ ਸੰਸਥਾਵਾਂ ਨੇ ਵਿਵਾਦ ਦੇ ਹੱਲ ਹੋਣ ’ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਇਸ ਨੂੰ ਚੰਗਾ ਕਦਮ ਕਰਾਰ ਦਿੱਤਾ ਹੈ।
ਜਾਣਕਾਰੀ ਮੁਤਾਬਿਕ ਇਸ ਵਿਵਾਦ ਦੇ ਹੱਲ ਲਈ ਮੁੰਬਈ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਗੁਰਿੰਦਰ ਸਿੰਘ ਬਾਵਾ ਨੇ ਮਹੱਤਵਪੂਰਨ ਭੂਮਿਕਾ ਨਿਭਾਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਵੱਲੋਂ ਲਿਆ ਗਿਆ ਫੈਸਲਾ ਦੂਰਦਰਸ਼ੀ ਕਦਮ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਆਪਸੀ ਮਾਮਲਿਆਂ ਨੂੰ ਮਿਲ ਬੈਠ ਕੇ ਹੱਲ ਕਰਨਾ ਸਾਡੀਆਂ ਪ੍ਰੰਪਰਾਵਾਂ ਰਹੀਆਂ ਹਨ ਅਤੇ ਇਸ ਨਾਲ ਪੰਥਕ ਏਕਤਾ ਦੀ ਭਾਵਨਾ ਮਜਬੂਤ ਹੁੰਦੀ ਹੈ। ਉਨ੍ਹਾਂ ਭਵਿੱਖ ਵਿਚ ਵੀ ਕੌਮੀ ਮਾਮਲਿਆਂ ਦੇ ਹੱਲ ਲਈ ਆਪਸੀ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੌਮ ਦੀਆਂ ਸੰਸਥਾਵਾਂ ਸਿਰ ਜੋੜ ਕੇ ਪੰਥਕ ਮਾਮਲਿਆਂ ਦੇ ਸਰਲੀਕਰਨ ਲਈ ਦ੍ਰਿੜ੍ਹ ਸੰਕਲਪ ਹੋਣਗੀਆਂ ਤਾਂ ਸਿੱਖ ਕੌਮ ਦੀ ਚੜ੍ਹਦੀ ਕਲਾ ਨੂੰ ਕੋਈ ਵੀ ਸ਼ਕਤੀ ਰੋਕ ਨਹੀਂ ਸਕਦੀ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਿੰਦਰ ਸਿੰਘ ਬਾਵਾ ਨੇ ਗੱਲ ਕਰਦਿਆਂ ਕਿਹਾ ਕਿ ਕੌਮੀ ਸੰਸਥਾਵਾਂ ਵਿਚ ਆਪਸੀ ਸਹਿਯੋਗ ਬੇਹੱਦ ਜਰੂਰੀ ਹੈ ਅਤੇ ਇਸ ਦਿਸ਼ਾ ਵਿਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਕਦਮ ਸਲਾਹੁਣਯੋਗ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਸਲੇ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਆਰੰਭਕ ਯਤਨ ਵੀ ਵਿਸ਼ੇਸ਼ ਤੌਰ ‘ਤੇ ਉਲੇਖਯੋਗ ਹਨ।
Comments
Start the conversation
Become a member of New India Abroad to start commenting.
Sign Up Now
Already have an account? Login