ADVERTISEMENT

ADVERTISEMENT

ਸ਼੍ਰੋਮਣੀ ਕਮੇਟੀ ਵਫ਼ਦ ਨੂੰ ਅਮਰੀਕਾ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਵੱਲੋਂ ਕੀਤਾ ਗਿਆ ਸਨਮਾਨਿਤ

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸੰਗਤਾਂ ਨਾਲ ਪਾਈ ਸਾਂਝ

 ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ / Provided

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅਮਰੀਕਾ ਗਏ ਉੱਚ ਪੱਧਰੀ ਵਫ਼ਦ ਨੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਨਤਮਸਤਕ ਹੋ ਕੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਦਲ ਬਾਬਾ ਬਿਧੀਚੰਦ ਜੀ ਸੰਪ੍ਰਦਾ ਦੇ ਪੜਾਅ ਲੈਥਰੋਪ, ਕੈਲੀਫੋਰਨੀਆ, ਦਮਦਮੀ ਟਕਸਾਲ ਦੇ ਪ੍ਰਬੰਧ ਵਾਲੇ ਗੁਰਦੁਆਰਾ ਗੁਰਮਤਿ ਪ੍ਰਕਾਸ਼ ਮਨਟਿੱਕਾ ਅਤੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼, ਫਰੀਜ਼ਨੋ ਸਮੇਤ ਹੋਰ ਅਸਥਾਨਾਂ ’ਤੇ ਪੁੱਜਾ, ਜਿਥੇ ਪ੍ਰਬੰਧਕਾਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵਫ਼ਦ ਵਿਚ ਸ਼ਾਮਲ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਅਤੇ ਸਿੱਖ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਸ਼ਮੂਲੀਅਤ ਕਰਦਿਆਂ ਸ਼੍ਰੋਮਣੀ ਕਮੇਟੀ ਵਫ਼ਦ ਦਾ ਨਿੱਘਾ ਸਵਾਗਤ ਵੀ ਕੀਤਾ ਗਿਆ। 

 

ਸਵਾਗਤ ਦੇ ਦ੍ਰਿਸ਼ / Provided

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼, ਫਰੀਜ਼ਨੋ ਵਿਖੇ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਸਿੱਖ ਭਾਈਚਾਰੇ ਨੇ ਆਪਣੀ ਮਿਹਨਤ, ਸਮਰਪਣ ਅਤੇ ਗੁਰੂ ਘਰ ਨਾਲ ਜੁੜਾਅ ਸਦਕਾ ਸਿੱਖੀ ਦੀ ਵਿਲੱਖਣ ਪਛਾਣ ਨੂੰ ਸੰਸਾਰ ਭਰ ਵਿਚ ਸਥਾਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ, ਗੁਰਮਤਿ ਸਿਧਾਂਤਾਂ ਦੇ ਪ੍ਰਚਾਰ ਅਤੇ ਸਿੱਖ ਨੌਜਵਾਨੀ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਅਹਿਮ ਜਥੇਬੰਦੀ ਦਮਦਮੀ ਟਕਸਾਲ ਵੱਲੋਂ ਵੀ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਹਮੇਸ਼ਾ ਵੱਡੀਆਂ ਜ਼ੁੰਮੇਵਾਰੀਆਂ ਨਿਭਾਈਆਂ ਗਈਆਂ ਹਨ। ਪੰਥਕ ਕਾਰਜਾਂ ਲਈ ਦਮਦਮੀ ਟਕਸਾਲ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਹਮੇਸ਼ਾ ਭਰਵਾਂ ਸਹਿਯੋਗ ਮਿਲਿਆ ਹੈ, ਜਿਸ ਲਈ ਉਹ ਸੰਸਥਾ ਦੇ ਧੰਨਵਾਦੀ ਹਨ। 

ਸੰਗਤਾਂ ਨੂੰ ਸੰਬੋਧਨ ਕਰਦੇ ਹੋਏ / Provided

ਇਸੇ ਦੌਰਾਨ ਦਲ ਬਾਬਾ ਬਿਧੀਚੰਦ ਸੰਪ੍ਰਦਾ ਦੇ ਪੜਾਅ ਲੈਥਰੋਪ ਵਿਖੇ ਐਡਵੋਕੇਟ ਧਾਮੀ ਨੇ ਸੰਬੋਧਨ ਕਰਦਿਆਂ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੀ ਅਗਵਾਈ ਵਿਚ ਦਲ ਬਾਬਾ ਬਿਧੀਚੰਦ ਸੰਪ੍ਰਦਾ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਵਿਸ਼ੇਸ਼ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਬਾਬਾ ਅਵਤਾਰ ਵੱਲੋਂ ਪੰਥਕ ਮਾਮਲਿਆਂ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਹਮੇਸ਼ਾ ਭਰਵਾਂ ਸਹਿਯੋਗ ਮਿਲਿਆ ਹੈ ਅਤੇ ਅੱਗੋਂ ਵੀ ਉਹ ਇਸੇ ਤਰ੍ਹਾਂ ਸਹਿਯੋਗ ਦੀ ਆਸ ਰੱਖਦੇ ਹਨ। ਐਡਵੋਕੇਟ ਧਾਮੀ ਨੇ ਸਵਰਗੀ ਸ. ਦੀਦਾਰ ਸਿੰਘ ਬੈਂਸ ਵੱਲੋਂ ਯੂਬਾਸਿਟੀ ਵਿਖੇ ਦਿੱਤੀ ਗਈ ਜ਼ਮੀਨ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਥਾਪਤ ਕੀਤੀ ਜਾ ਰਹੀ ਪ੍ਰੈੱਸ ਅਤੇ ਧਰਮ ਪ੍ਰਚਾਰ ਕੇਂਦਰ ਲਈ ਸਮੂਹ ਸਥਾਨਕ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਨੂੰ ਭਰਵੇਂ ਸਹਿਯੋਗ ਲਈ ਅਪੀਲ ਵੀ ਕੀਤੀ।


ਇਸ ਮੌਕੇ ਸਥਾਨਕ ਸਿੱਖ ਆਗੂਆਂ ਨੇ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ, ਧਾਰਮਿਕ ਅਤੇ ਵਿਦਿਅਕ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਸੰਸਥਾ ਨੂੰ ਹਰ ਤਰ੍ਹਾਂ ਸਹਿਯੋਗ ਦਾ ਭਰੋਸਾ ਦਿੱਤਾ। ਇਸ ਮੌਕੇ ਸਥਾਨਕ ਪ੍ਰਬੰਧਕ ਬਾਬਾ ਜੋਗਿੰਦਰ ਸਿੰਘ, ਬਾਬਾ ਧਰਮ ਸਿੰਘ, ਬਾਬਾ ਸਾਹਬ ਸਿੰਘ, ਭਾਈ ਸਰਵਨ ਸਿੰਘ ਨਿਹੰਗ, ਭਾਈ ਹਰਪਾਲ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

Comments

Related