ਬੀਤੇ ਕੁਝ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਿੰਘ ਸਾਹਿਬਾਨ ਵਿਚਕਾਰ ਚੱਲ ਰਹੇ ਵਿਵਾਦ ਦਾ ਮਾਮਲਾ ਖ਼ਾਲਸਾ ਪੰਥ ਦੇ ਵਡੇਰੇ ਹਿੱਤਾਂ, ਪੰਥਕ ਇਕਜੁੱਟਤਾ ਅਤੇ ਦੇਸ਼ ਵਿਦੇਸ਼ ਵਿੱਚ ਵੱਸਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਪੂਰਨ ਰੂਪ ਵਿੱਚ ਹੱਲ ਕਰ ਲਿਆ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਵਿੱਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨਾਲ ਸਬੰਧਤ ਮਾਮਲੇ ਵਿਚਾਰੇ ਗਏ ਅਤੇ ਆਪਸੀ ਸਹਿਮਤੀ ਤੇ ਸਹਿਯੋਗ ਨਾਲ ਮਾਮਲਾ ਹੱਲ ਕਰ ਲਿਆ ਗਿਆ।
ਇਸ ਇਕੱਤਰਤਾ ਵਿੱਚ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਤਿੰਨ ਗ੍ਰੰਥੀ ਸਿੰਘ ਸਾਹਿਬਾਨ ਗਿਆਨੀ ਰਾਜਦੀਪ ਸਿੰਘ, ਗਿਆਨੀ ਸੁਲਤਾਨ ਸਿੰਘ, ਗਿਆਨੀ ਕੇਵਲ ਸਿੰਘ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਨੇ ਸ਼ਮੂਲੀਅਤ ਕੀਤੀ।
ਇਕੱਤਰਤਾ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਡੀਆ ਨਾਲ ਗੱਲ ਕਰਦਿਆਂ ਜਾਣਕਾਰੀ ਸਾਂਝੀ ਕੀਤੀ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਬੰਧ ਵਿੱਚ ਬੀਤੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਏ ਗਏ ਫ਼ੈਸਲਿਆਂ ਨੂੰ ਖ਼ਾਲਸਾ ਪੰਥ ਦੇ ਵਡੇਰੇ ਹਿੱਤਾਂ ਅਤੇ ਪੰਥਕ ਇਕਜੁੱਟਤਾ ਦੀ ਭਾਵਨਾ ਦੇ ਮੱਦੇਨਜ਼ਰ ਮੁੜ ਵਿਚਾਰ ਕਰਨ ਲਈ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ 12 ਮਈ ਨੂੰ ਇੱਕ ਪੱਤਰ ਪ੍ਰਾਪਤ ਹੋਇਆ ਸੀ। ਇਸ ਪੱਤਰ ਵਿੱਚ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨੇ ਪੰਜਾਂ ਤਖ਼ਤ ਸਾਹਿਬਾਨ ਵਿੱਚੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਸਮਰਪਣ ਦਰਜ ਕਰਵਾਇਆ ਅਤੇ ਅਗਾਂਹ ਵੀ ਹਮੇਸ਼ਾ ਸਮਰਪਿਤ ਰਹਿਣ ਦਾ ਪ੍ਰਣ ਕੀਤਾ।
ਜਥੇਦਾਰ ਗੜਗੱਜ ਨੇ ਕਿਹਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਤੋਂ ਪ੍ਰਾਪਤ ਹੋਏ ਪੱਤਰ ਉੱਤੇ ਵਿਚਾਰ ਕਰਨ ਲਈ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕੀਤੀ ਗਈ, ਜਿਸ ਵਿੱਚ 21 ਮਈ 2025 ਅਤੇ 5 ਜੁਲਾਈ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾਵਾਂ ਵਿੱਚ ਪਾਸ ਕੀਤੇ ਗਏ ਮਤਿਆਂ ਉੱਪਰ ਖ਼ਾਲਸਾ ਪੰਥ ਦੇ ਵਡੇਰੇ ਹਿੱਤਾਂ, ਪੰਥਕ ਇਕਜੁੱਟਤਾ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਮੁੜ ਵਿਚਾਰ ਕਰਕੇ ਕੁਝ ਸੋਧਾਂ ਕੀਤੀਆਂ ਗਈਆਂ।
ਦੂਜੇ ਪਾਸੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਨੇ ਵੀ ਉੱਥੇ ਇਕੱਤਰਤਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਵੱਲੋਂ ਬੀਤੇ ਸਮੇਂ 21 ਮਈ 2025 ਅਤੇ 5 ਜੁਲਾਈ 2025 ਨੂੰ ਪਾਸ ਕੀਤੇ ਗਏ ਮਤੇ ਵੀ ਵਾਪਸ ਲੈਣ ਦਾ ਫੈਸਲਾ ਕੀਤਾ ਹੈ, ਜਿਸ ਸਬੰਧੀ ਮਤਾ ਸਕੱਤਰੇਤ ਵਿਖੇ ਪੁੱਜ ਚੁੱਕੀ ਹੈ।
ਜਥੇਦਾਰ ਗੜਗੱਜ ਨੇ ਕਿਹਾ ਕਿ ਮੌਜੂਦਾ ਸਮੇਂ ਸਿੱਖ ਸ਼ਕਤੀ ਨੂੰ ਇਕਜੁੱਟ ਕਰਨ ਦਾ ਹੈ ਅਤੇ ਇਹ ਖੁਸ਼ੀ ਦੀ ਗੱਲ ਹੈ ਕਿ ਦੋਵੇਂ ਤਖ਼ਤ ਸਾਹਿਬਾਨ ਵਿਚਕਾਰ ਜੋ ਬੀਤੇ ਸਮੇਂ ਵਿਵਾਦ ਬਣ ਰਿਹਾ ਸੀ ਉਹ ਅੱਜ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਪੂਰਨ ਰੂਪ ਵਿੱਚ ਆਪਸੀ ਸਹਿਯੋਗ ਤੇ ਸਹਿਮਤੀ ਨਾਲ ਸਮਾਪਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਤਖ਼ਤ ਸ੍ਰੀ ਪਟਨਾ ਸਾਹਿਬ ਜਾ ਕੇ ਦਸਮ ਪਾਤਸ਼ਾਹ ਜੀ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੋਣਗੇ।
ਕਿਸ ਤਰਾਂ ਸੁਲਝਿਆ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਇਕੱਤਰਤਾ ਵਿੱਚ ਪੰਜ ਸਿੰਘ ਸਾਹਿਬਾਨ ਨੇ ਮਤਾ ਪਾਸ ਕੀਤਾ ਕਿ ਸਿੱਖਾਂ ਦੇ ਪੰਜੇ ਤਖ਼ਤ ਸਾਹਿਬਾਨ ਵਿੱਚੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਤ ਸ੍ਰੀ ਅਕਾਲ ਤਖ਼ਤ ਸਾਹਿਬ ਸਰਬਉੱਚ ਤਖ਼ਤ ਹੈ ਅਤੇ ਖ਼ਾਲਸਾ ਪੰਥ ਦੇ ਵਾਲੀ ਸਰਬੰਸਦਾਨੀ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਵੀ ਅਤਿ ਸਤਿਕਾਰਤ ਤਖ਼ਤ ਹੈ। ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਅਤੇ ਜਨਰਲ ਸਕੱਤਰ ਸ. ਇੰਦਰਜੀਤ ਸਿੰਘ ਵੱਲੋਂ ਪੁੱਜੇ ਪੱਤਰ ਵਿੱਚ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੁੰਦਿਆਂ ਬੀਤੇ ਸਮੇਂ ਇੱਥੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨਾਲ ਸਬੰਧਤ ਕੀਤੇ ਗਏ ਫ਼ੈਸਲਿਆਂ ਉੱਤੇ ਮੁੜ ਵਿਚਾਰ ਲਈ ਬੇਨਤੀ ਕੀਤੀ ਹੈ। ਬੇਨਤੀ ਪ੍ਰਵਾਨ ਕਰਦਿਆਂ - ਖ਼ਾਲਸਾ ਪੰਥ ਦੇ ਵਡੇਰੇ ਹਿੱਤਾਂ, ਪੰਥਕ ਇਕਜੁੱਟਤਾ, ਦੇਸ਼ ਵਿਦੇਸ਼ ਵਿੱਚ ਵੱਸਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਦੋਵੇਂ ਤਖ਼ਤ ਸਾਹਿਬਾਨ ਦੇ ਮਾਣ-ਸਨਮਾਨ ਦੇ ਮੱਦੇਨਜ਼ਰ ਜੋ ਮਿਤੀ ੨੧ ਮਈ ੨੦੨੫ ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਮਤਾ ਨੰ: ੦੩ ਰਾਹੀਂ ਸਿੰਘ ਸਾਹਿਬ ਜਥੇਦਾਰ ਹੈੱਡ ਗ੍ਰੰਥੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਭਾਈ ਬਲਦੇਵ ਸਿੰਘ ਅਤੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਗੁਰਦਿਆਲ ਸਿੰਘ ਦੀਆਂ ਪੰਥਕ ਸੇਵਾਵਾਂ ਉੱਪਰ ਰੋਕ ਲਗਾਈ ਗਈ ਸੀ ਉਹ ਪੂਰਨ ਰੂਪ ਵਿੱਚ ਖ਼ਤਮ ਕੀਤੀ ਜਾਂਦੀ ਹੈ।
ਮਿਤੀ ੨੧ ਮਈ ੨੦੨੫ ਦੀ ਇਕੱਤਰਤਾ ਦੇ ਮਤਾ ਨੰ: ੦੪ ਦੇ ਵਿੱਚ ਇਹ ਫੈਸਲਾ ਹੋਰ ਜੋੜਦਿਆਂ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਆਦੇਸ਼ ਕੀਤਾ ਜਾਂਦਾ ਹੈ ਕਿ ਇਹ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮਾਣ ਸਤਿਕਾਰ, ਕੌਮੀ ਇਕਜੁੱਟਤਾ ਦੀ ਭਾਵਨਾ ਅਤੇ ਇੱਕ ਜਥੇਦਾਰ ਦੀ ਸਤਿਕਾਰਤ ਪਦਵੀ ਦੇ ਮਾਣ ਸਤਿਕਾਰ ਦੇ ਮੱਦੇਨਜ਼ਰ ਜਿਹੜਾ ਕੇਸ ਪ੍ਰਬੰਧਕ ਕਮੇਟੀ ਦੇ ਵਿਰੁੱਧ ਅਦਾਲਤ ਵਿੱਚ ਪਾਇਆ ਹੋਇਆ ਹੈ ਉਹ ਕੇਸ ਤੁਰੰਤ ਵਾਪਸ ਲੈਣਗੇ।
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਨੂੰ ਆਦੇਸ਼ ਹੈ ਕਿ ਉਹ ਗਿਆਨੀ ਰਣਜੀਤ ਸਿੰਘ ਗੌਹਰ ਨਾਲ ਮਿਲ ਬੈਠ ਕੇ ਉਨ੍ਹਾਂ ਵੱਲੋਂ ਨਿਭਾਈਆਂ ਸੇਵਾਵਾਂ ਦੇ ਬਕਾਇਆ ਸੇਵਾਫਲ/ਫੰਡ ਦੀ ਨਿਯਮਾਂ ਅਨੁਸਾਰ ਅਦਾਇਗੀ ਕਰਨ। ਇਸ ਸਮੁੱਚੇ ਮਾਮਲੇ ਵਿੱਚ ਗਿਆਨੀ ਰਣਜੀਤ ਸਿੰਘ ਗੌਹਰ ਸਮੇਤ ਕੋਈ ਵੀ ਸਬੰਧਤ ਸ਼ਖ਼ਸੀਅਤ ਮੀਡੀਆ/ਸੋਸ਼ਲ ਮੀਡੀਆ ਵਿੱਚ ਕਿਸੇ ਤਰ੍ਹਾਂ ਦੀ ਬਿਆਨਬਾਜ਼ੀ ਨਾ ਕਰੇ।
ਮਤੇ ਵਿੱਚ ਅੱਗੇ ਫੈਸਲਾ ਕੀਤਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਿਤੀ ੦੫ ਜੁਲਾਈ ੨੦੨੫ ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੇ ਮਤਾ ਨੰ: ੦੧ ਅਨੁਸਾਰ ਜੋ ਮਤਾ ਪਾਸ ਕੀਤਾ ਗਿਆ ਸੀ ਉਸ ਸਬੰਧੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਪ੍ਰਵਾਨ ਕਰਦਿਆਂ ਪੁੱਜੇ ਬੇਨਤੀ ਪੱਤਰ ਅਤੇ ਕੀਤੀ ਗਈ ਖਿਮਾ ਜਾਚਨਾ ਨੂੰ ਪ੍ਰਵਾਨ ਕਰਦਿਆਂ ਤਖ਼ਤ ਸਾਹਿਬਾਨ ਦੀ ਏਕਤਾ, ਖ਼ਾਲਸਾ ਪੰਥ ਦੇ ਵਡੇਰੇ ਹਿੱਤਾਂ, ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਸ ਮਤੇ ਨੂੰ ਵਾਪਸ ਲਿਆ ਜਾਂਦਾ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login