ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬਸਾਂਝਾ ਕੇਂਦਰ ਹੈ, ਜਿਥੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਰੋਜ਼ਾਨਾ ਨਤਮਸਤਕ ਹੁੰਦੀਆਂ ਹਨ। ਇਸ ਅਸਥਾਨ ’ਤੇ ਧਮਾਕੇ ਕਰਨ ਦੀਆਂ ਧਮਕੀਆਂ ਸਬੰਧੀ ਲਗਾਤਾਰ ਆ ਰਹੀਆਂ ਈਮੇਲਾਂ ਗਹਿਰੀ ਚਿੰਤਾ ਦਾ ਵਿਸ਼ਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਬੀਤੀ 14 ਜੁਲਾਈ ਤੋਂ ਲਗਾਤਾਰ ਈਮੇਲਾਂ ਆ ਰਹੀਆਂ ਹਨ, ਜਿਸ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰੰਤੂ ਦੁੱਖ ਦੀ ਗੱਲ ਹੈ ਕਿ ਅਜੇ ਤੀਕ ਇਹ ਈਮੇਲਾਂ ਭੇਜਣ ਵਾਲੇ ਦਾ ਕੋਈ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਕਿਹਾ ਕਿ ਇਹ ਵੱਡਾ ਸਵਾਲ ਹੈ ਕਿ ਆ ਰਹੀਆਂ ਈਮੇਲਾਂ ਕੇਵਲ ਕਿਸੇ ਸ਼ੈਤਾਨੀ ਦਿਮਾਗ ਦੀ ਸ਼ਰਾਰਤ ਹੈ ਜਾਂ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ।
ਉਨ੍ਹਾਂ ਕਿਹਾ ਕਿ ਕਿਤੇ ਸਰਬਸਾਂਝੀਵਾਲਤਾ ਦੇ ਇਸ ਪਾਵਨ ਕੇਂਦਰ ਵਿਖੇ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਆਉਂਦੀਆਂ ਸੰਗਤਾਂ ਦੇ ਅੰਦਰ ਡਰ ਪੈਦਾ ਕਰਨ ਦੀ ਕੋਸ਼ਿਸ਼ ਤਾਂ ਨਹੀਂ ਕੀਤੀ ਜਾ ਰਹੀ, ਇਹ ਵੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਜ਼ੁੰਮੇਵਾਰੀ ਹੈ ਕਿ ਉਹ ਤੁਰੰਤ ਇਹ ਪਤਾ ਲਗਾਏ ਕਿ ਇਹ ਈਮੇਲਾਂ ਕਿਸ ਥਾਂ ਤੋਂ ਆ ਰਹੀਆਂ ਹਨ ਅਤੇ ਇਸ ਲਈ ਕਿਸ ਸਰਵਰ, ਆਈਪੀ ਐਡਰੈਸ ਤੇ ਦੇਸ਼ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 15 ਅਤੇ 16 ਜੁਲਾਈ ਨੂੰ ਆਈਆਂ ਈਮੇਲਾਂ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਵੀ ਭੇਜੀਆਂ ਗਈਆਂ ਹਨ, ਪਰੰਤੂ ਉਨ੍ਹਾਂ ਵੱਲੋਂ ਇਸ ’ਤੇ ਚੁੱਪੀ ਸਵਾਲ ਪੈਦਾ ਕਰਦੀ ਹੈ।
ਉਨ੍ਹਾਂ ਕਿਹਾ ਕਿ ਹੈਰਾਨੀਜਨਕ ਗੱਲ ਇਹ ਹੈ ਕਿ ਇਹ ਈਮੇਲਾਂ ਅਹਿਮ ਸ਼ਖ਼ਸੀਅਤਾਂ ਦੇ ਨਾਵਾਂ ਦੀ ਦੁਰਵਰਤੋਂ ਕਰਕੇ ਭੇਜੀਆਂ ਜਾ ਰਹੀਆਂ ਹਨ, ਪਰ ਸਰਕਾਰ ਵੱਲੋਂ ਅਜੇ ਤੀਕ ਕੁਝ ਵੀ ਪਤਾ ਨਹੀਂ ਲਗਾਇਆ ਜਾ ਸਕਿਆ ਕਿ ਇਸ ਪਿੱਛੇ ਕਿਹੜੀ ਸ਼ਕਤੀ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਆਪਣੇ ਨਾਂ ’ਤੇ ਬਣਾਏ ਗਏ ਸੋਸ਼ਲ ਮੀਡੀਆ ’ਤੇ ਜਾਅਲੀ ਖ਼ਾਤਿਆਂ ਬਾਰੇ ਪਹਿਲਾਂ ਵੀ ਕਈ ਵਾਰ ਪੰਜਾਬ ਪੁਲਿਸ ਨੂੰ ਸ਼ਿਕਾਇਤਾਂ ਕੀਤੀਆਂ ਹਨ, ਪਰੰਤੂ ਸਾਈਬਰ ਸੈੱਲ ਵੱਲੋਂ ਕੋਈ ਪੁਖ਼ਤਾ ਕਾਰਵਾਈ ਨਹੀਂ ਕੀਤੀ ਗਈ ਜੋ ਕਿ ਇਹ ਦਰਸਾਉਂਦਾ ਹੈ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਸਿੱਖ ਸੰਸਥਾ ਦੇ ਸਰੋਕਾਰਾਂ ਪ੍ਰਤੀ ਸੰਜੀਦਾ ਪਹੁੰਚ ਨਹੀਂ ਰੱਖਦੀਆਂ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੂਰੀ ਸੁਹਿਰਦਤਾ ਨਾਲ ਆਪਣੀ ਜ਼ੁੰਮੇਵਾਰੀ ਨਿਭਾਅ ਰਹੀ ਹੈ ਅਤੇ ਪ੍ਰਬੰਧਕਾਂ ਵੱਲੋਂ ਪੂਰੀ ਮੁਸਤੈਦੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਸਮੂਹ ਦਾ ਧਿਆਨ ਰੱਖਿਆ ਜਾ ਰਿਹਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਸਮੇਂ ਕਿਸੇ ਤਰ੍ਹਾਂ ਦਾ ਵੀ ਡਰ ਨਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸੰਗਤਾਂ ਹਮੇਸ਼ਾ ਦੀ ਤਰ੍ਹਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਣ ਪੁੱਜ ਰਹੀਆਂ ਹਨ।
ਸਾਬਕਾ ਐਮਪੀ ਸ਼ਵੇਤ ਮਲਿਕ ਨੇ ਕੀਤੀ ਐਡਵੋਕੇਟ ਧਾਮੀ ਨਾਲ ਮੁਲਾਕਾਤ
ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲ ਰਹੇ ਧਮਕੀ ਭਰੇ ਈ-ਪੱਤਰਾਂ ਦੇ ਮਾਮਲੇ ਵਿਚ ਸਾਬਕਾ ਐਮਪੀ ਸ੍ਰੀ ਸ਼ਵੇਤ ਮਲਿਕ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਇਸ ਮਾਮਲੇ ਦੀ ਸੰਵੇਦਨਾ ਨੂੰ ਸਮਝਦਿਆਂ ਸਾਬਕਾ ਐਮਪੀ ਤੇ ਭਾਜਪਾ ਆਗੂ ਸ੍ਰੀ ਸ਼ਵੇਤ ਮਲਿਕ ਨੂੰ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕਰਨ ਲਈ ਭੇਜਿਆ ਹੈ, ਜਿਸ ਦਾ ਉਹ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਿੱਖ ਕੌਮ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਇਸ ਗੰਭੀਰ ਮਾਮਲੇ ’ਤੇ ਪੰਜਾਬ ਦੇ ਮੁੱਖ ਮੰਤਰੀ ਤੇ ਸਰਕਾਰ ਦੇ ਕਿਸੇ ਵੀ ਮੰਤਰੀ ਨੇ ਅਜੇ ਤੀਕ ਕਿਸੇ ਤਰ੍ਹਾਂ ਦਾ ਸੰਪਰਕ ਨਹੀਂ ਕੀਤਾ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login