ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਡੇਟਨ ਦੇ ਸਿੱਖ ਭਾਈਚਾਰੇ ਨੇ ਸੈਂਕੜੇ ਹੋਰ ਸਥਾਨਕ ਅਮਰੀਕਨਾਂ ਨਾਲ 11 ਸਤੰਬਰ, 2001 ਨੂੰ ਨਿਉਯਾਰਕ ਵਿਖੇ ਵਰਲਡ ਟਰੇਡ ਸੈਂਟਰ ਦੇ ਟਾਵਰਾਂ ਅਤੇ ਪੈਂਟਾਗਨ 'ਤੇ ਹੋਏ ਅੱਤਵਾਦੀ ਹਮਲਿਆਂ ਦੀ 24ਵੀਂ ਵਰ੍ਹੇਗੰਢ ਸੰਬੰਧੀ ਬੀਵਰਕ੍ਰੀਕ ਸ਼ਹਿਰ ਦੇ 9/11 ਮੈਮੋਰੀਅਲ ਵਿਖੇ ਸ਼ਰਧਾਂਜਲੀ ਦਿੱਤੀ। ਇਹ ਸਲਾਨਾ ਯਾਦਗਾਰੀ ਸਮਾਗਮ ਸ਼ਹਿਰ ਦੇ ਪੁਲੀਸ ਅਤੇ ਫਾਇਰ ਵਿਭਾਗ ਵੱਲੋਂ ਆਯੋਜਿਤ ਕੀਤਾ ਗਿਆ ਸੀ, ਜੋ ਵਰਲਡ ਟਰੇਡ ਸੈਂਟਰ ਵਿਖੇ ਮਾਰੇ ਗਏ 2600 ਤੋਂ ਵੱਧ ਲੋਕਾਂ, ਪੈਂਟਾਗਨ ਵਿੱਚ 184, ਅਤੇ ਪੈਨਸਿਲਵੇਨੀਆ ਵਿੱਚ ਜਹਾਜ਼ ਦੀ ਦੁਰਘਟਨਾ ਦੇ 40 ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹੈ।
ਸਮਾਰੋਹ ਵਿੱਚ ਝੰਡਾ ਨੀਵਾਂ ਕੀਤਾ ਗਿਆ, ਫੌਜ ਦੇ ਜਵਾਨਾਂ ਵਲੌਂ ਫੁੱਲ ਚੜਾਏ ਗਏ, ਰਾਸ਼ਟਰੀ ਗੀਤ ਗਾਇਆ ਗਿਆ ਅਤੇ ਸਵੇਰ ਦੇ 8:46 ਵਜੇ ਇੱਕ ਰਸਮੀ ਘੰਟੀ ਵਜਾਈ ਗਈ, ਜੱਦ ਪਹਿਲਾ ਜਹਾਜ਼ ਟਾਵਰ ਨਾਲ ਟਕਰਾਇਆ ਸੀ। ਬੀਵਰਕ੍ਰੀਕ ਦੇ ਮੇਅਰ ਡੋਨ ਐਡਮਜ਼ ਨੇ ਸ਼ਰਧਾਂਜਲੀ ਸੰਦੇਸ਼ ਦਿੱਤਾ।
ਸਮਾਰੋਹ ਵਿੱਚ ਸ਼ਾਮਲ ਹੋਏ ਸਿੱਖ ਭਾਈਚਾਰੇ ਦੇ ਕਾਰਕੁਨ ਸਮੀਪ ਸਿੰਘ ਗੁਮਟਾਲਾ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ, “ਅਸੀਂ ਇਸ ਸਮਾਰੋਹ ਵਿੱਚ ਉਨ੍ਹਾਂ ਸਭਨਾਂ ਨੂੰ ਸ਼ਰਧਾਂਜਲੀ ਦੇਣ ਲਈ ਇਕੱਠੇ ਹੋਏ, ਜਿਨ੍ਹਾਂ ਨੇ ਇਹਨਾਂ ਹਮਲਿਆਂ ਵਿੱਚ ਆਪਣੀ ਜਾਣ ਗੁਆ ਦਿੱਤੀ। ਇਸ ਵਿੱਚ ਪੁਲਿਸ ਅਧਿਕਾਰੀ, ਅੱਗ ਬੁਝਾਊ, ਤੇ ਮੈਡੀਕਲ ਸੇਵਾਵਾਂ ਦੇ ਅਮਲੇ ਦੇ ਮੈਂਬਰ ਵੀ ਸ਼ਾਮਲ ਸਨ।”
ਇਸ ਸਲਾਨਾ ਯਾਦਗਾਰੀ ਸਮਾਰੋਹ ਦਾ ਆਯੋਜਨ ਬੀਵਰਕ੍ਰੀਕ ਦੇ 9/11 ਮੈਮੋਰੀਅਲ ਵਿਖੇ ਕੀਤਾ ਜਾਂਦਾ ਹੈ ਜਿੱਥੇ ਸਟੀਲ ਦਾ ਇੱਕ 25-ਫੁੱਟ ਉੱਚਾ ਮੁੜਿਆ ਹੋਇਆ ਪਿਲਰ ਸਥਾਪਿਤ ਕੀਤਾ ਗਿਆ ਹੈ, ਜੋ ਹਮਲੇ ਤੋਂ ਪਹਿਲਾਂ ਵਰਲਡ ਟਰੇਡ ਸੈਂਟਰ ਦੇ ਉੱਤਰੀ ਟਾਵਰ ਦੀਆਂ 101ਵੀਂ ਅਤੇ 105ਵੀਂ ਮੰਜ਼ਿਲਾਂ ਦੇ ਵਿਚਕਾਰ ਲੱਗਾ ਹੋਇਆ ਸੀ। ਇਸ ਟੁਕੜੇ ਨੂੰ ਦੋ ਅੱਗ ਬੁਝਾਉ ਦਸਤਿਆਂ ਦੁਆਰਾ ਬੀਵਰਕ੍ਰੀਕ ਵਿੱਚ ਲਿਆਂਦਾ ਗਿਆ ਸੀ ਜੋ ਓਹੀਓ ਟਾਸਕ ਫੋਰਸ ਵਨ ਦਾ ਹਿੱਸਾ ਸਨ ਅਤੇ ਇਹਨਾਂ ਨੇ ਨਿਊਯਾਰਕ ਵਿੱਚ ਗਰਾਊਂਡ ਜ਼ੀਰੋ ਵਿਖੇ ਬਚਾਅ ਕਾਰਜਾਂ ਵਿੱਚ ਸਹਾਇਤਾ ਕੀਤੀ ਸੀ।
ਹਰ ਸਾਲ ਸਿੱਖ ਭਾਈਚਾਰੇ ਵਲੋਂ ਬਲਬੀਰ ਸਿੰਘ ਸੋਢੀ ਨੂੰ ਵੀ ਯਾਦ ਕੀਤਾ ਜਾਂਦਾ ਹੈ, ਜਿਨ੍ਹਾਂ ਨੂੰ ਇਸ ਹਮਲੇ ਤੋਂ ਚਾਰ ਦਿਨ ਬਾਅਦ ਉਹਨਾਂ ਦੇ ਮੀਸਾ, ਐਰੀਜ਼ੋਨਾ ਗੈਸ ਸਟੇਸ਼ਨ ਦੇ ਬਾਹਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਉਸ ਸਮੇਂ ਹਮਲਾਵਰ 11 ਸਤੰਬਰ ਦੇ ਹਮਲਿਆਂ ਦਾ ਬਦਲਾ ਲੈਣ ਲਈ "ਮੁਸਲਮਾਨਾਂ ਨੂੰ ਮਾਰਨਾ" ਚਾਹੁੰਦਾ ਸੀ। ਇਹ 9/11 ਦੇ ਹਮਲੇ ਤੋਂ ਬਾਦ ਦਾ ਪਹਿਲਾ ਘਾਤਕ ਨਫ਼ਰਤੀ ਅਪਰਾਧ ਸੀ।
ਇੱਥੇ ਇਹ ਦੱਸਣਾ ਵਰਨਣਯੋਗ ਹੈ ਕਿ ਵਰਲਡ ਟਰੇਡ ਸੈਂਟਰ ਦੇ ਬਹੁਰ ਸਾਰੇ ਇਹਨਾਂ ਪਿਲਰਾਂ ਨੂੰ ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬਣਾਈਆਂ ਯਾਦਗਾਰਾਂ 'ਤੇ ਸਥਾਪਿਤ ਕੀਤਾ ਗਿਆ ਹੈ ਜਿੱਥੇ ਲੋਕ ਕਿਸੇ ਵੀ ਸਮੇਂ ਸ਼ਰਧਾਂਜਲੀ ਭੇਂਟ ਕਰ ਸਕਦੇ ਹਨ।
ਇਸ ਸਮਾਰੋਹ ਵਿੱਚ ਭਾਗ ਲੈਣ ਵਾਲਿਆਂ ਵਿੱਚ ਸਪਰਿੰਗਫੀਲਡ ਤੋਂ ਸਮਾਜ ਸੇਵੀ ਅਵਤਾਰ ਸਿੰਘ, ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਅਤੇ ਪ੍ਰਸਿੱਧ ਲੇਖਕ ਡਾ. ਚਰਨਜੀਤ ਸਿੰਘ ਗੁਮਟਾਲਾ ਵੀ ਸ਼ਾਮਲ ਸਨ। ਇਸ ਮੌਕੇ ਹਰ ਸਾਲ ਵਾਂਗ ਸ. ਅਵਤਾਰ ਸਿੰਘ ਮੁੜ ਆਪਣੇ ਵਾਹਣ ‘ਤੇ “ਅਮਰੀਕੀ ਝੰਡੇ, ਰੀਮੈਂਬਰਿੰਗ 9/11, ਗੋਡ ਬਲੈਸ ਅਮਰੀਕਾ” ਆਦਿ ਦੇ ਬੈਨਰ ਲਾ ਕੇ ਪਹੁੰਚੇ ਜਿਸ ਦੀ ਬੀਵਰਕ੍ਰੀਕ ਦੇ ਮੇਅਰ ਡੋਨ ਐਡਮਸ ਅਤੇ ਹੋਰਨਾਂ ਨੇ ਸ਼ਲਾਘਾ ਕੀਤੀ ਅਤੇ ਯਾਦਗਾਰੀ ਤਸਵੀਰਾਂ ਵੀ ਲਈਆਂ।
Comments
Start the conversation
Become a member of New India Abroad to start commenting.
Sign Up Now
Already have an account? Login