ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਵਿਸ਼ੇਸ਼ ਸਮਾਗਮ / Provided
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਹੋਇਆ, ਜਿਸ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹਜੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਨ ਕਰਵਾਇਆ ਅਤੇ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਵੀ ਪਾਈ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਬੋਧਨ ਕਰਦਿਆਂ ਸੰਗਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਸਥਾਪਨਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ ਸਪੱਸ਼ਟ ਕੀਤਾ ਕਿ ਜਦੋਂ ਸੰਸਾਰਕ ਤਖ਼ਤ ਇਨਸਾਫ਼ ਦੇਣ ਤੋਂ ਇਨਕਾਰੀ ਹੋ ਜਾਣ, ਤਾਂ ਗੁਰੂ ਦਾ ਤਖ਼ਤ ਸਦਾ ਸੱਚ, ਧਰਮ ਅਤੇ ਇਨਸਾਫ਼ ਦਾ ਕੇਂਦਰ ਬਣ ਕੇ ਮਨੁੱਖਤਾ ਦੀ ਅਗਵਾਈ ਕਰੇਗਾ। ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਿਨ੍ਹਾਂ ਵੀ ਹਾਕਮਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦਿੱਤੀ, ਉਹ ਸਮੇਂ ਦੀ ਧੂੜ ਬਣ ਗਏ, ਪਰ ਗੁਰੂ ਦਾ ਇਹ ਸੱਚਾ ਤਖ਼ਤ ਸਦਾ ਅਡੋਲ ਰਿਹਾ ਹੈ ਅਤੇ ਅੱਗੇ ਵੀ ਰਹੇਗਾ। ਉਨ੍ਹਾਂ ਕਿਹਾ ਕਿ ਹਰ ਸਿੱਖ ਦਾ ਫ਼ਰਜ਼ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ, ਸਰਬਉੱਚਤਾ ਅਤੇ ਹੁਕਮਾਂ ਪ੍ਰਤੀ ਪੂਰੀ ਸ਼ਰਧਾ ਅਤੇ ਸਮਰਪਣ ਰੱਖੇ। ਅੱਜ ਜਦੋਂ ਪੰਥ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਤਾਂ ਸਾਡੀ ਤਾਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਇਕੱਠੇ ਹੋਣ ਵਿਚ ਹੈ। ਉਨ੍ਹਾਂ ਕਿਹਾ ਕਿ ਅੱਜ ਨਸ਼ਿਆਂ ਵਰਗੀ ਭਿਆਨਕ ਬੁਰਾਈ ਤੋਂ ਆਪਣੀ ਨੌਜਵਾਨੀ ਨੂੰ ਬਚਾਉਣ ਲਈ ਹਰ ਸਿੱਖ ਨੂੰ ਅੱਗੇ ਆਉਣਾ ਹੋਵੇਗਾ। ਜਦੋਂ ਨੌਜਵਾਨਾਂ ਨੂੰ ਗੁਰੂ ਨਾਲ, ਨਾਮ ਨਾਲ, ਸੇਵਾ ਨਾਲ ਅਤੇ ਪੰਥਕ ਸੋਚ ਨਾਲ ਜੋੜਿਆ ਜਾਵੇਗਾ, ਤਾਂ ਉਹ ਹਰ ਤਰ੍ਹਾਂ ਦੇ ਸੰਸਾਰਕ ਨਸ਼ਿਆਂ ਤੋਂ ਦੂਰ ਰਹਿਣਗੇ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਹਾੜੇ ਮੌਕੇ ਅਸੀਂ ਸਾਰੇ ਇਹ ਪ੍ਰਣ ਕਰੀਏ ਕਿ ਗੁਰੂ ਦੇ ਇਸ ਸੱਚੇ ਤਖ਼ਤ ਦੀ ਸਰਬਉੱਚਤਾ ਨੂੰ ਕਾਇਮ ਰੱਖਦਿਆਂ ਆਪਸੀ ਏਕਤਾ, ਗੁਰਮਤਿ ਅਤੇ ਪੰਥਕ ਅਨੁਸ਼ਾਸਨ ਨਾਲ ਜੁੜ ਕੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਰਹਾਂਗੇ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login