ADVERTISEMENT

ADVERTISEMENT

ਕਾਂਗਰਸ ’ਚ ਵਾਪਸੀ ਕਰਨਗੇ ਕੈਪਟਨ ਅਮਰਿੰਦਰ ਸਿੰਘ?

ਭੂਪਿੰਦਰ ਸਿੰਘ ਹੁੱਡਾ ਨੇ ਕਿਹਾ ‘ਕੈਪਟਨ ਨਾਲ ਸੰਪਰਕ ਵਿੱਚ ਹਾਂ’, ਰਾਹੁਲ ਗਾਂਧੀ ਨਾਲ ਨਜ਼ਦੀਕੀਆਂ ਅਤੇ ਭਾਜਪਾ ਤੋਂ ਦੂਰੀ ਨੇ ਚਰਚਾਵਾਂ ਨੂੰ ਦਿੱਤਾ ਹੋਰ ਬਲ

 ਕੈਪਟਨ ਅਮਰਿੰਦਰ ਸਿੰਘ ਕੈਪਟਨ ਅਮਰਿੰਦਰ ਸਿੰਘ / ਫੋਟੋ ਕ੍ਰੈਡਿਟ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿੱਚ ਵਾਪਸੀ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਹ ਸਿਆਸੀ ਅਟਕਲਾਂ ਉਸ ਵੇਲੇ ਹੋਰ ਤੇਜ਼ ਹੋ ਗਈਆਂ ਜਦੋਂ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੂਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੇ ਸੰਪਰਕ ਵਿੱਚ ਹਨ ਅਤੇ ਗੱਲਬਾਤ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

 

ਹੁੱਡਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲੰਬੇ ਸਮੇਂ ਤੱਕ ਕਾਂਗਰਸ ਦੇ ਸੀਨੀਅਰ ਅਤੇ ਪ੍ਰਭਾਵਸ਼ਾਲੀ ਆਗੂ ਰਹੇ ਹਨ। ਉਨ੍ਹਾਂ ਦਾ ਇਹ ਬਿਆਨ ਆਉਣ ਮਗਰੋਂ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਚਰਚਾ ਛਿੜ ਗਈ ਹੈ ਕਿ ਕੀ ਕੈਪਟਨ ਮੁੜ ਕਾਂਗਰਸ ਵਿੱਚ ਵਾਪਸੀ ਕਰ ਸਕਦੇ ਹਨ।

 

ਇਹ ਚਰਚਾ ਉਸ ਵੇਲੇ ਹੋਰ ਗਹਿਰੀ ਹੋਈ ਜਦੋਂ ਕੁਝ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਸੀ। ਕੈਪਟਨ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਭਰਾ ਦੇ ਦੇਹਾਂਤ ਮਗਰੋਂ ਰਾਹੁਲ ਗਾਂਧੀ ਨੇ ਖੁਦ ਉਨ੍ਹਾਂ ਨੂੰ ਫੋਨ ਕਰਕੇ ਦੁੱਖ ਸਾਂਝਾ ਕੀਤਾ ਸੀ। ਸਿਆਸੀ ਮਾਹਿਰਾਂ ਨੇ ਇਸਨੂੰ ਦੋਵੇਂ ਆਗੂਆਂ ਵਿਚਕਾਰ ਸੁਧਰ ਰਹੇ ਸਬੰਧਾਂ ਦਾ ਸੰਕੇਤ ਮੰਨਿਆ।

 

ਇਸਦੇ ਨਾਲ ਹੀ ਪੰਜਾਬ ਭਾਜਪਾ ਦੇ ਹਾਲੀਆ ਸਮਾਗਮ ਤੋਂ ਕੈਪਟਨ ਦੀ ਗੈਰਹਾਜ਼ਰੀ ਨੇ ਵੀ ਸਵਾਲ ਖੜ੍ਹੇ ਕੀਤੇ ਹਨ। ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਅਹੁਦਾ ਸੰਭਾਲ ਸਮਾਗਮ ਵਿੱਚ ਕਈ ਵੱਡੇ ਭਾਜਪਾ ਆਗੂ ਮੌਜੂਦ ਸਨ, ਪਰ ਕੈਪਟਨ ਅਮਰਿੰਦਰ ਸਿੰਘ ਨਜ਼ਰ ਨਹੀਂ ਆਏ। ਕੈਪਟਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਢਿੱਲੋਂ ਦੀ ਨਿਯੁਕਤੀ ਬਾਰੇ ਉਨ੍ਹਾਂ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ ਸੀ।

 

ਗੌਰਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਤੰਬਰ 2021 ਵਿੱਚ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਸ ਸਮੇਂ ਕਾਂਗਰਸ ਹਾਈਕਮਾਂਡ ਨਾਲ ਉਨ੍ਹਾਂ ਦੇ ਮਤਭੇਦ ਅਤੇ ਨਵਜੋਤ ਸਿੰਘ ਸਿੱਧੂ ਨਾਲ ਚੱਲ ਰਹੇ ਟਕਰਾਅ ਕਾਰਨ ਸਿਆਸੀ ਹਾਲਾਤ ਤਣਾਅਪੂਰਨ ਬਣ ਗਏ ਸਨ। ਇਸ ਤੋਂ ਬਾਅਦ ਨਵੰਬਰ 2021 ਵਿੱਚ ਉਨ੍ਹਾਂ ਨੇ ਕਾਂਗਰਸ ਛੱਡ ਕੇ ਆਪਣੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਬਣਾਈ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਗਠਜੋੜ ਕਰਕੇ ਲੜੀਆਂ ਸਨ।

 

ਚੋਣਾਂ ਵਿੱਚ ਹਾਰ ਮਗਰੋਂ ਕੈਪਟਨ ਨੇ ਸਤੰਬਰ 2022 ਵਿੱਚ ਆਪਣੀ ਪਾਰਟੀ ਦਾ ਭਾਜਪਾ ਵਿੱਚ ਵਿਲੇਅ ਕਰ ਦਿੱਤਾ ਸੀ। ਹਾਲਾਂਕਿ ਹੁਣ ਉਨ੍ਹਾਂ ਦੀ ਕਾਂਗਰਸ ਵਿੱਚ ਸੰਭਾਵਿਤ ਵਾਪਸੀ ਨੂੰ ਲੈ ਕੇ ਚਰਚਾਵਾਂ ਮੁੜ ਤੇਜ਼ ਹੋ ਰਹੀਆਂ ਹਨ।

 

ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿੱਚ ਵਾਪਸੀ ਕਰਦੇ ਹਨ ਤਾਂ ਇਹ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਘਟਨਾਕ੍ਰਮ ਹੋ ਸਕਦਾ ਹੈ। ਭਾਵੇਂ ਉਹ ਹੁਣ ਪਹਿਲਾਂ ਵਾਂਗ ਸਰਗਰਮ ਸਿਆਸਤ ਵਿੱਚ ਨਹੀਂ ਦਿਖਾਈ ਦਿੰਦੇ, ਪਰ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਕੈਪਟਨ ਅਜੇ ਵੀ ਪੰਜਾਬ ਦੀ ਸਿਆਸਤ ਵਿੱਚ ਇੱਕ ਪ੍ਰਭਾਵਸ਼ਾਲੀ ਚਿਹਰਾ ਮੰਨੇ ਜਾਂਦੇ ਹਨ।

 

ਫਿਲਹਾਲ ਨਾ ਤਾਂ ਕੈਪਟਨ ਅਮਰਿੰਦਰ ਸਿੰਘ ਅਤੇ ਨਾ ਹੀ ਕਾਂਗਰਸ ਹਾਈਕਮਾਂਡ ਵੱਲੋਂ ਇਸ ਮਾਮਲੇ ’ਤੇ ਕੋਈ ਅਧਿਕਾਰਕ ਬਿਆਨ ਸਾਹਮਣੇ ਆਇਆ ਹੈ। ਇਸ ਕਰਕੇ ਕੈਪਟਨ ਦੀ ਸੰਭਾਵਿਤ ਵਾਪਸੀ ਦਾ ਮਾਮਲਾ ਇਸ ਵੇਲੇ ਸਿਰਫ਼ ਸਿਆਸੀ ਅਟਕਲਾਂ ਤੱਕ ਹੀ ਸੀਮਿਤ ਹੈ।

Comments

Leave A Comment

Required fields are marked (*).

Related

Talk to us?