ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਜਿਥੇ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ, ਉਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ।
ਬੰਦੀ ਛੋੜ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਗੁਰਮਤਿ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥਿਆਂ, ਪ੍ਰਚਾਰਕਾਂ ਅਤੇ ਕਵੀਆਂ ਨੇ ਗੁਰਬਾਣੀ ਕੀਰਤਨ ਅਤੇ ਇਤਿਹਾਸ ਦੁਆਰਾ ਸੰਗਤ ਨਾਲ ਸਾਂਝ ਪਾਈ।
ਇਸੇ ਦੌਰਾਨ ਪ੍ਰੰਪਰਾ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ ਦਿੰਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦੇ ਨਾਲ-ਨਾਲ ਸਿੱਖਾਂ ਨਾਲ ਹੋ ਰਹੇ ਵਿਤਕਰੇ ਵਖਰੇਵੇਂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਦਅਦਬੀਆਂ ਦੀਆਂ ਘਟਨਾਵਾਂ, ਸਿੱਖ ਕਕਾਰਾਂ ’ਤੇ ਹੁੰਦੇ ਸਵਾਲ ਅਤੇ ਸਿੱਖ ਸੰਸਥਾਵਾਂ ਉੱਤੇ ਗਹਿਰੀ ਸਾਜ਼ਿਸ਼ ਤਹਿਤ ਕਬਜ਼ੇ ਦੀਆਂ ਚਾਲਾਂ ਪ੍ਰਤੀ ਚਿੰਤਾ ਪ੍ਰਗਟ ਕਰਦਿਆਂ ਪੰਥਕ ਏਕਤਾ ਦੀ ਗੱਲ ਕੀਤੀ।
ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ ਸਿੱਖਾਂ ਨੂੰ ਇਕ ਅਜਿਹਾ ਤਖ਼ਤ ਬਖ਼ਸ਼ਿਆ, ਜਿਹੜਾ ਹਮੇਸ਼ਾ ਹੱਕ, ਸੱਚ, ਨਿਆਂ ਅਤੇ ਧਰਮ ਦੇ ਬੋਲ-ਬਾਲਿਆਂ ਲਈ ਸੇਧ ਦਿੰਦਾ ਹੈ। ਉਨ੍ਹਾਂ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਸਮੁੱਚਾ ਖ਼ਾਲਸਾ ਪੰਥ ਪੰਥਕ ਰਵਾਇਤਾਂ ਮੁਤਾਬਕ ਇਥੇ ਸਿਰ ਜੋੜ ਕੇ ਬੈਠਦਾ ਹੈ ਅਤੇ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਰਣਨੀਤੀ ਬਣਾਉਂਦਾ ਹੈ।
ਗਿਆਨੀ ਕੁਲਦੀਪ ਸਿੰਘ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿੰਨ ਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਵੱਲੋਂ ਉਸ ਵੇਲੇ ਦੀ ਮਜ਼ਲੂਮ ਧਿਰ ਦੇ ਤਿਲਕ ਤੇ ਜੰਞੂ ਦੀ ਰਾਖੀ ਕਰਦਿਆਂ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਅਦੁੱਤੀ ਸ਼ਹਾਦਤ ਦੇ 350 ਸਾਲਾ ਮੌਕੇ ਉਨ੍ਹਾਂ ਨੂੰ ਯਾਦ ਕਰਦਿਆਂ ਕਿਹਾ ਕਿ ਇਹ ਸ਼ਹਾਦਤਾਂ ਸਾਡਾ ਮਾਰਗਦਰਸ਼ਨ ਕਰਦੀਆਂ ਹਨ ਅਤੇ ਹਰ ਧਰਮ ਦੇ ਲੋਕਾਂ ਨੂੰ ਆਪੋ-ਆਪਣੇ ਧਰਮ ਅਨੁਸਾਰ ਧਾਰਮਿਕ ਚਿੰਨ੍ਹ ਪਹਿਨ ਕੇ ਵਿਚਰਨ ਅਤੇ ਅਜ਼ਾਦੀ ਨਾਲ ਰਹਿਣ ਦੀ ਗਵਾਹੀ ਭਰਦੀਆਂ ਹਨ। ਪ੍ਰੰਤੂ ਦੁੱਖ ਦੀ ਗੱਲ ਹੈ ਕਿ ਅੱਜ ਗੁਰੂ ਸਾਹਿਬ ਜੀ ਦੇ ਸਿੱਖਾਂ ਦੇ ਕਕਾਰ ਕਿਰਪਾਨ, ਕੜਾ ਉਤਰਵਾਉਣ ਦੀਆਂ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਸਾਹਮਣੇ ਆਉਂਦੀਆਂ ਘਟਨਾਵਾਂ ਦੱਸਦੀਆਂ ਹਨ ਕਿ ਮੌਜੂਦਾ ਹੁਕਮਰਾਨ ਵੀ ਉਸ ਸਮੇਂ ਦੇ ਹਾਕਮਾਂ ਵਾਂਗ ਸੌੜੀ ਸੋਚ ਰੱਖਦੇ ਹਨ।
ਉਨ੍ਹਾਂ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਸਿੰਘਾਂ ਭਾਈ ਜਗਤਾਰ ਸਿੰਘ ਹਵਾਰਾ, ਭਾਈ ਗੁਰਦੀਪ ਸਿੰਘ ਖੈਰਾ, ਭਾਈ ਦਵਿੰਦਰਪਾਲ ਸਿੰਘ ਭੁੱਲਰ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ ਤੇ ਹੋਰ ਸਿੰਘਾਂ ਅਤੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਹੱਕ ਹਕੂਕਾਂ ਦੀ ਗੱਲ ਕਰਦਿਆਂ ਸਰਕਾਰ ਪਾਸੋਂ ਤੁਰੰਤ ਰਿਹਾਈ ਦੀ ਮੰਗ ਕੀਤੀ। ਗਿਆਨੀ ਗੜਗੱਜ ਨੇ ਸਰਕਾਰ ਵੱਲੋਂ 2019 ’ਚ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਜਾਰੀ ਕੀਤੇ ਨੋਟੀਫਿਕੇਸ਼ਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਆਪਣੇ ਫੈਸਲੇ ’ਤੇ ਦ੍ਰਿੜ੍ਹ ਰਹਿਣਾ ਚਾਹੀਦਾ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰਨਾ ਚਾਹੀਦਾ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login