ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ਵਿਚ ਗਲਬਾਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਿਤ ਕੀਤੀ ਕਮੇਟੀ ਨੇ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ।
ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਗਏ ਇਸ ਵਫਦ ਵਿੱਚ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਗੁਰਬਚਨ ਸਿੰਘ ਕਰਮੂੰਵਾਲਾ ਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਸ਼ਾਮਲ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੋਏ ਫੈਸਲੇ ਤੋਂ ਬਾਅਦ ਪ੍ਰਬੰਧਕਾਂ ਵਿੱਚ ਕੁਝ ਮਤਭੇਦ ਆਏ ਸਨ, ਜਿਸ ਦਾ ਸਿੱਖ ਸੰਗਤ ਤੇ ਗਹਿਰਾ ਪ੍ਰਭਾਵ ਪੈ ਰਿਹਾ ਸੀ। ਇਸ ਮਸਲੇ ਨੂੰ ਹੱਲ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਹਿਬ ਵੱਲੋਂ ਇਕ ਕਮੇਟੀ ਗਠਿਤ ਕੀਤੀ ਗਈ ਸੀ, ਜਿਸ ਨੇ ਅੱਜ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਾਲ ਮੀਟਿੰਗ ਕੀਤੀ ਹੈ। ਸਿੱਖ ਸੰਸਥਾ ਦਾ ਮਕਸਦ ਇਸ ਮਾਮਲੇ ਨੂੰ ਗਲਬਾਤ ਰਾਹੀਂ ਹੱਲ ਕਰਨਾ ਹੈ ਅਤੇ ਉਹ ਇਸ ਮੀਟਿੰਗ ਦੀ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸੌਂਪਣਗੇ।
ਉਨ੍ਹਾਂ ਕਿਹਾ ਕਿ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜੋ ਆਦੇਸ਼ ਜਾਰੀ ਕੀਤੇ ਗਏ ਸਨ ਇਥੋਂ ਦੀ ਪ੍ਰਬੰਧਕ ਕਮੇਟੀ ਨੇ ਵੀ ਉਸ ਨਾਲ ਸਹਿਮਤੀ ਪ੍ਰਗਟਾਈ ਸੀ। ਉਨ੍ਹਾਂ ਕਿਹਾ ਕਿ ਅਸੀਂ ਇਸ ਫੈਸਲੇ ਨਾਲ ਅਸਹਿਮਤੀ ਪ੍ਰਗਟਾਉਂਦਿਆਂ ਸ਼੍ਰੋਮਣੀ ਕਮੇਟੀ ਦਾ ਪੱਖ ਰੱਖਿਆ ਹੈ। ਉਨ੍ਹਾਂ ਕਿਹਾ ਕਿ ਆਸ ਹੈ ਕਿ ਇਹ ਮਾਮਲਾ ਜਲਦ ਹੱਲ ਹੋ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਗੁਰਬਚਨ ਸਿੰਘ ਕਰਮੂੰਵਾਲਾ ਤੋ ਇਲਾਵਾ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ, ਮੀਤ ਪ੍ਰਧਾਨ ਸ. ਮਹਿੰਦਰ ਪਾਲ ਸਿੰਘ ਆਦਿ ਹਾਜ਼ਰ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਬੀਤੀ 21 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਫੈਸਲਿਆਂ ਸਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰ ਅਧਾਰਿਤ ਵਫ਼ਦ ਭੇਜਣ ਦਾ ਫ਼ੈਸਲਾ ਕੀਤਾ ਸੀ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login