ADVERTISEMENT

ADVERTISEMENT

ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਸਣੇ ਵੱਡੀ ਗਿਣਤੀ ਸੰਗਤਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਪੁਰਬ ਮੌਕੇ ਭਰੀ ਹਾਜ਼ਰੀ

ਸ੍ਰੀ ਅਨੰਦਪੁਰ ਸਾਹਿਬ ਅਤੇ ਦਿੱਲੀ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ

ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਸਣੇ ਵੱਡੀ ਗਿਣਤੀ ਸੰਗਤਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਪੁਰਬ ਮੌਕੇ ਭਰੀ ਹਾਜ਼ਰੀ / Courtesy

ਸ੍ਰੀ ਅਨੰਦਪੁਰ ਸਾਹਿਬ, ਦਿੱਲੀ/ਕਰੂਕਸ਼ੇਤਰ 

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਦੇ 350 ਸਾਲਾ ਸ਼ਹੀਦੀ ਸਮਾਗਮਾਂ ਮੌਕੇ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਅਤੇ ਦਿੱਲੀ ਸਮੇਤ ਵੱਖ ਵੱਖ ਥਾਵਾਂ ‘ਤੇ ਹੋਏ ਧਾਰਮਕ ਸਮਾਗਮਾਂ ਵਿੱਚ ਦੇਸ਼-ਵਿਦੇਸ਼ ਤੋਂ ਸੰਗਤ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਅਤੇ ਇਸ ਇਤਿਹਾਸਕ ਪੁਰਬ ਮੌਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 23 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਬੜੀ ਸ਼ਰਧਾ ਪੂਰਵਕ ਢੰਗ ਨਾਲ ਕਰਵਾਏ ਜਾ ਰਹੇ ਹਨ। ਸ਼ਹੀਦੀ ਸਮਾਗਮ ਦੇ ਪ੍ਰਮੁੱਖ ਦਿਨ ਤੋਂ ਤਿੰਨ ਦਿਨ ਪਹਿਲਾਂ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਨਤਮਸਤਕ ਹੋਣ ਪਹੁੰਚ ਗਈ ਸੀ। ਇਸ ਤੋਂ ਪਹਿਲਾਂ ਬੀਤੇ ਦਿਨ ਐਤਵਾਰ ਨੂੰ ਦਸਮ ਪਿਤਾ, ਸ੍ਰੀ ਗੁਰੂ ਗੋਬਿੰਦ ਸਿੰਘ ਦੇ ਗੁਰਗੱਦੀ ਦਿਵਸ ਦੀ ਸ਼ਤਾਬਦੀ ਦੇ ਮੁੱਖ ਸਮਾਗਮ ਤਹਿਤ 23 ਨਵੰਬਰ ਨੂੰ ਗੁਰਦੁਆਰਾ ਭੋਰਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਸਨ। ਇਸ ਦੇ ਨਾਲ ਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ 23 ਨਵੰਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਆਰੰਭ ਕੀਤੇ ਗਏ ਸਨ, ਜਿਨ੍ਹਾਂ ਦੇ ਭੋਗ 25 ਨਵੰਬਰ ਨੂੰ ਸਵੇਰੇ ਪਾਇਆ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਫਲਸਫੇ ਬਾਰੇ ਸੰਗਤ ਨਾਲ ਗੱਲ ਕੀਤੀ ਤੇ ਦੱਸਿਆ ਕਿ ਕਿਵੇਂ ਅੱਜ ਦੇ ਸਮੇਂ ‘ਚ ਖਾਸ ਤੌਰ ‘ਤੇ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਦੀ ਵੱਡੀ ਮਹੱਤਤਾ ਬਣਦੀ ਹੈ।

ਸੰਗਤ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਕਾਰ ਸੇਵਾ ਵਾਲੇ ਮਹਾਪੁਰਖਾਂ ਅਤੇ ਵੱਖ-ਵੱਖ ਜਥੇਬੰਦੀਆਂ ਨੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਸਨ। ਧਰਮ ਪ੍ਰਚਾਰ ਕਮੇਟੀ ਨੇ ਗੁਰਦੁਆਰਾ ਭੋਰਾ ਸਾਹਿਬ ਵਿੱਚ ਗੁਰੂ ਤੇਗ ਬਹਾਦਰ ਅਤੇ ਗੁਰੂ ਗੋਬਿੰਦ ਸਿੰਘ ਦੇ ਜੀਵਨ ਇਤਿਹਾਸ ਨਾਲ ਸਬੰਧਤ ਚਿੱਤਰ ਪ੍ਰਦਰਸ਼ਨੀ ਲਾਈ ਹੈ, ਜੋ ਸੰਗਤ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਇਸ ਤੋਂ ਇਲਾਵਾ ਪੁਸਤਕ ਪ੍ਰਦਰਸ਼ਨੀ ਵਿੱਚ ਵੀ ਧਾਰਮਿਕ ਸਾਹਿਤ ਪ੍ਰਤੀ ਸੰਗਤ ਦੀ ਰੁਚੀ ਦੇਖਣ ਨੂੰ ਮਿਲੀ।

ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਰਫੋਂ ਭਾਈ ਜੈਤਾ ਜੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਉਣ ਦੀ ਯਾਦ ’ਚ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ‘ਸੀਸ ਮਾਰਗ ਨਗਰ ਕੀਰਤਨ’ ਵੀ ਆਰੰਭ ਕੀਤਾ ਗਿਆ। ਇਹ ਨਗਰ ਕੀਰਤਨ ਉਨ੍ਹਾਂ ਅਸਥਾਨਾਂ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇਗਾ, ਜਿਨ੍ਹਾਂ ਅਸਥਾਨਾਂ ‘’ਤੇ ਭਾਈ ਜੈਤਾ ਜੀ ਨੌਵੇਂ ਪਾਤਸ਼ਾਹ ਜੀ ਦਾ ਸੀਸ ਲੈ ਕੇ ਰੁਕੇ ਸਨ। ਖ਼ਾਲਸਈ ਜਾਹੋ ਜਲਾਲ ਨਾਲ ਆਰੰਭ ਹੋਏ ਨਗਰ ਕੀਰਤਨ ’ਚ ਵੱਡੀ ਗਿਣਤੀ ਸੰਗਤਾਂ ਵੱਲੋਂ ਸ਼ਮੂਲੀਅਤ ਕਰਕੇ ਨੌਵੇਂ ਪਾਤਸ਼ਾਹ ਜੀ ਨੂੰ ਸਤਿਕਾਰ ਭੇਟ ਕੀਤਾ ਗਿਆ।

ਓਧਰ, ਸਮਾਗਮਾਂ ਦੀ ਲੜੀ ਤਹਿਤ, ਪੰਜਾਬ ਸਰਕਾਰ ਵੱਲੋਂ ਛਾਉਣੀ ਬੁੱਢਾ ਦਲ ਵਿਖੇ ਸਜਾਏ ਗਏ ਵਿਸ਼ਾਲ ਪੰਡਾਲ ਵਿੱਚ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਦੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਅਤੇ ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਗੁਰਬਾਣੀ ਕੀਰਤਨ ਸਰਵਣ ਕਰਕੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ।

ਰਾਜਧਾਨੀ ਦਿੱਲੀ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਦਾ ਸ਼ੁਭ ਆਰੰਭ 23 ਨਵੰਬਰ ਨੂੰ ਸ਼ਾਮ ਵੇਲੇ ਸ਼ਰਧਾ ਅਤੇ ਸਤਿਕਾਰ ਨਾਲ ਹੋਇਆ ਅਤੇ ਲਾਲ ਕਿਲ੍ਹਾ ਮੈਦਾਨ ਵਿੱਚ ਦਿੱਲੀ ਸਰਕਾਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ‘ਤੇ ਵਿਸ਼ਾਲ ਸਮਾਗਮ ਕਰਵਾਏ ਗਏ। ਲਾਲ ਕਿਲ੍ਹਾ ਕੰਪਲੈਕਸ ਵਿਖੇ ਆਯੋਜਿਤ ਇੱਕ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸਿੱਖ ਇਤਿਹਾਸ ਅਤੇ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਸ਼ਾਨਦਾਰ ਅਤੇ ਭਾਵੁਕ ਢੰਗ ਨਾਲ ਪੇਸ਼ ਕੀਤਾ ਗਿਆ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਦੇ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣੇ ਦੇ ਕੁਰੂਕਸ਼ੇਤਰ ਵਿਖੇ ਹੋਏ ਸਮਾਗਮ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਵਿਸ਼ੇਸ਼ ਸਿੱਕਾ ਅਤੇ ਯਾਦਗਾਰੀ ਡਾਕ ਟਿਕਟ ਜਾਰੀ ਕਰਕੇ ਆਪਣੀ ਹਾਜ਼ਰੀ ਲਗਵਾਈ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video