ADVERTISEMENT

ADVERTISEMENT

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਪੰਜਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਐਡਵੋਕੇਟ ਧਾਮੀ ਨੂੰ 117 ਅਤੇ ਸ. ਕਾਹਨੇਕੇ ਨੂੰ ਮਿਲੀਆਂ 18 ਵੋਟਾਂ, 1 ਵੋਟ ਹੋਈ ਰੱਦ

ਪ੍ਰਧਾਨਗੀ ਦਾ ਅਹੁਦਾ ਸੰਭਾਲਦੇ ਹੋਏ ਹਰਜਿੰਦਰ ਸਿੰਘ ਧਾਮੀ / Courtesy Photo

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਪੰਜਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਜਨਰਲ ਇਜਲਾਸ ਦੌਰਾਨ ਹੋਈ ਚੋਣ ਮੌਕੇ ਕੁੱਲ ਪਈਆਂ 136 ਵੋਟਾਂ ਵਿੱਚੋਂ 117 ਵੋਟਾਂ ਪ੍ਰਾਪਤ ਕਰਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਹਾਸਲ ਕੀਤੀ।

 

ਉਨ੍ਹਾਂ ਦੇ ਮੁਕਾਬਲੇ ਪ੍ਰਧਾਨਗੀ ਦੀ ਚੋਣ ਲੜਨ ਲਈ ਖੜੇ ਸ. ਮਿੱਠੂ ਸਿੰਘ ਕਾਹਨੇਕੇ ਨੂੰ 18 ਵੋਟਾਂ ਪਈਆਂ, ਜਦਕਿ 1 ਵੋਟਾਂ ਰੱਦ ਹੋਈ। ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਮੌਜੂਦ ਰਹੇ।

 

ਜਨਰਲ ਇਜਲਾਸ ਦੌਰਾਨ ਸ. ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਸ. ਬਲਦੇਵ ਸਿੰਘ ਕਲਿਆਣ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਸ. ਸ਼ੇਰ ਸਿੰਘ ਮੰਡਵਾਲਾ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ ਚੁਣੀ ਗਈ 11 ਮੈਂਬਰੀ ਅੰਤ੍ਰਿੰਗ ਕਮੇਟੀ ਵਿਚ ਸ. ਸੁਰਜੀਤ ਸਿੰਘ ਗੜ੍ਹੀ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਕੰਗ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੇਜਰ ਸਿੰਘ ਢਿੱਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ ਤੇ ਸ. ਮਿੱਠੂ ਸਿੰਘ ਕਾਹਨੇਕੇ ਸ਼ਾਮਲ ਹਨ।

 

ਐਡਵੋਕੇਟ ਧਾਮੀ ਨੇ ਪ੍ਰਧਾਨ ਚੁਣੇ ਜਾਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੌਮ ਦੀ ਸੇਵਾ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਪ੍ਰਾਪਤ ਹੋਈ ਹੈ, ਜਿਸ ਨੂੰ ਉਹ ਗੁਰੂ ਸਾਹਿਬ ਦੀ ਭੈਅ ਭਾਵਨੀ ਅਨੁਸਾਰ ਨਿਭਾਉਣ ਦਾ ਯਤਨ ਕਰਨਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਪਹਿਲੀ ਤਰਜੀਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਮਾਗਮਾਂ ਨੂੰ ਕੌਮੀ ਪੱਧਰ ’ਤੇ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਵੱਧ ਰਹੀ ਆਮਦ ਦੇ ਮੱਦੇਨਜ਼ਰ ਹੋਰ ਸਰਾਵਾਂ ਉਸਾਰਨ ਲਈ ਸ਼ੁਰੂ ਕੀਤੇ ਜਾ ਰਹੇ ਕਾਰਜਾਂ ਨੂੰ ਜਲਦ ਪੂਰਾ ਕਰਨ ਦੇ ਯਤਨ ਕੀਤੇ ਜਾਣਗੇ।

Comments

Related