ADVERTISEMENT

ADVERTISEMENT

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਕੌਮੀ ਪੱਧਰ ’ਤੇ ਮਨਾਉਣ ਦਾ ਫੈਸਲਾ

ਨੌਵੇਂ ਪਾਤਸ਼ਾਹ ਜੀ ਦੇ ਇਤਿਹਾਸਕ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ ਕੇਂਦਰ ਸਰਕਾਰ- ਐਡਵੋਕੇਟ ਧਾਮੀ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਆ ਰਹੇ ਹੋਰ ਸ਼ਤਾਬਦੀ ਦਿਹਾੜਿਆਂ ਦੇ ਸਬੰਧ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਪੀਲ ਕੀਤੀ ਹੈ ਕਿ ਉਹ ਗੁਰੂ ਸਾਹਿਬਾਨ ਨੂੰ ਸਮਰਪਿਤ ਢੁੱਕਵੀਆਂ ਯਾਦਗਾਰਾਂ ਉਸਾਰਨ ਦੀ ਪਹਿਲਕਦਮੀ ਕਰਨ। 

12 ਜੂਨ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਦੀ ਸ਼ਤਾਬਦੀ ਨਵੰਬਰ 2025 ਵਿਚ ਕੌਮੀ ਪੱਧਰ ’ਤੇ ਮਨਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਸ਼ਾਲ ਪੱਧਰ ’ਤੇ ਗੁਰਮਤਿ ਸਮਾਗਮ, ਨਗਰ ਕੀਰਤਨ, ਸੈਮੀਨਾਰ ਅਤੇ ਇਤਿਹਾਸਕ ਪ੍ਰਕਾਸ਼ਨਾਵਾਂ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਹੈ। ਇਹ ਸਮਾਗਮ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਅਤੇ ਜਥੇਬੰਦੀਆਂ ਦੇ ਸਹਿਯੋਗ ਨਾਲ ਕੀਤੇ ਜਾਣਗੇ, ਜਦਕਿ ਸਰਕਾਰ ਦਾ ਫ਼ਰਜ਼ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਾਲੀਆਂ ਸੇਵਾਵਾਂ ਨਿਭਾਉਣ। 

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਸਬੰਧੀ ਸੰਗਤ ਪਾਸੋਂ ਸੁਝਾਅ ਮੰਗੇ ਗਏ ਹਨ, ਲੇਕਿਨ ਇਹ ਕਾਰਜ ਕਰਨਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਜ਼ੁੰਮੇਵਾਰੀ ਹੈ, ਨਾ ਕਿ ਸਰਕਾਰ ਦੀ। ਸਰਕਾਰਾਂ ਦਾ ਕੰਮ ਸ਼ਤਾਬਦੀਆਂ ਮੌਕੇ ਢੁੱਕਵੀਆਂ ਯਾਦਗਾਰਾਂ ਬਣਾਉਣਾ ਅਤੇ ਗੁਰੂ ਸਾਹਿਬਾਨ ਨਾਲ ਸਬੰਧਤ ਨਗਰਾਂ ਅਤੇ ਅਸਥਾਨਾਂ ਵਿਖੇ ਵਿਕਾਸ ਦੇ ਕਾਰਜ ਕਰਨਾ ਹੈ।

ਐਡਵੋਕੇਟ ਧਾਮੀ ਨੇ ਕੇਂਦਰ ਸਰਕਾਰ ਨੂੰ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਕਿ ਉਹ ਨੌਵੇਂ ਪਾਤਸ਼ਾਹ ਜੀ ਦੇ ਇਸ ਇਤਿਹਾਸਕ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੇ ਨਾਲ-ਨਾਲ ਉਸ ਸਮੇਂ ਹਿੰਦੂ ਧਰਮ ਨੂੰ ਬਚਾਉਣ ਲਈ ਆਪਣੀ ਸ਼ਹਾਦਤ ਦਿੱਤੀ ਸੀ, ਜੋ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਇਕ ਮਿਸਾਲ ਹੈ।

ਉਨਾਂ ਕਿਹਾ ਕਿ ਕੇਂਦਰ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਗੁਰੂ ਸਾਹਿਬ ਦੀ ਇਸ ਮਹਾਨ ਸ਼ਹਾਦਤ ਨੂੰ ਸਤਿਕਾਰ ਦਿੰਦਿਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ।

Comments

Leave A Comment

Required fields are marked (*).

Related

Talk to us?