ADVERTISEMENT

ADVERTISEMENT

ਪੇਪਰ ਲੀਕ ਖ਼ਿਲਾਫ਼ ਸਰਕਾਰ ਦਾ ਸਖ਼ਤ ਕਾਨੂੰਨ, ਕੈਬਨਿਟ ਨੇ ਲਾਈ ਮੋਹਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ- ਪੇਪਰ ਲੀਕ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਭਵਿੱਖ ਨਾਲ ਜੁੜਿਆ ਗੰਭੀਰ ਮੁੱਦਾ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ / IG

ਦੇਸ਼ ਭਰ ਵਿੱਚ ਪੇਪਰ ਲੀਕ ਦੀਆਂ ਘਟਨਾਵਾਂ 'ਤੇ ਸਖ਼ਤ ਨਕੇਲ ਕੱਸਣ ਲਈ ਕੇਂਦਰ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿੱਚ 'ਪੇਪਰ ਲੀਕ ਸੋਧ ਬਿੱਲ' ਨੂੰ ਮਨਜ਼ੂਰੀ ਦੇ ਦਿੱਤੀ ਗਈ। ਇਸ ਬਿੱਲ ਵਿੱਚ ਪੇਪਰ ਲੀਕ ਮਾਫੀਆ ਅਤੇ ਇਸ ਨਾਲ ਜੁੜੇ ਸੰਗਠਿਤ ਗਿਰੋਹਾਂ ਵਿਰੁੱਧ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਵਿਸ਼ੇਸ਼ ਫਾਸਟ-ਟਰੈਕ ਅਦਾਲਤਾਂ ਨੂੰ ਕਾਨੂੰਨੀ ਮਾਨਤਾ ਦੇਣ ਦੀ ਵਿਵਸਥਾ ਵੀ ਕੀਤੀ ਗਈ ਹੈ।

 

ਸੋਧ ਬਿੱਲ ਅਨੁਸਾਰ, ਪੇਪਰ ਲੀਕ ਦੇ ਮਾਮਲਿਆਂ ਦੀ ਸੁਣਵਾਈ ਲਈ ਵਿਸ਼ੇਸ਼ ਫਾਸਟ-ਟਰੈਕ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ, ਜਿਨ੍ਹਾਂ ਨੂੰ ਤਿੰਨ ਮਹੀਨਿਆਂ ਦੇ ਅੰਦਰ ਸੁਣਵਾਈ ਪੂਰੀ ਕਰਕੇ ਫ਼ੈਸਲਾ ਸੁਣਾਉਣ ਦਾ ਅਧਿਕਾਰ ਹੋਵੇਗਾ। ਪੇਪਰ ਲੀਕ ਦੇ ਅਪਰਾਧਾਂ ਵਿੱਚ ਦੋਸ਼ੀ ਸਾਬਤ ਹੋਣ ਵਾਲਿਆਂ ਨੂੰ ਵੱਧ ਤੋਂ ਵੱਧ 10 ਸਾਲ ਦੀ ਕੈਦ ਅਤੇ 10 ਕਰੋੜ ਰੁਪਏ ਤੱਕ ਦਾ ਜੁਰਮਾਨਾ ਹੋ ਸਕੇਗਾ। ਸਰਕਾਰ ਇਸ ਸੋਧ ਬਿੱਲ ਨੂੰ 27 ਜੁਲਾਈ ਨੂੰ ਸੰਸਦ ਵਿੱਚ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ।

 

ਪ੍ਰਧਾਨ ਮੰਤਰੀ ਮੋਦੀ ਦਾ ਸੰਦੇਸ਼

ਵੀਰਵਾਰ ਨੂੰ ਜਾਰੀ ਆਪਣੇ ਵੀਡੀਓ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪੇਪਰ ਲੀਕ ਕੋਈ ਆਮ ਘਟਨਾ ਨਹੀਂ, ਸਗੋਂ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਭਵਿੱਖ ਨਾਲ ਜੁੜਿਆ ਗੰਭੀਰ ਮੁੱਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਢਾਈ ਮਹੀਨਿਆਂ ਦੌਰਾਨ ਸਰਕਾਰ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਕਈ ਠੋਸ ਕਦਮ ਚੁੱਕੇ ਹਨ, ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ ਅਤੇ ਇਹ ਯਕੀਨੀ ਬਣਾਇਆ ਗਿਆ ਕਿ ਵਿਦਿਆਰਥੀਆਂ ਦਾ ਅਕਾਦਮਿਕ ਸਾਲ ਖ਼ਰਾਬ ਨਾ ਹੋਵੇ। ਉਨ੍ਹਾਂ ਦੱਸਿਆ ਕਿ ਥੋੜ੍ਹੇ ਸਮੇਂ ਵਿੱਚ 22 ਲੱਖ ਵਿਦਿਆਰਥੀਆਂ ਲਈ ਮੁੜ ਪ੍ਰੀਖਿਆਵਾਂ ਕਰਵਾਈਆਂ ਗਈਆਂ, ਜਿਨ੍ਹਾਂ ਦੇ ਨਤੀਜੇ 19 ਜੁਲਾਈ ਨੂੰ ਐਲਾਨੇ ਗਏ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਫਾਸਟ-ਟਰੈਕ ਅਦਾਲਤਾਂ ਰਾਹੀਂ ਅਜਿਹੇ ਮਾਮਲਿਆਂ ਵਿੱਚ ਤੁਰੰਤ ਇਨਸਾਫ਼ ਯਕੀਨੀ ਬਣਾਇਆ ਜਾਵੇਗਾ।

 

ਸੰਸਦ ਵਿੱਚ ਹੰਗਾਮਾ

ਪੇਪਰ ਲੀਕ ਦੇ ਮੁੱਦੇ ਨੂੰ ਲੈ ਕੇ ਸ਼ੁੱਕਰਵਾਰ ਨੂੰ ਸੰਸਦ ਦੇ ਦੋਵਾਂ ਸਦਨਾਂ ਵਿੱਚ ਜ਼ੋਰਦਾਰ ਹੰਗਾਮਾ ਹੋਇਆ। ਵਿਰੋਧੀ ਧਿਰ ਨੇ ਇਸ ਮਾਮਲੇ 'ਤੇ ਸਰਕਾਰ ਨੂੰ ਘੇਰਿਆ, ਜਿਸ ਕਾਰਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਐਤਵਾਰ ਤੱਕ ਮੁਲਤਵੀ ਕਰਨੀ ਪਈ।

 

ਸਿੱਖਿਆ ਵਿਭਾਗ ਵਿੱਚ ਵੱਡਾ ਫੇਰਬਦਲ

ਇਸ ਦਰਮਿਆਨ ਕੇਂਦਰ ਸਰਕਾਰ ਨੇ ਸਿੱਖਿਆ ਮੰਤਰਾਲੇ ਦੇ ਉੱਚ ਸਿੱਖਿਆ ਵਿਭਾਗ ਵਿੱਚ ਵੀ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਰਾਜਸਥਾਨ ਕੇਡਰ ਦੇ 1994 ਬੈਚ ਦੇ ਆਈਏਐਸ ਅਧਿਕਾਰੀ ਨਰੇਸ਼ ਪਾਲ ਗੰਗਵਾਰ ਨੂੰ ਉੱਚ ਸਿੱਖਿਆ ਵਿਭਾਗ ਦਾ ਨਵਾਂ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ ਮੌਜੂਦਾ ਸਕੱਤਰ ਵਿਨੀਤ ਜੋਸ਼ੀ ਦੀ ਥਾਂ ਅਹੁਦਾ ਸੰਭਾਲਣਗੇ।

 

ਵਿਰੋਧ ਪ੍ਰਦਰਸ਼ਨ ਜਾਰੀ 

ਪੇਪਰ ਲੀਕ ਦੇ ਮਾਮਲੇ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਰੋਧ ਪ੍ਰਦਰਸ਼ਨ ਵੀ ਹੋਏ। ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੇ ਐਨਈਈਟੀ ਪੇਪਰ ਲੀਕ ਮਾਮਲੇ ਦੇ ਵਿਰੋਧ ਵਿੱਚ 26 ਦਿਨਾਂ ਤੋਂ ਚੱਲ ਰਹੀ ਆਪਣੀ ਭੁੱਖ ਹੜਤਾਲ ਵੀਰਵਾਰ ਨੂੰ ਖ਼ਤਮ ਕੀਤੀ। ਇਸ ਤੋਂ ਇਲਾਵਾ, ਦਿੱਲੀ ਦੇ ਜੰਤਰ-ਮੰਤਰ 'ਤੇ ਵੀ ਇਸ ਮੁੱਦੇ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਜਾਰੀ ਹਨ।

Comments

Leave A Comment

Required fields are marked (*).

Related

Talk to us?