ADVERTISEMENTs

SGPC ਨੇ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਲਾਲਪੁਰਾ ’ਤੇ ਅਕਾਲ ਤਖ਼ਤ ਸਾਹਿਬ ਤੋਂ ਕਾਰਵਾਈ ਦੀ ਕੀਤੀ ਮੰਗ

ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਕਹਿਣ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਲਿਆ ਨੋਟਿਸ

ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ / Wikipedia

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਵੱਲੋਂ ਸਿੱਖੀ ਦੀ ਅੱਡਰੀ ਹੋਂਦ ਹਸਤੀ ਨੂੰ ਸਨਾਤਨ ਨਾਲ ਰਲਗੱਡ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ’ਤੇ ਪੰਥਕ ਰਵਾਇਤਾਂ ਅਨੁਸਾਰ ਕਰੜੀ ਕਾਰਵਾਈ ਕਰਨ।


ਉਨ੍ਹਾਂ ਆਖਿਆ ਕਿ ਸ. ਲਾਲਪੁਰਾ ਨੇ ਬੀਤੇ ਦਿਨੀਂ ਦਿੱਲੀ ਵਿਖੇ ਇੱਕ ਸਮਾਗਮ ਦੌਰਾਨ ਸਿੱਖ ਧਰਮ ਦੇ ਸਿਧਾਂਤਾਂ ਅਤੇ ਪਾਵਨ ਗੁਰਬਾਣੀ ਦੀ ਵਿਚਾਰਧਾਰਾ ਦੇ ਵਿਰੁੱਧ ਜਾ ਕੇ ਮਨਘੜਤ ਬਿਆਨਬਾਜੀ ਕੀਤੀ ਹੈ, ਜਿਸ ਨਾਲ ਸਿੱਖ ਕੌਮ ਦੇ ਨਿਆਰੇਪਨ ਅਤੇ ਇਸ ਦੀ ਮੌਲਿਕਤਾ ਨੂੰ ਸੱਟ ਵੱਜੀ ਹੈ। ਸ. ਲਾਲਪੁਰਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਕਹਿਣਾ ਆਰਐੱਸਐੱਸ ਅਤੇ ਭਾਜਪਾ ਦੇ ਉੱਚ ਆਗੂਆਂ ਨੂੰ ਖੁਸ਼ ਕਰਨ ਦੀ ਘਟੀਆ ਹਰਕਤ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਲਾਲਪੁਰਾ ਦੀ ਅਜਿਹੀ ਬਿਆਨਬਾਜੀ ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਸਿੱਖ ਕੌਮ ਦਾ ਘੋਰ ਨਿਰਾਦਰ ਹੈ, ਜਿਸ ਨੂੰ ਲੈ ਕੇ ਇਨ੍ਹਾਂ ਵਿਰੁੱਧ ਕਰੜੀ ਕਾਰਵਾਈ ਹੋਣੀ ਚਾਹੀਦੀ ਹੈ।

 
ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਕੇਵਲ ਇੱਕ ਅਕਾਲ ਪੁਰਖ ਨਾਲ ਜੋੜਦੀ ਹੈ ਅਤੇ ਸਿੱਖੀ ਅੰਦਰ ਅਵਤਾਰਵਾਦ ਨੂੰ ਕੋਈ ਥਾਂ ਨਹੀਂ ਹੈ। ਦੇਵੀ ਦੇਵਤਿਆਂ ਨਾਲ ਸਿੱਖ ਗੁਰੂ ਸਾਹਿਬਾਨ ਨੂੰ ਜੋੜਨਾ ਸ. ਲਾਲਪੁਰਾ ਵੱਲੋਂ ਆਰਐੱਸਐੱਸ ਦੇ ਏਜੰਡਾ ਨੂੰ ਅੱਗੇ ਵਧਾਉਣ ਦਾ ਹੀ ਇੱਕ ਹਿੱਸਾ ਹੈ।

 
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਲਈ ਇਹ ਬੇਹੱਦ ਚਿੰਤਨ ਦਾ ਮਾਮਲਾ ਹੈ, ਜਿਸ ਪ੍ਰਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਖ਼ਲ ਦੇਣ ਤਾਂ ਜੋ ਅੱਗੇ ਤੋਂ ਕੋਈ ਅਜਿਹੀ ਸਿੱਖ ਵਿਰੋਧੀ ਹਰਕਤ ਨਾ ਕਰੇ ਅਤੇ ਸਿੱਖ ਇੱਕ ਵੱਖਰੀ ਕੌਮ ਹੋਣ ਦੇ ਮਾਣ ਨੂੰ ਸੱਟ ਨਾ ਵੱਜੇ।

 

Comments

Related

ADVERTISEMENT

 

 

 

ADVERTISEMENT

 

 

E Paper

 

 

 

Video