ADVERTISEMENT

ADVERTISEMENT

ਕਸ਼ਮੀਰ ਦੀ ਸਿੱਖ ਸੰਗਤ ਨੇ ਹੜ੍ਹ ਪੀੜਤ ਫੰਡ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤੇ 79 ਲੱਖ 50 ਹਜ਼ਾਰ ਰੁਪਏ

350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਗੁਰਦੁਆਰਾ ਸਾਹਿਬ ਮਟਨ ਤੋਂ ਨਗਰ ਕੀਰਤਨ ਸਬੰਧੀ ਕੀਤੀ ਚਰਚਾ

ਕਸ਼ਮੀਰ ਦੀ ਸਿੱਖ ਸੰਗਤ ਨੇ ਗੁਰੂਘਰਾਂ ਦੇ ਸਹਿਯੋਗ ਨਾਲ ਵੱਡੇ ਪੱਧਰ ‘ਤੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਸਹਿਯੋਗ ਦਿੱਤਾ ਹੈ / Courtesy Photo

ਕਸ਼ਮੀਰ ਦੀਆਂ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਸ੍ਰੀ ਅੰਮ੍ਰਿਤਸਰ ਵਿਖੇ ਮੁਲਾਕਾਤ ਕਰਕੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿਚ ਗੁਰਦੁਆਰਾ ਸਾਹਿਬ ਮਟਨ (ਕਸ਼ਮੀਰ) ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਬਾਰੇ ਵਿਸਥਾਰਪੂਰਵਕ ਵਿਚਾਰ ਚਰਚਾ ਕੀਤੀ।

 

ਇਸ ਮੌਕੇ ਕਸ਼ਮੀਰ ਦੀਆਂ ਸਿੱਖ ਸੰਗਤਾਂ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਇਕ ਵੱਡੀ ਰਕਮ 79 ਲੱਖ 50 ਹਜ਼ਾਰ ਰੁਪਏ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪ੍ਰਦਾਨ ਕੀਤੀ ਗਈ।

 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮੌਕੇ ਕਸ਼ਮੀਰ ਦੀਆਂ ਜ਼ਿਲ੍ਹਾ ਗੁਰਦੁਆਰਾ ਕਮੇਟੀਆਂ ਦੇ ਪ੍ਰਤੀਨਿਧਾਂ ਤੇ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੰਮੂ ਕਸ਼ਮੀਰ ਦੀਆਂ ਸਿੱਖ ਸੰਗਤਾਂ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬੀ ਲੋਕਾਂ ਲਈ ਸਹਿਯੋਗ ਕਰਨਾ ਗੁਰੂ ਸਾਹਿਬਾਨ ਦੇ ਮਨੁੱਖੀ ਸੇਵਾ ਦੇ ਫਲਸਫੇ ਦਾ  ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦਾ ਮਾਰਗ ਸੇਵਾ ਤੇ ਭਾਈਚਾਰਕ ਸਾਂਝ ਦੀ ਪ੍ਰੇਰਨਾ ਦਿੰਦਾ ਹੈ ਅਤੇ ਕਸ਼ਮੀਰ ਦੀ ਸੰਗਤ ਵੱਲੋਂ ਕੀਤਾ ਇਹ ਉਪਰਾਲਾ ਸਿੱਖ ਭਾਈਚਾਰੇ ਦੀ ਇਕਤਾ ਤੇ ਮਨੁੱਖਤਾ ਪ੍ਰਤੀ ਪਿਆਰ ਦਾ ਸੰਦੇਸ਼ ਹੈ।

 

ਇਸ ਮੌਕੇ ਐਡਵੋਕੇਟ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮਟਨ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਿੱਚ ਕਸ਼ਮੀਰ ਦੀਆਂ ਜ਼ਿਲ੍ਹਾ ਗੁਰਦੁਆਰਾ ਕਮੇਟੀਆਂ ਦਾ ਪੂਰਾ ਸਹਿਯੋਗ ਲਿਆ ਜਾਵੇਗਾ, ਤਾਂ ਜੋ ਸਥਾਨਕ ਸਿੱਖ ਸੰਗਤਾਂ ਦੀ ਭਾਗੀਦਾਰੀ ਨਾਲ ਇਹ ਸਮਾਗਮ ਹੋਰ ਸਿੱਟਾਮੁਖੀ ਬਣਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਲਦ ਹੀ ਕਸ਼ਮੀਰ ਦੇ ਸਿੱਖ ਆਗੂਆਂ ਨਾਲ ਸਥਾਨਕ ਪੱਧਰ ‘ਤੇ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਨਗਰ ਕੀਰਤਨ ਦੇ ਮਾਰਗ, ਪ੍ਰੋਗਰਾਮਾਂ ਤੇ ਪ੍ਰਬੰਧਾਂ ਬਾਰੇ ਵਿਸਥਾਰਿਤ ਰੂਪ-ਰੇਖਾ ਤਿਆਰ ਕੀਤੀ ਜਾਵੇਗੀ।

 

ਇਸ ਮੌਕੇ ਕਸ਼ਮੀਰ ਦੇ ਸਿੱਖ ਆਗੂ ਸ. ਗੁਰਜੀਤ ਸਿੰਘ ਨੇ ਕਿਹਾ ਕਿ ਕਸ਼ਮੀਰ ਦੀ ਸਿੱਖ ਸੰਗਤ ਨੇ ਗੁਰੂਘਰਾਂ ਦੇ ਸਹਿਯੋਗ ਨਾਲ ਵੱਡੇ ਪੱਧਰ ‘ਤੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਾਡੇ ਲਈ ਆਪਣਾ ਹੈ ਤੇ ਹੜ੍ਹ ਪੀੜਤਾਂ ਲਈ ਸਹਿਯੋਗ ਦੇਣਾ ਸਾਡਾ ਫਰਜ ਹੈ।

Comments

Related