ਬੀਤੇ ਦਿਨਾਂ ਵਿੱਚ ਵਾਪਰੇ ਘਟਨਾਕ੍ਰਮ ਨੂੰ ਵੇਖਦੇ ਹੋਏ ਇੰਝ ਪ੍ਰਤੀਤ ਹੋ ਰਿਹਾ ਸੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਕਾਂ ਵਿੱਚ ਵਖਰੇਵੇਂ ਲਗਾਤਾਰ ਵਧ ਰਹੇ ਹਨ, ਪਰ ਅਜਿਹੇ ਸਮੇਂ ਇੱਕ ਰਾਹਤ ਭਰੀ ਖਬਰ ਉਦੋਂ ਸਾਹਮਣੇ ਆਈ ਜਦੋਂ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਮੁਲਾਕਾਤ ਕਰਨ ਲਈ ਪਹੁੰਚੀ। ਇਹ ਮੁਲਾਕਾਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਲੈ ਕੇ ਹੋਈ।
ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਦੀ ਅਗਵਾਈ ਹੇਠ ਇਕ ਵਫ਼ਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਬਾਰੇ ਵਿਚਾਰ-ਚਰਚਾ ਕੀਤੀ। ਵਫ਼ਦ ਨੇ ਐਡਵੋਕੇਟ ਧਾਮੀ ਨੂੰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ 31 ਅਗਸਤ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਅਤੇ ਸਿੱਖ ਸੰਸਥਾ ਵੱਲੋਂ ਸਹਿਯੋਗ ਦੀ ਅਪੀਲ ਕੀਤੀ।
ਇਸ ਵਫ਼ਦ ਵਿਚ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ, ਸਿੱਖ ਆਗੂ ਸ. ਜਸਬੀਰ ਸਿੰਘ ਧਾਮ ਮੁੰਬਈ, ਜਨਰਲ ਸਕੱਤਰ ਸ. ਇੰਦਰਜੀਤ ਸਿੰਘ ਅਤੇ ਮੀਤ ਪ੍ਰਧਾਨ ਸ. ਗੁਰਵਿੰਦਰ ਸਿੰਘ ਮੌਜੂਦ ਸਨ। ਮੁਲਾਕਾਤ ਦੌਰਾਨ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਪਟਨਾ ਸਾਹਿਬ ਤੋਂ 31 ਅਗਸਤ ਨੂੰ ਵਿਸ਼ੇਸ਼ ਤੌਰ ’ਤੇ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ, ਜੋ ਝਾਰਖੰਡ, ਬੰਗਾਲ, ਕਲਕੱਤਾ, ਆਸਣਸੋਹਲ, ਉੜੀਸਾ, ਬਨਾਰਸ, ਕਾਨ੍ਹਪੁਰ, ਲਖਨਊ, ਉਤਰਾਖੰਡ, ਦਿੱਲੀ ਅਤੇ ਹਰਿਆਣਾ ਰਾਹੀਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਉਨ੍ਹਾਂ ਕਿਹਾ ਕਿ ਅੱਜ ਉਹ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਜਿਥੇ ਸ਼ਮੂਲੀਅਤ ਲਈ ਬੇਨਤੀ ਕਰਨ ਆਏ ਹਨ, ਉਥੇ ਹੀ ਉਨ੍ਹਾਂ ਨੇ ਸਿੱਖ ਸੰਸਥਾ ਵੱਲੋਂ ਸਹਿਯੋਗ ਲਈ ਵੀ ਅਪੀਲ ਕੀਤੀ ਹੈ।
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਕੌਮੀ ਜਾਹੋ-ਜਲਾਲ ਨਾਲ ਮਨਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਲਈ ਹਰ ਤਰ੍ਹਾਂ ਦੇਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਆਗੂਆਂ ਨੂੰ ਸਨਮਾਨਿਤ ਵੀ ਕੀਤਾ।
Comments
Start the conversation
Become a member of New India Abroad to start commenting.
Sign Up Now
Already have an account? Login