ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਭਾਰਤ ਮੰਡਪਮ (ਪ੍ਰਗਤੀ ਮੈਦਾਨ) ਵਿਖੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਹਾਜ਼ਰੀ ਵਿੱਚ ਮੰਗਲਵਾਰ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਗਿਆ। ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮਾਂ ਦੌਰਾਨ ਪ੍ਰਧਾਨ ਮੰਤਰੀ ਨੇ ਬਹਾਦਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਮੌਜੂਦ ਨੌਜਵਾਨਾਂ ਨੂੰ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਯਕੀਨੀ ਬਣਾਉਣ ਦਾ ਸੱਦਾ ਦਿੱਤਾ। ਇਸ ਦੌਰਾਨ ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਯੁਵਾ ਤੇ ਖੇਡ ਮੰਤਰੀ ਅਨੁਰਾਗ ਸਿੰਘ ਠਾਕੁਰ ਅਤੇ ਕੇਂਦਰੀ ਘੱਟਗਿਣਤੀ ਮਾਮਲੇ ਮੰਤਰੀ ਸਮਰਿਤੀ ਇਰਾਨੀ ਵੀ ਮੌਜੂਦ ਸਨ।
ਇਸ ਦਿਹਾੜੇ ਸਬੰਧੀ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਕਸ ਪੋਸਟ ਵਿੱਚ ਲਿਖਿਆ, “ਵੀਰ ਬਾਲ ਦਿਵਸ 'ਤੇ, ਮੈਂ ਦਸ਼ਮੇਸ਼ ਪਿਤਾ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਪ੍ਰਣਾਮ ਕਰਦਾ ਹਾਂ। ਅਦੁੱਤੀ ਹਿੰਮਤ ਨਾਲ ਉਹ ਜਾਬਰ ਮੁਗਲ ਹਕੂਮਤ ਦੇ ਵਿਰੁੱਧ ਖੜੇ ਹੋਏ ਅਤੇ ਧਰਮ ਪਰਿਵਰਤਨ ਤੋਂ ਇਨਕਾਰ ਕਰਦੇ ਹੋਏ ਸ਼ਹੀਦੀ ਦਾ ਰਾਹ ਚੁਣਿਆ। ਉਨ੍ਹਾਂ ਦੀ ਬੇਮਿਸਾਲ ਬਹਾਦਰੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਦੇ ਸ਼ਹੀਦੀ ਦਿਵਸ ਨੂੰ ਵੀਰ ਬਾਲ ਦਿਵਸ ਵਜੋਂ ਘੋਸ਼ਿਤ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਜੀ ਨੇ ਉਨ੍ਹਾਂ ਦੀ ਕੁਰਬਾਨੀ ਦੀ ਗਾਥਾ ਨੂੰ ਦੇਸ਼ ਅਤੇ ਦੁਨੀਆਂ ਦੇ ਹਰ ਕੋਨੇ ਵਿੱਚ ਪਹੁੰਚਾਉਣ ਦਾ ਕੰਮ ਕੀਤਾ।”
ਕੇਂਦਰੀ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਇਸ ਮੌਕੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਨੂੰ ਹਮੇਸ਼ਾ ਬਲਿਦਾਨ, ਤਿਆਗ ਅਤੇ ਅਮਰਤਾ ਦਾ ਸੰਦੇਸ਼ ਦਿੰਦੀ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ‘ਵੀਰ ਬਾਲ ਦਿਵਸ’ ਰਾਹੀਂ ਸਾਹਿਬਜ਼ਾਦਿਆਂ ਦੀ ਵੀਰ ਗਾਥਾ ਅਤੇ ਸਮਰਪਣ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦਾ ਸ਼ਲਾਘਾਯੋਗ ਕੰਮ ਕੀਤਾ ਹੈ। ਅੱਜ ਭਾਰਤ ਮੰਡਪਮ ਵਿੱਚ ਵੀਰ ਬਾਲ ਦਿਵਸ ਮੌਕੇ ਇੱਕ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪ੍ਰਧਾਨ ਮੰਤਰੀ ਨੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪ੍ਰੋਗਰਾਮ ਵਿੱਚ ਹਾਜ਼ਰ ਨੌਜਵਾਨਾਂ ਨੂੰ ਇੱਕ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਯਕੀਨੀ ਬਣਾਉਣ ਦਾ ਸੱਦਾ ਦਿੱਤਾ।
ਉਨ੍ਹਾਂ ਕਿਹਾ ‘ਵੀਰ ਬਾਲ ਦਿਵਸ’ ਦੇ ਮੌਕੇ 'ਤੇ ਮੈਂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਦੇ ਧਰਮ, ਕੌਮ ਅਤੇ ਮਾਤ ਭੂਮੀ ਦੀ ਰਾਖੀ ਲਈ ਮਹਾਨ ਬਲਿਦਾਨ ਨੂੰ ਪ੍ਰਣਾਮ ਕਰਦਾ ਹਾਂ। ਉਨ੍ਹਾਂ ਦਾ ਬਲਿਦਾਨ, ਤਿਆਗ ਅਤੇ ਸਮਰਪਣ ਯੁਗਾਂ ਤੱਕ ਪ੍ਰੇਰਨਾ ਸਰੋਤ ਬਣੇ ਰਹਿਣਗੇ।
ਪ੍ਰੋਗਰਾਮ ਤੋਂ ਬਾਅਦ ਅਨੁਰਾਗ ਠਾਕੁਰ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, “ਅੱਜ ਦੇਸ਼ ਹੀ ਨਹੀਂ ਬਲਕਿ ਪੂਰੀ ਦੁਨੀਆ ਬਹਾਦਰ ਬਾਲ ਦਿਵਸ ਮਨਾ ਰਹੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨੇ ਸਮੁੱਚੇ ਭਾਰਤ ਦੇ ਨੌਜਵਾਨਾਂ ਨੂੰ ਨਸ਼ਾ ਮੁਕਤ ਹੋਣ ਅਤੇ ਖੇਡਾਂ ਵੱਲ ਧਿਆਨ ਦੇਣ ਦਾ ਸੱਦਾ ਦਿੱਤਾ। ਵਿਕਸਿਤ ਭਾਰਤ ਦਾ ਨਿਰਮਾਣ ਉਦੋਂ ਹੀ ਸੰਭਵ ਹੈ ਜਦੋਂ ਭਾਰਤ ਦੇ ਨੌਜਵਾਨ ਤੰਦਰੁਸਤ ਅਤੇ ਨਸ਼ਾ ਮੁਕਤ ਹੋਣਗੇ। ਅੱਜ ਸਕਿੱਲ ਇੰਡੀਆ ਰਾਹੀਂ ਭਾਰਤ ਵਿੱਚ ਦੁਨੀਆ ਦੀ ਸਭ ਤੋਂ ਵੱਡੀ ਸਕਿੱਲਡ ਮਾਨ ਪਾਵਰ ਪੈਦਾ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਤਾਕੀਦ ਵੀ ਕੀਤੀ ਕਿ ਉਹ ਮਾਈ ਭਾਰਤ ਪਲੇਟਫਾਰਮ ਨਾਲ ਜੁੜ ਕੇ ਸਰੀਰਕ ਅਤੇ ਡਿਜੀਟਲ ਗਤੀਵਿਧੀਆਂ ਰਾਹੀਂ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ। ਇਸ ਦੇ ਲਈ mybharat.gov.in ਨਾਲ ਜੁੜੋ।”
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਦਾ ਸਨਮਾਨ
ਭਾਰਤ ਦੇ ਘੱਟਗਿਣਤੀ ਮਾਮਲੇ ਮੰਤਰਾਲੇ ਵੱਲੋਂ ਦਿੱਲੀ ਵਿਖੇ ਕਰਵਾਏ ਗਏ ਵੀਰ ਬਾਲ ਦਿਵਸ ਸਮਾਗਮ ਵਿੱਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਵੀ ਪੂਰਨ ਸ਼ਮੂਲੀਅਤ ਕੀਤੀ ਗਈ। ਸਮਾਗਮ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਭਾਜਪਾ ਸਿੱਖ ਆਗੂ (ਰਾਸ਼ਟਰੀ ਸਕੱਤਰ) ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਸਨਮਾਨ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ।
ਭਾਵੇਂ ਕਿ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ ਵੱਲੋਂ ਐਲਾਨੇ ‘ਵੀਰ ਬਾਲ ਦਿਵਸ’ ਦੇ ਨਾਮ ਨੂੰ ਲੈ ਕੇ ਇਤਰਾਜ਼ ਬਰਕਰਾਰ ਹੈ, ਪਰ ਦਿੱਲੀ ਗੁਰਦੁਆਰਾ ਕਮੇਟੀ ਨੇ ਇਸ ਪ੍ਰੋਗਰਾਮ ਨੂੰ ਇਸ ਦੇ ਬਾਵਜੂਦ ਵੀ ਪੂਰਨ ਸਮਰਥਨ ਦਿੱਤਾ ਹੈ। ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਵਿਦਵਾਦਾਂ ਦੀ ਕਮੇਟੀ ਬਣਾ ਕੇ ਇਸ ਦਿਹਾੜੇ ਦਾ ਨਾਮ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਕਰਨ ਲਈ ਭਾਰਤ ਸਰਕਾਰ ਪਾਸ ਪੱਤਰ ਭੇਜੇ ਸਨ ਪਰ ਹਾਲੇ ਤੱਕ ਇਨ੍ਹਾਂ ਉੱਤੇ ਸਰਕਾਰੀ ਗੌਰ ਨਹੀਂ ਹੋਇਆ ਹੈ।
Comments
Start the conversation
Become a member of New India Abroad to start commenting.
Sign Up Now
Already have an account? Login