ADVERTISEMENTs

ਸਿੱਖ ਸੰਸਥਾ ਦੇ ਜਨਰਲ ਇਜਲਾਸ 'ਚ ਪਾਸ ਕੀਤੇ ਗਏ 10 ਅਹਿਮ ਮਤੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਨਰਲ ਇਜਲਾਸ ਵਿੱਚ ਇਹ ਅਹਿਮ ਮਤੇ ਪੜੇ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਨਰਲ ਇਜਲਾਸ ਵਿੱਚ ਮਤੇ ਪੜ੍ਹ ਕੇ ਸੁਣਾਉਂਦੇ ਹੋਏ / SGPC

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਦੇ ਚੋਣ ਇਜਲਾਸ ਵਿੱਚ ਜਿੱਥੇ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਦੀ ਚੋਣ ਕੀਤੀ ਗਈ।ਉਥੇ ਹੀ 10 ਮਤੇ ਵੀ ਪਾਸ ਕੀਤੇ ਗਏ।ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵੱਲੋਂ ਪਾਸ ਕੀਤੇ ਗਏ ਮਤੇ ਇਸ ਪ੍ਰਕਾਰ ਹਨ:-

 

1
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਜਨਰਲ ਇਜਲਾਸ ਸਪੱਸ਼ਟ ਕਰਦਾ ਹੈ ਕਿ ਸਿੱਖ ਕੌਮ ਦਾ ਆਪਣਾ ਵਿਲੱਖਣ ਤੇ ਨਿਰਾਲਾ ਇਤਿਹਾਸ, ਵਿਰਾਸਤ, ਰਹਿਣੀ ਅਤੇ ਸੱਭਿਆਚਾਰ ਹੈ। ਗੁਰੂ ਸਾਹਿਬਾਨ ਵੱਲੋਂ ਸਾਜੇ ਇਸ ਨਿਰਮਲ ਅਤੇ ਖ਼ਾਲਸ ਪੰਥ ਨੇ ਹਮੇਸ਼ਾ ਹੀ ਆਪਣੀਆਂ ਰਵਾਇਤਾਂ ਅਤੇ ਪ੍ਰੰਪਰਾਵਾਂ ’ਤੇ ਪਹਿਰਾ ਦਿੰਦਿਆਂ ਪੂਰੇ ਵਿਸ਼ਵ ਅੰਦਰ ਅੱਡਰੀ ਪਛਾਣ ਕਾਇਮ ਕੀਤੀ ਹੈ। ਖ਼ਾਲਸਾ ਪੰਥ ਨੂੰ ਭਾਵੇਂ ਆਪਣੇ ਇਸ ਸਫ਼ਰ ਦੌਰਾਨ ਅਨੇਕਾਂ ਮੁਸ਼ਕਲਾਂ ਅਤੇ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ, ਪਰੰਤੂ ਇਸ ਨੇ ਹਮੇਸ਼ਾ ਹੀ ਕੌਮੀ ਹੋਂਦ ਹਸਤੀ ਅਤੇ ਸਵੈਮਾਣ ਨੂੰ ਠੇਸ ਨਹੀਂ ਪੁੱਜਣ ਦਿੱਤੀ। ਕਈ ਪੰਥ ਵਿਰੋਧੀ ਸ਼ਕਤੀਆਂ ਸਿੱਖਾਂ ਦੇ ਇਤਿਹਾਸ, ਮਰਯਾਦਾ ਅਤੇ ਸਿਧਾਂਤਾਂ ਨੂੰ ਰਲਗੱਡ ਕਰਨ ਲਈ ਸਮੇਂ-ਸਮੇਂ ’ਤੇ ਤਤਪਰ ਰਹੀਆਂ, ਪ੍ਰੰਤੂ ਖ਼ਾਲਸਾ ਪੰਥ ਨੇ ਇਨ੍ਹਾਂ ਨੂੰ ਹਮੇਸ਼ਾ ਮੂੰਹ ਤੋੜ ਜਵਾਬ ਦਿੱਤਾ ਅਤੇ ਦਿੰਦਾ ਆ ਰਿਹਾ ਹੈ।
ਅੱਜ ਵੀ ਖ਼ਾਲਸਾ ਪੰਥ ਦੀ ਅੱਡਰੀ ਹੋਂਦ ਨੂੰ ਦਬਾਉਣ ਤੇ ਰਲਗੱਡ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਸਰਕਾਰੀ ਏਜੰਸੀਆਂ ਅਤੇ ਸਰਕਾਰਾਂ ਚਲਾਉਣ ਵਾਲੀਆਂ ਪਾਰਟੀਆਂ ਆਪਣਾ ਪੂਰਾ ਜ਼ੋਰ ਇਸ ਗੱਲ ’ਤੇ ਲਗਾਉਂਦੀਆਂ ਆ ਰਹੀਆਂ ਹਨ ਕਿ ਕਿਸੇ ਨਾ ਕਿਸੇ ਤਰ੍ਹਾਂ ਸਿੱਖਾਂ ਦੀਆਂ ਪ੍ਰੰਪਰਾਵਾਂ ਅਤੇ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਜਾਵੇ। ਇਸੇ ਦਿਸ਼ਾ ਵਿਚ ਹੀ ਕਾਂਗਰਸ, ਆਰਐਸਐਸ ਅਤੇ ਇਸ ਦੀ ਸਿਆਸੀ ਜਮਾਤ ਭਾਰਤੀ ਜਨਤਾ ਪਾਰਟੀ ਆਪਣੇ ਮਨਸੂਬੇ ਸਿੱਧ ਕਰਨ ਲਈ ਪੂਰਾ ਤਾਣ ਲਗਾਉਂਦੀਆਂ ਆ ਰਹੀਆਂ ਹਨ। ਹੁਣ ਇਸ ਵਿਚ ਆਮ ਆਦਮੀ ਪਾਰਟੀ ਵੀ ਪਿੱਛੇ ਨਹੀਂ ਹੈ। ਇਨ੍ਹਾਂ ਸਾਰੀਆਂ ਸ਼ਕਤੀਆਂ ਵੱਲੋਂ ਰਲ ਕੇ ਸਿੱਖਾਂ ਦੇ ਮਾਮਲੇ ਉਲਝਾਏ ਜਾ ਰਹੇ ਹਨ। ਸਿੱਖ ਸੰਸਥਾਵਾਂ ਨੂੰ ਖੰਡਤ ਕਰਨਾ, ਸਿੱਖ ਸਿਧਾਂਤਾਂ ’ਤੇ ਸੱਟ ਮਾਰਨੀ, ਬੰਦੀ ਸਿੰਘਾਂ ਸਮੇਤ ਚਿਰਾਂ ਤੋਂ ਲਟਕਦੇ ਆ ਰਹੇ ਸਿੱਖ ਮਸਲਿਆਂ ਪ੍ਰਤੀ ਸਾਜ਼ਿਸ਼ੀ ਨੀਤੀ ਅਤੇ ਭਾਰਤੀ ਸਟੇਟ ਅੰਦਰ ਸਿੱਖਾਂ ਨੂੰ ਜਾਣਬੁਝ ਕੇ ਬਦਨਾਮ ਕਰਨਾ ਆਦਿ ਇਨ੍ਹਾਂ ਸਾਰੀਆਂ ਧਿਰਾਂ ਦਾ ਸੋਚਿਆ ਸਮਝਿਆ ਏਜੰਡਾ ਹੈ।

 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੱਜ ਦਾ ਇਹ ਜਨਰਲ ਇਜਲਾਸ ਦੱਸਣਾ ਚਾਹੁੰਦਾ ਹੈ ਕਿ ਸਿੱਖ ਕੌਮ ਕਿਸੇ ਵੀ ਅਜਿਹੀ ਸ਼ਕਤੀ ਤੋਂ ਡਰਨ ਤੇ ਦੱਬਣ ਵਾਲੀ ਨਹੀਂ ਹੈ।ਇਹ ਆਪਣੇ ਗੁਰੂ ਸਾਹਿਬਾਨ ਵੱਲੋਂ ਦਰਸਾਈ ਜੀਵਨ ਜਾਚ ਅਤੇ ਮਾਰਗ ’ਤੇ ਅਡੋਲ ਚੱਲਦੀ ਰਹੀ ਹੈ ਅਤੇ ਚੱਲਦੀ ਰਹੇਗੀ। ਅੱਜ ਦਾ ਇਜਾਲਸ ਦ੍ਰਿੜ੍ਹਤਾ ਨਾਲ ਸੰਕਲਪ ਕਰਦਾ ਹੈ ਕਿ ਕੌਮ ਦੀ ਚੜ੍ਹਦੀ ਕਲਾ ਵਾਸਤੇ ਹਰ ਦੁਸ਼ਮਣ ਸ਼ਕਤੀ ਦਾ ਡੱਟ ਕੇ ਟਾਕਰਾ ਕੀਤਾ ਜਾਂਦਾ ਰਹੇਗਾ। ਇਹ ਇਜਲਾਸ ਸਰਕਾਰਾਂ ਅਤੇ ਸਰਕਾਰੀ ਏਜੰਸੀਆਂ ਨੂੰ ਤਾੜਨਾ ਕਰਦਾ ਹੈ ਕਿ ਸਿੱਖੀ ਨੂੰ ਢਾਹ ਲਗਾਉਣ ਵਾਲੀਆਂ ਚਾਲਾਂ ਅਤੇ ਖਾਲਸਾ ਪੰਥ ਦੇ ਮਾਮਲਿਆਂ ਨੂੰ ਉਲਝਾਉਣ ਵਾਲੀਆਂ ਸਾਜਿਸ਼ਾਂ ਤੁਰੰਤ ਬੰਦ ਕੀਤੀਆਂ ਜਾਣ।

 
ਸਿੱਖ ਕੌਮ ਨੂੰ ਵੀ ਅਪੀਲ ਹੈ ਕਿ ਪੰਥ ਵਿਰੋਧੀ ਤਾਕਤਾਂ ਦੀ ਪਛਾਣ ਕਰੀਏ ਅਤੇ ਇਕਜੁਟ ਹੋ ਕੇ ਹਰ ਉਸ ਚਾਲ ਨੂੰ ਨਕਾਮ ਕੀਤਾ ਜਾਵੇ ਜੋ ਕੌਮੀ ਸੰਸਥਾਵਾਂ ਅਤੇ ਕੌਮੀ ਗੌਰਵ ਨੂੰ ਢਾਅ ਲਗਾਉਣ ਦੀਆਂ ਸਾਜ਼ਿਸ਼ਾਂ ਰਚ ਰਹੀਆਂ ਹਨ।

2
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਨਰਲ ਇਜਲਾਸ ਸਿੱਖ ਕੌਮ ਵਿਰੁੱਧ ਸੋਸ਼ਲ ਮੀਡੀਆ ਜ਼ਰੀਏ ਹੋ ਰਹੇ ਹਮਲਿਆਂ `ਤੇ ਚਿੰਤਾ ਪ੍ਰਗਟ ਕਰਦਿਆਂ ਇਸ ’ਤੇ ਸਖ਼ਤੀ ਨਾਲ ਰੋਕ ਲਗਾਉਣ ਦੀ ਭਾਰਤ ਸਰਕਾਰ ਪਾਸੋਂ ਮੰਗ ਕਰਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਕਈ ਵਾਰ ਇਸ ਵਰਤਾਰੇ ਵਿਰੁੱਧ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ਭੇਜਿਆ ਗਿਆ ਸੀ, ਪਰੰਤੂ ਇਹ ਰੁਝਾਨ ਲਗਾਤਾਰ ਜਾਰੀ ਹੈ। ਸੋਸ਼ਲ ਮੀਡੀਆ ਪਲੇਟਫਾਰਮਾਂ `ਤੇ ਸਿੱਖ ਸਿਧਾਂਤਾਂ, ਗੁਰਬਾਣੀ, ਸਿੱਖ ਇਤਿਹਾਸ, ਰਹਿਤ ਮਰਯਾਦਾ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਦੇ ਨਾਲ-ਨਾਲ ਗੁਰੂ ਸਾਹਿਬਾਨ, ਸਿੱਖ ਸ਼ਹੀਦਾਂ ਅਤੇ ਸਿੱਖ ਪਛਾਣ ਬਾਰੇ ਝੂਠਾ ਪ੍ਰਾਪੇਗੰਡਾ ਕੀਤਾ ਜਾ ਰਿਹਾ ਹੈ। ਕਿਸੇ ਵੀ ਧਰਮ ਵਿਰੁੱਧ ਨਫ਼ਰਤੀ ਪ੍ਰਚਾਰ ਇੱਕ ਬੇਹੱਦ ਖ਼ਤਰਨਾਕ ਰੁਝਾਨ ਹੈ, ਜਿਸ ਨਾਲ ਸਮਾਜ ਅੰਦਰ ਵਖਰੇਵੇਂ ਪੈਦਾ ਹੁੰਦੇ ਹਨ ਅਤੇ ਆਪਸੀ ਝਗੜਿਆਂ ਦਾ ਕਾਰਣ ਬਣਦੇ ਹਨ।

 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਨਰਲ ਇਜਲਾਸ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਹੁੰਦੇ ਨਫ਼ਰਤੀ ਪ੍ਰਚਾਰ ਨੂੰ ਹਰ ਪੱਧਰ `ਤੇ ਰੋਕਣ ਲਈ ਭਾਰਤ ਸਰਕਾਰ ਨੂੰ ਅਪੀਲ ਕਰਦਾ ਹੈ।

3
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਨਰਲ ਇਜਲਾਸ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਲਾਂਘੇ ਦੀ ਮਿਆਦ ਅਗਲੇ ਪੰਜ ਸਾਲ ਵਾਸਤੇ ਵਧਾਉਣ ਲਈ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਦਾ ਧੰਨਵਾਦ ਕਰਦਾ ਹੈ। ਜਨਰਲ ਇਜਲਾਸ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਪਾਵਨ ਅਸਥਾਨ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਵਾਸਤੇ ਪ੍ਰਕਿਰਿਆ ਸਰਲ ਕਰਨ ਨੂੰ ਆਖਦਾ ਹੈ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸਿੱਖ ਸੰਗਤਾਂ ਲਈ ਆਸਥਾ ਦਾ ਮਾਰਗ ਹੈ। ਇਸ ਲਾਂਘੇ ਦੇ ਖੁੱਲ੍ਹਣ ਨਾਲ ਸੰਗਤ ਅੰਦਰ ਭਾਰੀ ਉਤਸ਼ਾਹ ਪਾਇਆ ਗਿਆ, ਪਰੰਤੂ ਗੁੰਝਲਦਾਰ ਪ੍ਰਕਿਰਿਆ ਹੋਣ ਕਾਰਨ ਸੰਗਤ ਨੂੰ ਵੱਡੀ ਮੁਸ਼ਕਲ ਵਿੱਚੋਂ ਲੰਘਣਾ ਪੈ ਰਿਹਾ ਹੈ। ਇਸ ਲਈ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਤੁਰੰਤ ਖ਼ਤਮ ਕੀਤੀ ਜਾਵੇ ਅਤੇ ਆਨਲਾਈਨ ਇੰਦਰਾਜ ਫਾਰਮ ਦੀ ਥਾਂ ਆਧਾਰ ਕਾਰਡ ਰਾਹੀਂ ਮੌਕੇ ’ਤੇ ਹੀ ਦਰਸ਼ਨਾਂ ਲਈ ਜਾਣ ਦੀ ਇਜਾਜ਼ਤ ਦਿੱਤੀ ਜਾਵੇ। ਅੱਜ ਦਾ ਇਹ ਜਨਰਲ ਇਜਲਾਸ ਪਾਕਿਸਤਾਨ ਸਰਕਾਰ ਤੋਂ ਸਰਧਾਲੂਆਂ ਪਾਸੋਂ ਲਈ ਜਾਂਦੀ 20 ਡਾਲਰ ਦੀ ਖਤਮ ਕਰਨ ਦੀ ਵੀ ਮੰਗ ਕਰਦਾ ਹੈ।

4
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਨਰਲ ਇਜਲਾਸ ਸਾਲ 2015 ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸ ਦੀ ਪੈਰੋਕਾਰ ਹਨੀਪ੍ਰੀਤ, ਪ੍ਰਦੀਪ ਕਲੇਰ ਤੇ ਹੋਰਾਂ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕਰਦਾ ਹੈ।

 
ਹੁਣ ਜਦੋਂ ਡੇਰਾ ਸਿਰਸਾ ਮੁਖੀ ਦੇ ਕੇਸਾਂ ਸਬੰਧੀ ਹਾਈ ਕੋਰਟ ਵੱਲੋਂ ਲਗਾਈ ਗਈ ਰੋਕ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ, ਤਾਂ ਬੇਅਦਬੀ ਦੇ ਸਿੱਖ ਵਿਰੋਧੀ ਵਰਤਾਰੇ ਪਿੱਛੇ ਮੁੱਖ ਸਾਜ਼ਿਸ਼ਘਾੜੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਦੀ ਗ੍ਰਿਫ਼ਤਾਰੀ ਲਾਜ਼ਮੀ ਤੌਰ ’ਤੇ ਹੋਣੀ ਚਾਹੀਦੀ ਹੈ। ਇਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਲਈ ਮਿਸਾਲੀ ਸਜ਼ਾ ਦੇਣੀ ਚਾਹੀਦੀ ਹੈ। ਇਸ ਦੇ ਨਾਲ ਹੀ ਸਾਲ 2017 ਵਿਚ ਹੋਏ ਮੌੜ ਬੰਬ ਧਮਾਕੇ ਵਿਚ ਪੰਜ ਬੱਚਿਆਂ ਸਮਤੇ ਸੱਤ ਮਾਸੂਮ ਲੋਕਾਂ ਦੀ ਜਾਨ ਗਈ ਸੀ, ਇਸ ਮਾਮਲੇ ਦੀ ਕੜੀ ਵੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਜੁੜਦੀ ਹੈ। ਇਸ ਲਈ ਪੰਜਾਬ ਸਰਕਾਰ ਨੂੰ ਪੁਰਜ਼ੋਰ ਅਪੀਲ ਹੈ ਕਿ ਉਹ ਉਕਤ ਦੋਵੇਂ ਮਾਮਲਿਆਂ ਵਿਚ ਡੇਰਾ ਸਿਰਸਾ ਮੁਖੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਏ।


ਬੇਅਦਬੀ ਨਾਲ ਸਬੰਧਤ ਕੇਸਾਂ ਤਿੰਨਾਂ ਕੇਸਾਂ ਵਿੱਚੋਂ ਇਕ ਕੇਸ ਵਿਚ ਦੋਸ਼ੀ ਪ੍ਰਦੀਪ ਕਲੇਰ ਨੂੰ ਗ੍ਰਿਫ਼ਤਾਰੀ ਪਿੱਛੋਂ ਜਮਾਨਤ ਮਿਲੀ ਹੋਈ ਹੈ, ਜਦਕਿ ਦੂਜੇ ਦੋਵਾਂ ਕੇਸਾਂ ਵਿੱਚੋਂ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਜਾਣ ਦੇ ਬਾਵਜੂਦ ਉਸ ਨੂੰ ਗ੍ਰਿਫ਼ਤਾਰ ਨਾ ਕਰਨਾ ਵੀ ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜਾਰੀ ਨੂੰ ਦਰਸਾਉਂਦਾ ਹੈ। ਅੱਜ ਦਾ ਜਨਰਲ ਇਜਲਾਸ ਪੰਜਾਬ ਸਰਕਾਰ ਤੋਂ ਮੰਗ ਕਰਦਾ ਹੈ ਕਿ ਬੇਅਦਬੀ ਦੇ ਇਨ੍ਹਾਂ ਸਾਰੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

5
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦਾ ਅੱਜ ਦਾ ਜਨਰਲ ਇਜਲਾਸ ਭਾਰਤ ਸਰਕਾਰ ਪਾਸੋਂ ਮੰਗ ਕਰਦਾ ਹੈ ਕਿ ਫਿਲਮਾਂ, ਨਾਟਕਾਂ ਤੇ ਸੀਰੀਅਲਾਂ ਵਿਚ ਸਿੱਖਾਂ ਦੇ ਕਿਰਦਾਰ ਨੂੰ ਗਲਤ ਤਰੀਕੇ ਨਾਲ ਦਿਖਾਉਣ ਦੇ ਰੁਝਾਨ ਨੂੰ ਬੰਦ ਕਰਵਾਉਣ ਲਈ ਸਖ਼ਤ ਕਦਮ ਉਠਾਏ ਜਾਣ। ਬਹੁਤ ਵਾਰ ਫਿਲਮਾਂ ਅੰਦਰ ਸਿੱਖ ਕਿਰਦਾਰ ਨੂੰ ਅਜਿਹੇ ਤਰੀਕੇ ਨਾਲ ਪੇਸ਼ ਕੀਤਾ ਜਾਂਦਾ ਹੈ ਕਿ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਵੱਜਦੀ ਹੈ। ਇਜਲਾਸ ਭਾਰਤ ਸਰਕਾਰ ਤੋਂ ਇਹ ਵੀ ਮੰਗ ਕਰਦਾ ਹੈ ਕਿ ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ ਪੁਰ ਵੀ ਰੋਕ ਲਗਾਈ ਜਾਵੇ, ਕਿਉਂਕਿ ਇਹ ਫਿਲਮ ਸਿੱਖਾਂ ਦੇ ਅਕਸ ਨੂੰ ਖਰਾਬ ਕਰਦੀ ਹੈ। ਸਿੱਖ ਕੌਮ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਵੀ ਇਸ ਫਿਲਮ ਅੰਦਰ ਕਿਰਦਾਸਕੁਸ਼ੀ ਕੀਤੀ ਗਈ ਹੈ। ਭਾਰਤ ਸਰਕਾਰ ਇਸ ਸਬੰਧੀ ਸੰਜੀਦਾ ਰੋਲ ਅਦਾ ਕਰੇ ਤਾਂ ਜੋ ਸਿੱਖਾਂ ਦਾ ਰੋਸ ਸ਼ਾਂਤ ਹੋ ਸਕੇ। ਅੱਜ ਦਾ ਜਨਰਲ ਇਜਲਾਸ ਇਹ ਵੀ ਮਹਿਸੂਸ ਕਰਦਾ ਹੈ ਕਿ ਫਿਲਮਾਂ ਅੰਦਰ ਸਿੱਖਾਂ ਪ੍ਰਤੀ ਨਕਾਰਾਤਮਕ ਪ੍ਰਦਰਸ਼ਨ ਨੂੰ ਰੋਕਣ ਲਈ ਫਿਲਮ ਸੈਂਸਰ ਬੋਰਡ ਵਿਚ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨੁਮਾਇਦਾ ਪੱਕੇ ਤੌਰ ’ਤੇ ਸ਼ਾਮਲ ਕੀਤਾ ਜਾਵੇ।

 

6
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਨਰਲ ਇਜਲਾਸ ਭਾਰਤ ਸਰਕਾਰ ਪਾਸੋਂ ਸਿੱਖ ਕੌਮ ਦੇ ਇਤਿਹਾਸਕ ਅਸਥਾਨਾਂ ਨਾਲ ਸਬੰਧਤ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ਨੂੰ ਹੱਲ ਕਰਨ ਦੀ ਮੰਗ ਕਰਦਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿ ਕੀ ਪਾਉੜੀ ਹਰਿਦੁਆਰ (ਉਤਰਾਖੰਡ), ਗੁਰਦੁਆਰਾ ਡਾਂਗਮਾਰ ਸਾਹਿਬ ਤੇ ਗੁਰਦੁਆਰਾ ਸਾਹਿਬ ਚੁੰਗਥਾਂਗ (ਸਿੱਕਮ), ਗੁਰਦੁਆਰਾ ਬਾਵਲੀ ਮੱਠ, ਜਗਨਨਾਥਪੁਰੀ (ਉੜੀਸਾ) ਅਤੇ ਗੁਰਦੁਆਰਾ ਤਪੋਸਥਾਨ ਗੁਰੂ ਨਾਨਕ ਦੇਵ ਜੀ ਮੇਚੁਕਾ ਅਰੁਨਾਚਲ ਪ੍ਰਦੇਸ਼ ਦੇ ਮਾਮਲਿਆਂ ਸਬੰਧੀ ਲਗਾਤਾਰ ਅਵਾਜ਼ ਉਠਾਈ ਜਾ ਰਹੀ ਹੈ, ਪਰੰਤੂ ਸਰਕਾਰਾਂ ਵੱਲੋਂ ਇਨ੍ਹਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਨਰਲ ਇਜਲਾਸ ਭਾਰਤ ਸਰਕਾਰ ਅਤੇ ਸਬੰਧਤ ਸੂਬਿਆਂ ਦੀਆਂ ਸਰਕਾਰਾਂ ਨੂੰ ਪੁਰਜ਼ੋਰ ਅਪੀਲ ਕਰਦਾ ਹੈ ਕਿ ਸਿੱਖ ਕੌਮ ਦੇ ਧਾਰਮਿਕ ਅਸਥਾਨਾਂ ਬਾਰੇ ਸਾਰਥਿਕ ਪਹੁੰਚ ਅਪਣਾਉਣ, ਤਾਂ ਜੋ ਸਿੱਖ ਕੌਮ ਆਪਣੇ ਪਾਵਨ ਅਸਥਾਨਾਂ ਦੀ ਸੇਵਾ ਸੰਭਾਲ ਪੰਥਕ ਭਾਵਨਾਵਾਂ ਅਨੁਸਾਰ ਕਰ ਸਕੇ। 


ਅੱਜ ਦਾ ਜਨਰਲ ਇਜਲਾਸ ਮੇਘਾਲਿਆ ਸਰਕਾਰ ਨੂੰ ਵੀ ਅਪੀਲ ਕਰਦਾ ਹੈ ਕਿ ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਸ਼ਿਲਾਂਗ ਵਿਖੇ ਸਥਿਤ 200 ਸਾਲ ਪੁਰਾਣੇ ਗੁਰੂ ਘਰ ਨੂੰ ਢਾਹੁਣ ਦੀ ਕਾਰਵਾਈ ਨੂੰ ਤੁਰੰਤ ਰੋਕਿਆ ਜਾਵੇ। ਇਸ ਦੇ ਨਾਲ ਹੀ ਸ਼ਿਲਾਂਗ ਦੀ ਪੰਜਾਬੀ ਲੇਨ ਕਲੋਨੀ ਵਿਚ ਵੱਸਦੇ ਸਿੱਖਾਂ ਦੇ ਘਰਾਂ ਨੂੰ ਢਾਹੁਣ ਦੀ ਕਾਰਵਾਈ ਦੇ ਮਾਮਲੇ ਵਿਚ ਵੀ ਸਥਾਨਕ ਸਿੱਖਾਂ ਦੇ ਰਿਹਾਇਸ਼ੀ ਹੱਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

7
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਨਰਲ ਇਜਲਾਸ ਪੰਜਾਬ ਅੰਦਰ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਾ ਹੈ। ਗੁਰੂ ਸਾਹਿਬਾਨ ਦੇ ਨਾਂ ’ਤੇ ਵੱਸਦੇ ਪੰਜਾਬ ਅੰਦਰ ਅੱਜ ਨਸ਼ਿਆਂ ਦਾ ਵਰਤਾਰਾ ਵੱਡੀ ਚਿੰਤਾ ਵਾਲਾ ਹੈ। ਨਸ਼ਿਆਂ ਕਰਕੇ ਹਰ ਦਿਨ ਨੌਜਵਾਨ ਮੌਤਾਂ ਹੋ ਰਹੀਆਂ ਹਨ, ਪ੍ਰੰਤੂ ਪੰਜਾਬ ਸਰਕਾਰ ਦਾ ਇਸ ਗੰਭੀਰ ਮਾਮਲੇ ਵੱਲ ਕੋਈ ਧਿਆਨ ਨਹੀਂ।

 
ਅੱਜ ਦਾ ਇਹ ਜਨਰਲ ਇਜਲਾਸ ਪੰਜਾਬ ਸਰਕਾਰ ਨੂੰ ਆਖਦਾ ਹੈ ਕਿ ਨਸ਼ਿਆਂ ਦੀ ਰੋਕਥਾਮ ਲਈ ਢੁੱਕਵੇਂ ਕਦਮ ਚੁੱਕੇ ਜਾਣ। ਨਸ਼ਿਆਂ ਦੇ ਵਾਪਾਰੀਆਂ ’ਤੇ ਸ਼ਿਕੰਜਾ ਕੱਸਿਆ ਜਾਵੇ ਅਤੇ ਫੜੇ ਜਾਣ ਵਾਲਿਆਂ ਵਿਰੁੱਧ ਮਿਸਾਲੀ ਕਾਰਵਾਈ ਹੋਵੇ। ਜਨਰਲ ਇਜਲਾਸ ਪੰਜਾਬ ਦੇ ਲੋਕਾਂ ਅਤੇ ਖਾਸਕਰ ਨੌਜੁਆਨਾਂ ਨੂੰ ਵੀ ਅਪੀਲ ਕਰਦਾ ਹੈ ਕਿ ਨਸ਼ਿਆਂ ਦੇ ਮਾਰੂ ਵਰਤਾਰੇ ਵਿਰੁੱਧ ਸੰਗਠਤ ਹੋ ਕੇ ਇਸ ਨੂੰ ਠੱਲ੍ਹ ਪਾਉਣ ਲਈ ਜ਼ੁੰਮੇਵਾਰੀ ਨਿਭਾਉਣ।

8
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੱਜ ਦਾ ਜਨਰਲ ਇਜਲਾਜ ਸਿੱਖ ਕੌਮ ਦੀਆਂ ਘੱਟ ਗਿਣਤੀ ਦਰਜੇ ਤਹਿਤ ਕਾਰਜਸ਼ੀਲ ਸੰਸਥਾਵਾਂ ਦੇ ਦਰਜੇ ਨੂੰ ਜਿਵੇਂ ਹੈ ਉਵੇਂ ਹੀ ਰੱਖਣ ਦੀ ਅਪੀਲ ਕਰਦਾ ਹੈ।
ਸਿੱਖਾਂ ਨੇ ਦੇਸ਼ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਹਮੇਸ਼ਾ ਵੱਡੀ ਭੂਮਿਕਾ ਅਦਾ ਕੀਤੀ ਅਤੇ ਦੇਸ਼ ਦੀਆਂ ਹੱਦਾਂ ਸਰਹੱਦਾਂ ਦੀ ਰਖਵਾਲੀ ਲਈ ਮੋਹਰੀ ਰਹੇ। ਸਿੱਖਾਂ ਵੱਲੋਂ ਮਾਨਵ ਭਲਾਈ ਦੇ ਨਾਲ-ਨਾਲ ਦੇਸ਼ ਵਾਸਤੇ ਤਕਨੀਕੀ ਅਤੇ ਮੈਡੀਕਲ ਸਿੱਖਿਆ ਦੇ ਪ੍ਰਚਾਰ ਪ੍ਰਸਾਰ ਲਈ ਵੀ ਵੱਡੇ ਯਤਨ ਕੀਤੇ ਜਾ ਰਹੇ ਹਨ।

 
ਜਨਰਲ ਇਜਲਾਸ ਭਾਰਤ ਸਰਕਾਰ ਨੂੰ ਅਪੀਲ ਕਰਦਾ ਹੈ ਕਿ ਸਿੱਖ ਕੌਮ ਦੇ ਘੱਟਗਿਣਤੀ ਹੁੰਦਿਆਂ ਵੀ ਦੇਸ਼ ਕੌਮ ਲਈ ਵੱਡੇ ਯੋਗਦਾਨ ਨੂੰ ਮੁੱਖ ਰੱਖਦਿਆਂ ਸਿੱਖਾਂ ਦੀਆਂ ਸੰਸਥਾਵਾਂ ਲਈ ਘੱਟ ਗਿਣਤੀ ਵਾਲੇ ਸਾਰੇ ਅਧਿਕਾਰ ਬਰਕਰਾਰ ਰੱਖੇ ਜਾਣ।

9
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੱਜ ਦਾ ਜਨਰਲ ਇਜਲਾਜ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜਦੇ ਮਸਲਿਆਂ ਦਾ ਸਰਲੀਕਰਨ ਕਰਨ ਲਈ 11 ਮੈਂਬਰੀ ਸਲਾਹਕਾਰ ਬੋਰਡ ਬਣਾਉਣ ਨੂੰ ਪ੍ਰਵਾਨਗੀ ਦਿੰਦਾ ਹੈ। ਇਸ ਦੇ ਮੈਂਬਰ ਨਾਮਜ਼ਦ ਕਰਨ ਦੇ ਅਧਿਕਾਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਹੋਣਗੇ।

 

10

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅੱਜ ਦਾ ਜਨਰਲ ਇਜਲਾਜ ਮਹਿਸੂਸ ਕਰਦਾ ਹੈ ਕਿ ਬੀਤੇ ਸਮੇਂ ਕੈਨੇਡਾ ਅੰਦਰ ਸਿੱਖ ਸਖ਼ਸ਼ੀਅਤਾਂ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਘਟਨਾਵਾਂ ਤੇ ਉਨ੍ਹਾਂ ਦੇ ਕਤਲ ਦੇ ਮਾਮਲੇ ਬਹੁਤ ਹੀ ਗੰਭੀਰ ਹਨ। ਇਸ ਸਬੰਧੀ ਉੱਥੇ ਵੱਸਦੇ ਸਿੱਖ ਭਾਈਚਾਰੇ ਵੱਲੋਂ ਪ੍ਰਗਟਾਈ ਜਾ ਰਹੀ ਅਸੁਰੱਖਿਆ ਦੀ ਭਾਵਨਾ, ਜਿਹੇ ਮਾਮਲਿਆਂ ਵਿਚ ਦੋਵੇਂ ਦੇਸ਼ਾਂ ਨੂੰ ਇੱਕ ਦੂਜੇ ਨਾਲ ਸਹਿਯੋਗ ਕਰਕੇ ਸੱਚ ਸਾਹਮਣੇ ਲਿਆਉਣ ਦੇ ਨਾਲ-ਨਾਲ ਸਿੱਖ ਭਾਈਚਾਰੇ ਅੰਦਰ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਕੈਨੇਡਾ ਸਰਕਾਰ ਦੇ ਨਾਲ-ਨਾਲ ਸੰਯੁਕਤ ਰਾਜ ਅਮਰੀਕਾ ਵੱਲੋਂ ਵੀ ਭਾਰਤ ਸਰਕਾਰ ਦੀਆਂ ਏਜੰਸੀਆਂ ’ਤੇ ਜੋ ਦੋਸ਼ ਲਗਾਏ ਜਾ ਰਹੇ ਹਨ, ਉਹ ਵੀ ਬੇਹੱਦ ਚਿੰਤਾਜਨਕ ਅਤੇ ਗੰਭੀਰ ਹਨ। ਕਿਉਂਕਿ ਮਾਮਲਾ ਸਿੱਖਾਂ ਨਾਲ ਜੁੜਿਆ ਹੋਇਆ ਹੈ ਇਸ ਲਈ ਅੱਜ ਦਾ ਇਜਲਾਸ ਭਾਰਤ ਸਰਕਾਰ ਪਾਸੋਂ ਇਸ ਦੀ ਪਾਰਦਰਸ਼ੀ ਜਾਂਚ ਦੀ ਮੰਗ ਕਰਦਾ ਹੈ।

 

Comments

Related

ADVERTISEMENT

 

 

 

ADVERTISEMENT

 

 

E Paper

 

 

 

Video