ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਸਨਮਾਨ ‘ਚ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼ਹੀਦੀ ਨਗਰ ਕੀਰਤਨ ਸਜਾਇਆ ਗਿਆ / Staff Reporter
ਸਰਬੰਸ-ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ—ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ—ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਲਾਨਾ ਸ਼ਹੀਦੀ ਨਗਰ ਕੀਰਤਨ ਸ਼ੁੱਕਰਵਾਰ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਡੂੰਘੀ ਸ਼ਰਧਾ ਅਤੇ ਪੰਥਕ ਏਕਤਾ ਨਾਲ ਸਜਾਇਆ ਗਿਆ।
ਇਸ ਪਵਿੱਤਰ ਨਗਰ ਕੀਰਤਨ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸਿੱਖ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ ਇਹ ਨਗਰ ਕੀਰਤਨ ਜਪੁਜੀ ਸਾਹਿਬ ਦੇ ਪਾਠ ਤੋਂ ਬਾਅਦ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋਇਆ। ਪੁਰਾਤਨ ਸਿੱਖ ਮਰਯਾਦਾ ਅਨੁਸਾਰ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪਹੁੰਚ ਕੇ ਕੀਰਤਨ ਸੋਹਿਲਾ ਦੇ ਪਾਠ ਅਤੇ ਅਰਦਾਸ ਨਾਲ ਸਮਾਪਤ ਹੋਇਆ। ਦੇਸ਼ ਭਰ ਤੋਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ।
ਨਗਰ ਕੀਰਤਨ ਸ਼ੁਰੂ ਹੋਣ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਸਾ ਦੀ ਵਾਰ ਦਾ ਕੀਰਤਨ ਹੋਇਆ। ਮੁੱਖ ਗ੍ਰੰਥੀ ਗਿਆਨੀ ਹਰਪਾਲ ਸਿੰਘ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ 'ਤੇ ਰੌਸ਼ਨੀ ਪਾਈ ਅਤੇ ਸੰਗਤ ਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਪਵਿੱਤਰ ਹੁਕਮਨਾਮਾ ਸਰਵਣ ਕਰਵਾਇਆ। ਜਥੇਦਾਰ ਗੜਗੱਜ ਅਤੇ ਐਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਨਗਰ ਕੀਰਤਨ ਦੌਰਾਨ ਵੱਖ-ਵੱਖ ਗਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ 'ਗਤਕਾ' ਦੇ ਜੌਹਰ ਵਿਖਾ ਕੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਵੱਡੀ ਗਿਣਤੀ ਵਿੱਚ ਸਕੂਲੀ ਬੱਚਿਆਂ ਅਤੇ ਰਾਗੀ ਜਥਿਆਂ ਨੇ ਵੀ ਹਾਜ਼ਰੀ ਭਰੀ। ਨਗਰ ਕੀਰਤਨ ਦੌਰਾਨ ਮੂਲ ਮੰਤਰ ਅਤੇ ਗੁਰਮੰਤਰ ਦਾ ਜਾਪ ਕੀਤਾ ਗਿਆ ਅਤੇ ਧਾਰਮਿਕ ਸਭਾ ਸੁਸਾਇਟੀਆਂ ਅਤੇ ਹੋਰਨਾਂ ਸੰਗਤਾਂ ਨੇ ਥਾਂ-ਥਾਂ 'ਤੇ ਲੰਗਰ ਲਗਾ ਕੇ ਸੇਵਾ ਕੀਤੀ।
ਇਸ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਰਗੱਜ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ 'ਬਾਣੀ ਅਤੇ ਬਾਣੇ' ਦੇ ਧਾਰਨੀ ਬਣਨ। ਉਨ੍ਹਾਂ ਕਿਹਾ ਕਿ ਜ਼ਾਲਮ ਹਕੂਮਤਾਂ ਸਮਝਦੀਆਂ ਸਨ ਕਿ ਸ਼ਹਾਦਤ ਨਾਲ ਸਿੱਖੀ ਖ਼ਤਮ ਹੋ ਜਾਵੇਗੀ, ਪਰ ਇਤਿਹਾਸ ਗਵਾਹ ਹੈ ਕਿ ਸਰੀਰ ਖ਼ਤਮ ਕੀਤੇ ਜਾ ਸਕਦੇ ਹਨ, ਪਰ ਵਿਚਾਰਧਾਰਾ ਨਹੀਂ। ਖ਼ਾਲਸਾ ਪੰਥ ਦਾ ਇਹ ਵੱਡਾ ਇਕੱਠ ਸਾਹਿਬਜ਼ਾਦਿਆਂ ਪ੍ਰਤੀ ਅਥਾਹ ਸ਼ਰਧਾ ਦਾ ਪ੍ਰਤੀਕ ਹੈ। ਇਸਦੇ ਨਾਲ ਹੀ ਉਨ੍ਹਾਂ ਇਹ ਵੀ ਮੰਗ ਕੀਤੀ ਸ਼ਹੀਦੀ ਦਿਹਾੜੇ ਦੌਰਾਨ ਪੂਰੇ ਪੰਜਾਬ ਨੂੰ ‘ਡਰਾਈ ਡੇਅ’ ਦੇ ਤੌਰ ‘ਤੇ ਘੋਸ਼ਿਤ ਕੀਤਾ ਜਾਵੇ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login