ADVERTISEMENT

ADVERTISEMENT

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬਣਾਈ ਗਈ ਏਆਈ ਮਾਹਿਰਾਂ ਦੀ ਕਮੇਟੀ ਦੀ ਹੋਈ ਇਕੱਤਰਤਾ

AI ਦੇ ਜ਼ਮਾਨੇ ਵਿੱਚ ਗੁਰਬਾਣੀ ਅਤੇ ਸਿੱਖ ਇਤਿਹਾਸ ਨੂੰ ਦਰਪੇਸ਼ ਚੁਣੌਤੀਆਂ ‘ਤੇ ਹੋਈ ਚਰਚਾ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬਣਾਈ ਗਈ ਏਆਈ ਮਾਹਿਰਾਂ ਦੀ ਕਮੇਟੀ ਦੀ ਹੋਈ ਇਕੱਤਰਤਾ / Courtesy

ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨਾਲੋਜੀ ਦੁਆਰਾ ਸਿੱਖੀ ਬਾਰੇ ਗਲਤ ਜਾਣਕਾਰੀ ਅੱਗੇ ਵਧਾਉਣ ਦੇ ਚਲਣ ਅਤੇ ਸੋਸ਼ਲ ਮੀਡੀਆ ‘ਤੇ ਸਿੱਖ ਧਰਮ ਦੀ ਮਾਣ ਮਰਿਆਦਾ ਵਿਰੁੱਧ ਸਮਗਰੀ ਨੂੰ ਰੋਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਸ ਖੇਤਰ ਵਿਚ ਕੰਮ ਕਰ ਰਹੇ ਤਕਨੀਕੀ ਮਾਹਿਰਾਂ ‘ਤੇ ਨਿਰਭਰ ਬਣਾਈ ਗਈ ਸਬ ਕਮੇਟੀ ਦੀ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਇਕੱਤਰਤਾ ਹੋਈ। ਇਸ ਇਕੱਤਰਤਾ ਵਿੱਚ ਡਾ. ਸਰਪ੍ਰੀਤ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ, ਡਾ. ਗੁਰਪਾਲ ਸਿੰਘ ਖਾਲਸਾ ਕਾਲਜ ਪਟਿਆਲਾ, ਡਾ. ਜਗਦੀਪ ਸਿੰਘ ਮੱਲ੍ਹੀ ਗੁਰੂ ਨਾਨਕ ਇੰਜੀਅਰਿੰਗ ਕਾਲਜ ਲੁਧਿਆਣਾ, ਡਾ. ਸਤਿੰਦਰਪਾਲ ਸਿੰਘ ਗੁਰੂ ਨਾਨਕ ਇੰਜੀਅਨਿੰਗ ਕਾਲਜ ਲੁਧਿਆਣਾ, ਸ. ਹਰਮੀਤ ਸ਼ਾਹ ਸਿੰਘ ਯੂਕੇ, ਡਾ. ਸਰਬਜੋਤ ਸਿੰਘ ਯੂਕੇ, ਸ਼੍ਰੋਮਣੀ ਕਮੇਟੀ ਦੇ ਸਿਸਟਮ ਐਡਮਿਨਸ੍ਰੇਟਰ ਸ. ਕਰਮਵੀਰ ਸਿੰਘ ਤੇ ਇੰਚਾਰਜ ਸ. ਸਿਵਰਾਜ ਸਿੰਘ ਹਾਜ਼ਰ ਹੋਏ, ਜਦਕਿ ਡਾ. ਹਰਜਿੰਦਰ ਸਿੰਘ ਸੰਧੂ ਅਮਰੀਕਾ ਤੋਂ ਆਨਲਾਈਨ ਤਰੀਕੇ ਨਾਲ ਸ਼ਮੂਲੀਅਤ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਆਰਟੀਫਿਸ਼ਲ ਇੰਟੈਲੀਜੈਂਸ ਰਾਹੀਂ ਸਿੱਖ ਧਰਮ ਬਾਰੇ ਗ਼ਲਤ ਜਾਣਕਾਰੀ ਅਤੇ ਇਤਰਾਜ਼ਯੋਗ ਸਮੱਗਰੀ ਸੋਸ਼ਲ ਮੀਡੀਏ ‘ਤੇ ਪ੍ਰਚਾਰੇ ਜਾਣ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਇਸ ਖੇਤਰ ਵਿੱਚ ਕੰਮ ਕਰਨ ਵਾਲੇ ਵਿਅਕਤੀਆਂ ਨਾਲ ਮੀਟਿੰਗ ਕੀਤੀ ਗਈ ਸੀ। ਇਸ ਮਗਰੋਂ ਅੰਤ੍ਰਿੰਗ ਕਮੇਟੀ ਵੱਲੋਂ ਹੋਏ ਫੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਏਆਈ ਖੇਤਰ ਦੇ ਮਾਹਿਰਾਂ ਦੀ ਸਬ ਕਮੇਟੀ ਬਣਾਈ ਸੀ ਜਿਸ ਦੀ ਅੱਜ ਹੋਈ ਇਕੱਤਰਤਾ ਵਿੱਚ ਹਾਜ਼ਰ ਸ਼ਖ਼ਸੀਅਤਾਂ ਨੇ ਆਪਣੇ ਮੁੱਲਵਾਨ ਸੁਝਾਅ ਦਿੱਤੇ ਹਨ। ਉਨ੍ਹਾਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਹੋਈਆਂ ਵਿਚਾਰਾਂ ਦੀ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਸਾਹਿਬ ਨੂੰ ਪੇਸ਼ ਕੀਤੀ ਜਾਵੇਗੀ, ਜਿਸ ‘ਤੇ ਪ੍ਰਵਾਨਗੀ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬ ਕਮੇਟੀ ਦੇ ਮੈਂਬਰਾਂ ਨੇ ਇਸ ਖੇਤਰ ਵਿੱਚ ਸ਼੍ਰੋਮਣੀ ਕਮੇਟੀ ਨੂੰ ਅਗੋਂ ਵੀ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਵਚਨਬੱਧਤਾ ਪ੍ਰਗਟਾਈ ਹੈ।

Comments

Related