ADVERTISEMENT

ADVERTISEMENT

ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਨੇ ਲੰਬਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਉਂਦਿਆਂ ਸੰਗਤਾਂ ਨੂੰ ਬਾਣੀ ਬਾਣੇ ਨਾਲ ਜੋੜਿਆ ਅਤੇ ਗੁਰੂ ਦਰਸਾਏ ਮਾਰਗ ਤੇ ਚੱਲਣ ਦੀ ਪ੍ਰੇਰਨਾ ਕੀਤੀ।

ਉਨ੍ਹਾਂ ਕਿਹਾ ਕਿ ਗਿਆਨੀ ਮੋਹਣ ਸਿੰਘ ਸਿਧਾਂਤਵਾਦੀ ਪੁਰਸ਼ ਸਨ, ਜੋ ਹਮੇਸ਼ਾ ਗੁਰੂ ਘਰ ਨੂੰ ਸਮਰਪਿਤ ਰਹੇ। ਉਨ੍ਹਾਂ ਨੇ ਆਪਣੀ ਨਿੱਜੀ ਜਾਇਦਾਦ ਵੀ ਸ੍ਰੀ ਦਰਬਾਰ ਸਾਹਿਬ ਦੇ ਨਾਮ ਕਰ ਦਿੱਤੀ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੀ ਸਖ਼ਸ਼ੀਅਤ ਦਾ ਚਲਾਣਾ ਪੂਰੇ ਵਿਸ਼ਵ ਦੀਆਂ ਸੰਗਤਾਂ ਲਈ ਵੱਡਾ ਘਾਟਾ ਹੈ ,ਜਿਸ ਦੀ ਪੂਰਤੀ ਨਹੀਂ ਹੋ ਸਕਦੀ। ਐਡਵੋਕੇਟ ਧਾਮੀ ਨੇ ਦਰਵੇਸ਼ ਪੁਰਸ਼ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।


ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਵੀ ਗਿਆਨੀ ਮੋਹਣ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਦੁੱਖ ਸਾਂਝਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

Comments

Related