ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਭਲਕੇ ਹੋਣ ਜਾ ਰਹੀ ਹੈ। ਜਿਸ ਨੂੰ ਲੈ ਕੇ ਮਾਹੌਲ ਕਾਫ਼ੀ ਭੱਖਿਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕੱਤਰਤਾ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਥਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਾਡੇ ਨਾਲ 110ਮੈਂਬਰ ਹਨ ਤੇ ਇਸ ਵਾਰ ਵੀ ਧਾਮੀ ਹੀ ਪ੍ਰਧਾਨ ਬਣਨਗੇ। ਉਨ੍ਹਾਂ ਕਿਹਾ ਪਿਛਲੀ ਵਾਰ ਨਾਲੋਂ ਵੱਡੀ ਜਿੱਤ ਮਿਲੇਗੀ ਤੇ ਪਿਛਲੇ ਸਾਰੇ ਰਿਕਾਰਡ ਤੋੜਨਗੇ।
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਭਲਕੇ ਹੋਣ ਵਾਲੀ ਚੋਣ ਦੇ ਉਮੀਦਵਾਰ ਐਲਾਨੇ ਜਾਣ 'ਤੇ ਸਮੁੱਚੀ ਅਕਾਲੀ ਦਲ ਦੀ ਲਿਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਰ ਘੜੀ 'ਚ ਸਾਰੇ ਮੈਂਬਰ ਸਹਿਬਾਨਾਂ ਨੇ ਸਹਿਯੋਗ ਦਿੱਤਾ ਹੈ। ਜਦੋਂ ਵੀ ਪੰਥ ਦੀ ਗੱਲ ਆਉਂਦੀ ਹੈ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਹੀ ਜੂਝਦੀ ਹੈ। ਉਨ੍ਹਾਂ ਕਿਹਾ ਸਾਰੇ ਪੰਥ ਨੂੰ ਇਕੱਠੇ ਹੋਣ ਦੀ ਜ਼ਰੂਰਤ ਹੈ ਅਤੇ ਬਿਨਾਂ ਕਿਸੇ ਮੰਨਸ਼ਾ ਦੇ ਇਕੱਠੇ ਹੋਣਾ ਚਾਹੀਦਾ ਹੈ।
ਇੱਥੇ ਦੱਸਣਯੋਗ ਹੈ ਕਿ ਸਾਲ 2022 ਦੇ ਇਜਲਾਸ ਵਿਚ ਐਡਵੋਕੇਟ ਧਾਮੀ ਨੂੰ 104 ਵੋਟਾਂ ਪ੍ਰਾਪਤ ਹੋਈਆਂ ਸਨ ਜਦਕਿ ਵਿਰੋਧ ਵਿਚ ਖੜੀ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ 45 ਵੋਟਾਂ ਮਿਲੀਆਂ ਸਨ। ਇਸੇ ਤਰ੍ਹਾਂ ਸਾਲ 2023 ਵਿਚ ਐਡਵੋਕੇਟ ਧਾਮੀ ਨੂੰ ਜਿਥੇ 102 ਵੋਟਾਂ ਮਿਲੀਆਂ ਸਨ, ਉਥੇ ਵਿਰੋਧੀ ਧਿਰ ਦੇ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ ਮਹਿਜ 15 ਵੋਟਾਂ ਹੀ ਪ੍ਰਾਪਤ ਹੋਈਆਂ। ਇਸ ਵਾਰ ਉਮੀਦ ਕੀਤੀ ਜਾ ਰਹੀ ਹੈ ਕਿ ਬੀਬੀ ਧੜਾ 50 ਤੋਂ 55 ਦੇ ਕਰੀਬ ਵੋਟਾਂ ਲੈ ਸਕਦਾ ਹੈ ਤੇ ਐਡਵੋਕੇਟ ਧਾਮੀ 85 ਤੋਂ 90 ਦੇ ਆਸਪਾਸ ਤੋਂ ਵੱਧ ਵੋਟਾਂ ਲੈ ਸਕਦੇ ਹਨ।
Comments
Start the conversation
Become a member of New India Abroad to start commenting.
Sign Up Now
Already have an account? Login