ਡੀਆਈਜੀ ਹਰਚਰਨ ਸਿੰਘ ਭੁੱਲਰ / x/@PatialaRange
ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਜੇਲ੍ਹ ਵਿੱਚ ਬੰਦ ਪੰਜਾਬ ਪੁਲਿਸ ਦੇ DIG ਹਰਚਰਨ ਸਿੰਘ ਭੁੱਲਰ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦਸ ਦਈਏ ਕਿ ਭੁੱਲਰ ਨੇ ਆਪਣੇ ਖ਼ਿਲਾਫ਼ ਚੱਲ ਰਹੀ CBI ਜਾਂਚ 'ਤੇ ਰੋਕ ਲਗਾਉਣ ਅਤੇ ਅੰਤਰਿਮ ਜ਼ਮਾਨਤ ਦਿੱਤੇ ਜਾਣ ਨੂੰ ਲੈ ਕੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ’ਤੇ ਸੁਪਰੀਮ ਕੋਰਟ ਨੇ ਫੈਸਲਾ ਸੁਣਾਇਆ ਅਤੇ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ।
CJI ਸੂਰਿਆ ਕਾਂਤ ਨੇ ਇਸ ਪਟੀਸ਼ਨ ਨੂੰ ਖਾਰਜ ਕਰਦਿਆਂ ਭੁੱਲਰ ਨੂੰ ਇਸ ਮਾਮਲੇ ਦੀ ਸੁਣਵਾਈ ਨੂੰ ਲੈ ਕੇ ਦਬਾਅ ਨਾ ਪਾਉਣ ਦੀ ਚੇਤਾਵਨੀ ਵੀ ਦਿੱਤੀ। ਮੁੱਖ ਜੱਜ (CJI) ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹਿਲਾਂ ਹੀ ਸੁਣਵਾਈ ਕਰ ਰਹੀ ਹੈ। ਅਜਿਹੇ ਵਿੱਚ ਸੁਪਰੀਮ ਕੋਰਟ ਦਾ ਇਸ ਪੱਧਰ 'ਤੇ ਦਖ਼ਲ ਦੇਣਾ ਉਚਿਤ ਨਹੀਂ ਹੈ। ਅਦਾਲਤ ਨੇ ਭੁੱਲਰ ਨੂੰ ਆਪਣੀ ਕਾਨੂੰਨੀ ਲੜਾਈ ਹਾਈ ਕੋਰਟ ਵਿੱਚ ਹੀ ਜਾਰੀ ਰੱਖਣ ਦੀ ਸਲਾਹ ਦਿੱਤੀ।
ਸੁਣਵਾਈ ਦੌਰਾਨ ਭੁੱਲਰ ਦੀ ਤਰਫੋਂ ਸੀਨੀਅਰ ਵਕੀਲ ਵਿਕਰਮ ਚੌਧਰੀ ਨੇ ਦਲੀਲ ਦਿੱਤੀ ਕਿ ਹਾਈ ਕੋਰਟ ਨੇ ਅੰਤਰਿਮ ਰਾਹਤ 'ਤੇ ਵਿਚਾਰ ਨਹੀਂ ਕੀਤਾ, ਜੋ ਕਿ ਗਲਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ CBI ਨੂੰ ਦਿੱਤੀ ਗਈ ਆਮ ਸਹਿਮਤੀ ਵਾਪਸ ਲੈਣ ਦੇ ਬਾਵਜੂਦ ਏਜੰਸੀ ਨੇ ਜਾਂਚ ਜਾਰੀ ਰੱਖੀ, ਜੋ ਕਿ ਕਾਨੂੰਨ ਦੀ ਉਲੰਘਣਾ ਹੈ।
CBI ਵੱਲੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦੱਸਿਆ ਕਿ ਭੁੱਲਰ ਨੂੰ ਨਿਯਮਤ ਜ਼ਮਾਨਤ ਨਹੀਂ ਮਿਲੀ ਹੈ ਅਤੇ ਮਾਮਲੇ ਵਿੱਚ ਚਾਰਜਸ਼ੀਟ ਵੀ ਦਾਇਰ ਕੀਤੀ ਜਾ ਚੁੱਕੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 4 ਦਸੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਭੁੱਲਰ ਨੂੰ ਕੋਈ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 12 ਜਨਵਰੀ 2026 ਤੈਅ ਕੀਤੀ ਹੈ।
ਜ਼ਿਕਰਯੋਗ ਹੈ ਕਿ ਹਰਚਰਨ ਸਿੰਘ ਭੁੱਲਰ 2007 ਬੈਚ ਦੇ ਆਈ.ਪੀ.ਐਸ. (IPS) ਅਧਿਕਾਰੀ ਹਨ ਅਤੇ ਰੋਪੜ ਰੇਂਜ ਵਿੱਚ DIG ਦੇ ਅਹੁਦੇ 'ਤੇ ਤਾਇਨਾਤ ਸਨ। CBI ਨੇ ਉਨ੍ਹਾਂ ਨੂੰ 16 ਅਕਤੂਬਰ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਸੀ। ਇਲਜ਼ਾਮ ਹੈ ਕਿ ਉਹ ਇੱਕ ਕਬਾੜ ਵਾਲੇ ਵਪਾਰੀ ਤੋਂ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜੇ ਗਏ ਸਨ।
ਇਸ ਤੋਂ ਇਲਾਵਾ, CBI ਨੇ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਛਾਪੇਮਾਰੀ ਦੌਰਾਨ 7.36 ਕਰੋੜ ਰੁਪਏ ਤੋਂ ਵੱਧ ਦੀ ਨਕਦੀ, 2.32 ਕਰੋੜ ਰੁਪਏ ਦੇ ਗਹਿਣੇ, 26 ਮਹਿੰਗੀਆਂ ਘੜੀਆਂ ਅਤੇ ਕਰੀਬ 50 ਅਚੱਲ ਸੰਪਤੀਆਂ ਨਾਲ ਜੁੜੇ ਦਸਤਾਵੇਜ਼ ਬਰਾਮਦ ਕੀਤੇ ਸਨ। ਉਥੇ ਹੀ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੇ 16 ਅਕਤੂਬਰ ਤੋਂ ਹਰਚਰਨ ਸਿੰਘ ਭੁੱਲਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਅਤੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ‘ਜ਼ੀਰੋ ਟਾਲਰੈਂਸ’ ਨੀਤੀ ਨੂੰ ਦੁਹਰਾਇਆ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login