ADVERTISEMENT

ADVERTISEMENT

ਸ੍ਰੀ ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

 ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਪੁਰਬ ਮੌਕੇ ਸੁੰਦਰ ਜਲੌ ਦੇ ਦ੍ਰਿਸ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਪੁਰਬ ਮੌਕੇ ਸੁੰਦਰ ਜਲੌ ਦੇ ਦ੍ਰਿਸ਼ / x@SGPCAmritsar

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਉਨ੍ਹਾਂ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਕੀਤੇ ਗਏ।

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਥਾ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਵੀ ਗੁਰਬਾਣੀ ਕੀਰਤਨ ਕੀਤਾ।

ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਗਤ / x@SGPCAmritsar

ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਦੀਪਮਾਲਾ ਵੀ ਕੀਤੀ ਗਈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਵਧਾਈ ਦਿੱਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸਮੁੱਚਾ ਜੀਵਨ ਹੱਕ ਸੱਚ ਲਈ ਆਵਾਜ ਉਠਾਉਣ ਦੀ ਪ੍ਰੇਰਨਾ ਦਿੰਦਾ ਹੈ। ਗੁਰੂ ਸਾਹਿਬ ਨੇ ਧਰਮ ਦੀਆਂ ਕਦਰਾਂ ਕੀਮਤਾਂ ਨੂੰ ਦਬਾਉਣ ਵਾਲਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਧਰਮ ਦੀ ਰੱਖਿਆ ਲਈ ਸ਼ਹਾਦਤ ਪ੍ਰਾਪਤ ਕੀਤੀ। 

ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸਮਾਜਿਕ ਬੁਰਾਈਆਂ ਵਿਰੁੱਧ ਅਵਾਜ਼ ਬੁਲੰਦ ਕਰਨ ਦਾ ਪ੍ਰਣ ਕਰਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਉਪਦੇਸ਼ਾਂ ਉੱਤੇ ਚੱਲ ਕੇ ਆਪਣਾ ਜੀਵਨ ਬਤੀਤ ਕਰਨ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਬਾਬਾ ਸੁੱਚਾ ਸਿੰਘ, ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ, ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ, ਸ. ਸਤਿੰਦਰ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਨਿਸ਼ਾਨ ਸਿੰਘ ਜਫਰਵਾਲ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਆਦਿ ਹਾਜਰ ਸਨ।

Comments

Leave A Comment

Required fields are marked (*).

Related

Talk to us?