ADVERTISEMENT

ADVERTISEMENT

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਗਏ ਜਲੌ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਜਲੌ / Courtesy Photo

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ ਜਿਸ ਦੇ ਸੰਗਤਾਂ ਨੇ ਦਰਸ਼ਨ ਕੀਤੇ।

ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ। ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਕੀਰਤਨ ਕੀਤਾ ਗਿਆ।

ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਚਾਰਾਂ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ ਸਮੁੱਚੀ ਮਾਨਵਤਾ ਲਈ ਜੀਵਨ ਰੁਸ਼ਨਾਉਣ ਵਾਲੇ ਹਨ। ਗੁਰੂ ਸਾਹਿਬ ਨੇ ਊਚ-ਨੀਚ, ਜਾਤ-ਪਾਤ ਤੇ ਵਰਨ-ਵੰਡ ਦੀਆਂ ਵਲਗਣਾਂ ਨੂੰ ਤੋੜ ਕੇ ਇਕ ਅਕਾਲ ਪੁਰਖ ਦੇ ਲੜ ਲਾਇਆ।  ਉਨ੍ਹਾਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਵੀ ਕੀਤੀ। 

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਪ੍ਰਚਾਰਕ ਢਾਡੀ, ਕਵੀਸ਼ਰ ਜਥਿਆਂ ਨੇ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ ਅਤੇ ਕਵੀ ਦਰਬਾਰ ਚ ਕਵੀਆਂ ਨੇ ਕਵਿਤਾਵਾਂ ਰਾਹੀਂ ਗੁਰੂ ਜਸ ਸਰਵਣ ਕਰਵਾਇਆ।

ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ / Courtesy Photo

Comments

Related