ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਮਰੀਜ਼ਾਂ ਲਈ ਲੰਗਰ ਸੇਵਾ ਦੀ ਸ਼ੁਰੂਆਤ / Courtesy
ਸ੍ਰੀ ਗੁਰੂ ਨਾਨਕ ਦੇਵ ਜੀ ਹਸਪਤਾਲ ਸ੍ਰੀ ਅੰਮ੍ਰਿਤਸਰ ਵਿਖੇ ਇਲਾਜ਼ ਕਰਵਾਉਣ ਆਏ ਮਰੀਜ਼ ਅਤੇ ਉਨ੍ਹਾਂ ਦੇ ਨਾਲ ਆਏ ਸਹਿਯੋਗੀ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਤੋਂ ਆਇਆ ਲੰਗਰ ਛਕ ਸਕਣਗੇ। ਲੰਗਰ ਸੇਵਾ ਦੀ ਰਸਮੀ ਸ਼ੁਰੂਆਤ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਨ ਮਗਰੋਂ ਅਰਦਾਸ ਉਪਰੰਤ ਕੀਤੀ ਗਈ।
ਜ਼ਿਕਰਯੋਗ ਹੈ ਕਿ ਬੀਤੇ ਸਮੇਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਸ ਕਾਰਜ ਲਈ ਪ੍ਰਵਾਨਗੀ ਦਿੱਤੀ ਸੀ। ਸ੍ਰੀ ਗੁਰੂ ਨਾਨਕ ਦੇਵ ਜੀ ਹਸਪਤਾਲ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੂੰ ਹਸਪਤਾਲ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਨੇ ਜੀ-ਆਇਆਂ ਆਖਦਿਆਂ ਸਵਾਗਤ ਕੀਤਾ।
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦੇ ਸੰਦੇਸ਼ ਅਤੇ ਪ੍ਰੇਰਣਾ ਦੀ ਰੌਸ਼ਨੀ ’ਚ ਸਦਾ ਹੀ ਮਾਨਵ ਹਿਤਕਾਰੀ ਕਾਰਜਾਂ ਲਈ ਯਤਨਸ਼ੀਲ ਰਹੀ ਹੈ। ਇਸੇ ਤਹਿਤ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਹਸਪਤਾਲ ਵਿਖੇ ਇਲਾਜ ਕਰਵਾਉਣ ਆਉਣ ਵਾਲੇ ਮਰੀਜ਼ਾਂ ਅਤੇ ਹੋਰ ਲੋੜਵੰਦਾਂ ਲਈ ਲੰਗਰ ਦਾ ਪ੍ਰਬੰਧ ਕਰਨ ਦਾ ਫੈਸਲਾ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਮਰੀਜ਼ਾਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਸਹਾਰਾ ਪ੍ਰਦਾਨ ਕਰਨਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਦੂਰ-ਦੂਰ ਤੋਂ ਸ੍ਰੀ ਅੰਮ੍ਰਿਤਸਰ ਵਿਖੇ ਇਲਾਜ ਕਰਵਾਉਣ ਆਏ ਮਰੀਜ਼ਾਂ ਲਈ ਵੱਡਾ ਧਰਵਾਸ ਬਣੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਕਾਰਜ ਵਿਚ ਸਹਿਯੋਗ ਕਰਨ ਲਈ ਹਸਪਤਾਲ ਦੇ ਡਾਇਰੈਕਟਰ ਪ੍ਰਿੰਸੀਪਲ, ਮੈਡੀਕਲ ਸੁਪ੍ਰਿੰਟੈਂਡੈਂਟ ਸਮੇਤ ਸਮੁੱਚੇ ਪ੍ਰਬੰਧ ਦਾ ਧੰਨਵਾਦ ਵੀ ਕੀਤਾ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login