ADVERTISEMENTs

ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਤਮੀ ਬਿਗਲ ਵਜਾਉਣ ਦਾ ਪ੍ਰੋਗਰਾਮ, ਸਿੱਖ ਸੰਸਥਾਵਾਂ ਨੇ ਕਿਹਾ ਸਾਹਿਬਜ਼ਾਦਿਆਂ ਦੀ ਸ਼ਹਾਦਤ ਚੜ੍ਹਦੀ ਕਲਾ ਦਾ ਪ੍ਰਤੀਕ

ਸ੍ਰੀ ਫ਼ਤਿਹਗੜ੍ਹ ਸਾਹਿਬ ਪ੍ਰਸ਼ਾਸਨ ਨਾਲ ਇਕੱਤਰਤਾ ਕਰਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ। / ਫੇਸਬੁੱਕ@BhagwantMann1

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਰਾਜ-ਪੱਧਰੀ ਮਾਤਮੀ ਬਿਗਲ ਵਜਾਉਣ ਦਾ ਪ੍ਰੋਗਰਾਮ ਵਿਵਾਦਾਂ ਵਿੱਚ ਘਿਰ ਗਿਆ ਹੈ।
ਸ਼ੁੱਕਰਵਾਰ 22 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ’ਤੇ ਸਾਂਝਾ ਕੀਤਾ ਕਿ ਉਨ੍ਹਾਂ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਤੇ ਸ਼ਹੀਦੀ ਸਭਾ ਦੀਆਂ ਤਿਆਰੀਆਂ ਨੂੰ ਲੈ ਕੇ ਵਿਸਥਾਰ ਸਹਿਤ ਚਰਚਾ ਕੀਤੀ ਤੇ ਪ੍ਰਸ਼ਾਸਨ ਨੂੰ ਪੁਖਤਾ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਅੱਗੇ ਲਿਖਿਆ, “ਮੈਂ ਸੰਗਤਾਂ ਨੂੰ ਅਪੀਲ ਕਰਦਾ ਹਾਂ ਕਿ ਇਸ ਵਾਰ ਪਹਿਲੀ ਵਾਰ ਹੋਵੇਗਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਮਿੰਟ ਤੱਕ ਇੱਕ ਮਾਤਮੀ ਬਿਗਲ ਵਜਾਇਆ ਜਾਵੇਗਾ...ਉਸ ਵੇਲੇ ਜਿੱਥੇ ਵੀ ਹੋਵੋਗੇ ਖੜ੍ਹੇ ਹੋਕੇ ਅਦੁੱਤੀ ਸ਼ਹਾਦਤ ਨੂੰ ਨਮਨ ਕਰੋ…”
ਮੱਖ ਮੰਤਰੀ ਵੱਲੋਂ ਕੀਤੇ ਗਏ ਇਸ ਐਲਾਨ ਦਾ ਸਿੱਖਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਵਿਰੋਧ ਕੀਤਾ ਹੈ। ਉੱਘੇ ਸਿੱਖੇ ਪ੍ਰਚਾਰਕ ਤੇ ਕਵੀ ਭਾਈ ਸੁਖਵਿੰਦਰ ਸਿੰਘ ਰਟੌਲ ਨੇ ਮੁੱਖ ਮੰਤਰੀ ਦੀ ਪੋਸਟ ਹੇਠ ਆਪਣੀ ਟਿੱਪਣੀ ਵਿੱਚ ਲਿਖਿਆ, “ਦੁਰ ਫਿੱਟੇ ਮੂੰਹ, ਮਾਤਮੀ ਬਿਗਲ, ਜੇ ਪਹਿਲਾਂ ਨਹੀਂ ਕਿਸੇ ਨੇ ਵਜਾਇਆ, 300 ਸਾਲ ਹੋਗੇ, ਤੁਹਾਨੂੰ ਵਜਾਉਣ ਦੀ ਕੀ ਲੋੜ ਆ, ਸ਼ਹੀਦਾਂ ਦੇ ਨਗਾਰੇ ਵੱਜਦੇ ਆ, ਜੈਕਾਰੇ ਲਗਦੇ ਆ, ਬੀਰ ਰਸੀ ਵਾਰਾਂ ਗਾਈਆਂ ਜਾਂਦੀਆਂ।”
ਇਸੇ ਤਰ੍ਹਾਂ ਭਾਈ ਜਪ ਸਿੰਘ ਖ਼ਾਲਸਾ ਨੇ ਟਿੱਪਣੀ ਕੀਤੀ, “ਗ਼ਲਤ, ਬਿਲਕੁੱਲ ਗ਼ਲਤ...ਮਾਤਮੀ ਬਿਗੁਲ ਸਾਨੂੰ ਕਦੇ ਵੀ ਪਰਵਾਨ ਨਹੀਂ, ਸ਼ਹੀਦੀਆਂ ਮਾਤਮ ਨਹੀਂ ਚੜ੍ਹਦੀ ਕਲਾ ਦਾ ਪ੍ਰਤੀਕ ਹੁੰਦੀਆਂ ਹਨ. ਸ਼ਹੀਦਾਂ ਦੀ ਯਾਦ ਵਿੱਚ ਜੈਕਾਰੇ ਲੱਗਦੇ ਹੁੰਦੇ ਨੇ, ਵਾਰਾਂ ਗਾਈਆਂ ਜਾਂਦੀਆਂ ਨੇ ਸ਼ਹੀਦਾਂ ਦੀਆਂ”
ਸਾਹਿਬਜ਼ਾਦਿਆਂ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ: ਧਾਮੀ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦੇ ਕੀਤੇ ਫੈਸਲੇ ਨੂੰ ਗੁਰਮਤਿ ਮਰਯਾਦਾ ਦੇ ਵਿਰੁੱਧ ਕਰਾਰ ਦਿੱਤਾ ਹੈ। 
ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ, ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਸਾਹਿਬਜ਼ਾਦਿਆਂ ਨੇ ਹੱਕ, ਸੱਚ ਅਤੇ ਧਰਮ ਦੀ ਖ਼ਾਤਰ ਆਪਣੇ ਆਪ ਨੂੰ ਕੁਰਬਾਨ ਕਰਨ ਦਾ ਫੈਸਲਾ ਲੈ ਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਲਾਸਾਨੀ ਅਤੇ ਵਿਲੱਖਣ ਪੈੜ ਪਾਈ। ਸਾਹਿਬਜ਼ਾਦਿਆਂ ਦੀ ਉਮਰ ਭਾਵੇਂ ਛੋਟੀ ਸੀ, ਪਰ ਉਨ੍ਹਾਂ ਦੀ ਸਿੱਖੀ ਪ੍ਰਤੀ ਦ੍ਰਿੜ੍ਹਤਾ ਪ੍ਰੋੜ੍ਹ ਉਮਰ ਤੋਂ ਘੱਟ ਨਹੀਂ ਸੀ। 
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿੱਖ ਇਤਿਹਾਸ ਅਤੇ ਸਿਧਾਂਤਾਂ ਦੀ ਭਾਵਨਾ ਨੂੰ ਦਰਕਿਨਾਰ ਨਾ ਕਰੇ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦੀ ਗਵਾਹ ਹੈ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀਆਂ ਪੈੜਾਂ ’ਤੇ ਚੱਲਦਿਆਂ ਸਾਹਿਬਜ਼ਾਦਿਆਂ ਨੇ ਸ਼ਹਾਦਤਾਂ ਦਿੱਤੀਆਂ ਸਨ। ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਵੀ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮੌਕੇ ਖ਼ੁਦ ਜੈਕਾਰੇ ਗਜਾ ਕੇ ਕੌਮ ਨੂੰ ਚੜ੍ਹਦੀ ਕਲਾ ਦਾ ਸੁਨੇਹਾ ਦਿੱਤਾ। 


ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੇ ਲਾਲਚ ਅਤੇ ਡਰਾਵੇ ਦੀ ਪ੍ਰਵਾਹ ਨਾ ਕਰਦਿਆਂ ਮੁਗਲ ਹਾਕਮ ਨੂੰ ਵੱਡੀ ਚੁਣੌਤੀ ਦਿੱਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਸ਼ਹੀਦ ਕੌਮ ਲਈ ਪ੍ਰੇਰਣਾ ਸਰੋਤ ਹਨ, ਜਿਨ੍ਹਾਂ ਨੂੰ ਕੌਮ ਰੋਜ਼ਾਨਾ ਅਰਦਾਸ ਵਿਚ ਯਾਦ ਕਰਕੇ ਸ਼ਕਤੀ ਅਤੇ ਅਗਵਾਈ ਪ੍ਰਾਪਤ ਕਰਦੀ ਹੈ। 
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਨ੍ਹਾਂ ਸ਼ਹਾਦਤਾਂ ਨੂੰ ਮਾਤਮ ਅਤੇ ਸੋਗ ਦੀ ਘਟਨਾ ਵਜੋਂ ਉਭਾਰਨਾ ਸਿੱਖ ਇਤਿਹਾਸ ਅਤੇ ਗੁਰਮਤਿ ਪ੍ਰੰਪਰਾ ਦੇ ਬਿਲਕੁਲ ਅਨੁਕੂਲ ਨਹੀਂ ਹੈ। ਸ੍ਰੀ ਭਗਵੰਤ ਮਾਨ ਦਾ ਫੈਸਲਾ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਛੁਟਆਉਂਣ ਵਾਲਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸਿੱਖ ਇਤਿਹਾਸ ਦੀ ਰੌਸ਼ਨੀ ਵਿਚ ਹੀ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ, ਨਾ ਕਿ ਗੁਰਮਤਿ ਦੀ ਭਾਵਨਾ ਵਿਰੁੱਧ ਕੋਈ ਨਵੀਂ ਪਿਰਤ ਸ਼ੁਰੂ ਕਰਨ ਦੀ ਭੁੱਲ ਕਰਨ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video