ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਦਾ ਦੀ ਸੜਕ ਹਾਦਸੇ ਵਿੱਚ ਜ਼ਖਮੀ ਹੋਣ ਤੋਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ। ਸ਼ੁਰੂਆਤ ਵਿੱਚ ਇਹ ਸਾਹਮਣੇ ਆਇਆ ਸੀ ਕਿ ਉਹ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਬੱਦੀ ਖੇਤਰ ਵਿੱਚ ਹਾਦਸੇ ਦਾ ਸ਼ਿਕਾਰ ਹੋਏ ਸਨ। ਹਾਲਾਂਕਿ, ਹੁਣ ਤੱਕ ਦੀ ਜਾਂਚ ਵਿੱਚ ਇੱਕ ਵੱਡਾ ਖੁਲਾਸਾ ਹੋਇਆ ਹੈ। ਗਾਇਕ ਰਾਜਵੀਰ ਜਵੰਦਾ ਦੀ ਬਾਈਕ ਦਾ ਐਕਸੀਡੈਂਟ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਨਹੀਂ, ਬਲਕਿ ਹਰਿਆਣਾ ਦੇ ਪਿੰਜੌਰ ਵਿੱਚ ਹੋਇਆ ਸੀ। ਅਹਿਮ ਗੱਲ ਇਹ ਹੈ ਕਿ ਹਾਦਸੇ ਤੋਂ ਬਾਅਦ ਇੱਕ ਨਿੱਜੀ ਹਸਪਤਾਲ ਨੇ ਉਨ੍ਹਾਂ ਦਾ ਇਲਾਜ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਇਸ ਕਾਰਨ ਉਨ੍ਹਾਂ ਨੂੰ ਫਿਰ ਦੂਜੇ ਨਿੱਜੀ ਹਸਪਤਾਲ ਲਿਜਾਇਆ ਗਿਆ।
ਦਰਅਸਲ, ਲਾਇਰਜ਼ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ ਦੀ ਜਾਂਚ ਵਿੱਚ ਇਹ ਤੱਥ ਸਾਹਮਣੇ ਆਇਆ ਹੈ ਕਿ ਰਾਜਵੀਰ ਸਿੰਘ ਜਵੰਦਾ ਦੀ ਬਾਈਕ ਪਿੰਜੌਰ ਦੇ ਬਾਹਰੀ ਖੇਤਰ ਵਿੱਚ ਹਾਦਸੇ ਦਾ ਸ਼ਿਕਾਰ ਹੋਈ ਸੀ। ਪਿੰਜੌਰ ਪੁਲਿਸ ਸਟੇਸ਼ਨ ਤੋਂ ਪ੍ਰਾਪਤ ਡੀਡੀਆਰ (ਡੇਲੀ ਡਾਇਰੀ ਰਿਪੋਰਟ) ਤੋਂ ਪਤਾ ਲੱਗਾ ਹੈ ਕਿ ਸ਼ੌਰੀ ਹਸਪਤਾਲ, ਪਿੰਜੌਰ ਨੇ ਰਾਜਵੀਰ ਸਿੰਘ ਜਵੰਦਾ ਨੂੰ ਮੁੱਢਲੀ ਸਹਾਇਤਾ ਨਹੀਂ ਦਿੱਤੀ, ਜਿਸ ਕਾਰਨ ਉਨ੍ਹਾਂ ਨੂੰ ਸਿਵਲ ਹਸਪਤਾਲ ਪੰਚਕੂਲਾ, ਫਿਰ ਪਾਰਸ ਹਸਪਤਾਲ ਪੰਚਕੂਲਾ ਅਤੇ ਉਸ ਤੋਂ ਬਾਅਦ ਫੋਰਟਿਸ ਹਸਪਤਾਲ ਮੋਹਾਲੀ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ 11 ਦਿਨਾਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ।
ਸੰਗਠਨ ਦੇ ਜਨਰਲ ਸਕੱਤਰ ਐਡਵੋਕੇਟ ਨਵਕਿਰਨ ਸਿੰਘ ਨੇ ਇੱਕ ਪੱਤਰਕਾਰ ਨਾਲ ਮਿਲ ਕੇ ਪਿੰਜੌਰ ਵਿੱਚ ਹਾਦਸੇ ਵਾਲੀ ਜਗ੍ਹਾ ਦਾ ਦੌਰਾ ਕੀਤਾ ਅਤੇ ਮੌਕੇ ਦੀ ਰਿਪੋਰਟ ਤਿਆਰ ਕੀਤੀ। ਹੁਣ ਸੰਗਠਨ ਨੇ ਫੈਸਲਾ ਕੀਤਾ ਹੈ ਕਿ ਰਾਜਵੀਰ ਸਿੰਘ ਜਵੰਦਾ ਦੇ ਇਲਾਜ ਵਿੱਚ ਸੰਭਾਵਿਤ ਡਾਕਟਰੀ ਲਾਪਰਵਾਹੀ ਦੇ ਮਾਮਲੇ ਵਿੱਚ ਮਾਣਯੋਗ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ, ਕਿਉਂਕਿ ਇਹ ਲਾਪਰਵਾਹੀ ਉਨ੍ਹਾਂ ਦੀ ਮੌਤ ਦਾ ਕਾਰਨ ਬਣੀ ਹੋ ਸਕਦੀ ਹੈ। ਇਸ ਦੇ ਨਾਲ ਹੀ ਸੜਕਾਂ 'ਤੇ ਆਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਹਾਦਸਿਆਂ ਦੀ ਸਮੱਸਿਆ, ਡਾਕਟਰੀ ਸਹੂਲਤਾਂ ਦੀ ਉਪਲਬਧਤਾ ਅਤੇ ਡਾਕਟਰਾਂ ਦੇ ਫਰਜ਼ਾਂ ਨਾਲ ਜੁੜੇ ਮੁੱਦਿਆਂ ਨੂੰ ਵੀ ਉਚਿਤ ਮੰਚ 'ਤੇ ਚੁੱਕਿਆ ਜਾਵੇਗਾ।
ਦਸ ਦਈਏ ਜਿ ਰਾਜਵੀਰ ਜਵੰਦਾ ਲੋਕਾਂ ਦੇ ਚਹੇਤੇ ਪੰਜਾਬੀ ਗਾਇਕ ਅਤੇ ਅਦਾਕਾਰ ਸਨ। 8 ਅਕਤੂਬਰ 2025 ਨੂੰ 35 ਸਾਲ ਦੀ ਉਮਰ ਵਿੱਚ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ। ਉਹ 27 ਸਤੰਬਰ ਨੂੰ ਪਿੰਜੌਰ ਵਿੱਚ ਬਾਈਕ ਹਾਦਸੇ ਦਾ ਸ਼ਿਕਾਰ ਹੋਏ ਸਨ। ਉਨ੍ਹਾਂ ਨੇ ਪੰਜਾਬੀ ਫਿਲਮਾਂ ਵਿੱਚ ਅਦਾਕਾਰੀ ਕੀਤੀ ਸੀ ਅਤੇ ਨਾਲ ਹੀ ਕਈ ਗੀਤ ਵੀ ਗਾਏ ਸਨ। ਹਾਦਸੇ ਸਮੇਂ ਉਹ ਸ਼ਿਮਲਾ ਜਾ ਰਹੇ ਸਨ। ਜ਼ਖਮੀ ਹੋਣ ਤੋਂ ਬਾਅਦ ਉਹ 11 ਦਿਨਾਂ ਤੱਕ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਫੋਰਟਿਸ ਵਿੱਚ ਵੈਂਟੀਲੇਟਰ 'ਤੇ ਰਹੇ, ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਜ਼ਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਹਾਈ ਕੋਰਟ ਵਿੱਚ ਵੀ ਇਸ ਸਬੰਧ ਵਿੱਚ ਇੱਕ ਪਟੀਸ਼ਨ ਦਾਖਲ ਕੀਤੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਸੂਬੇ ਦੀ ਸਰਕਾਰ ਗਾਵਾਂ ਦੇ ਨਾਮ 'ਤੇ ਲੱਖਾਂ ਰੁਪਏ ਦਾ ਸੈੱਸ ਲੈ ਰਹੀ ਹੈ, ਪਰ ਸੜਕਾਂ 'ਤੇ ਆਵਾਰਾ ਪਸ਼ੂ ਘੁੰਮ ਰਹੇ ਹਨ ਅਤੇ ਉਨ੍ਹਾਂ ਦੀ ਵਜ੍ਹਾ ਨਾਲ ਹਾਦਸੇ ਹੋ ਰਹੇ ਹਨ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login