ADVERTISEMENTs

ਸ਼੍ਰੋਮਣੀ ਕਮੇਟੀ ਵੱਲੋਂ ਯੂਨੀਵਰਸਿਟੀ ਵਿਖੇ ਨੌਵੇਂ ਪਾਤਸ਼ਾਹ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਨੂੰ ਪ੍ਰਵਾਨਗੀ

ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ ਕੇਂਦਰ ਸਰਕਾਰ- ਐਡਵੋਕੇਟ ਧਾਮੀ

SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਆਗੂ / courtesy photo

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਅੱਜ ਇਕ ਮਤਾ ਪਾਸ ਕਰਕੇ ਭਾਰਤ ਸਰਕਾਰ ਪਾਸੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਚ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ’ ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਨਾਲ ਨਾਲ ਕਈ ਹੋਰ ਅਹਿਮ ਫੈਸਲੇ ਵੀ ਕੀਤੇ ਗਏ।

ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ’ਚ ਮਨਾਏ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ ਸਰਕਾਰ ਨੇ ਕੁਝ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਦਾ ਨੋਟੀਫਿਕੇਸ਼ਨ ਕੀਤਾ ਸੀ, ਜਿਸ ਨੂੰ ਅੱਜ ਤੱਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਇੱਕ ਇਤਿਹਾਸਕ ਮੌਕਾ ਹੈ, ਜਿਸ ’ਤੇ ਭਾਰਤ ਸਰਕਾਰ ਨੂੰ ਆਪਣੇ ਵੱਲੋਂ ਕੀਤਾ ਹੋਇਆ ਫੈਸਲਾ ਤੁਰੰਤ ਲਾਗੂ ਕਰਨਾ ਚਾਹੀਦਾ ਹੈ। ਇਹ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਸ਼ਹਾਦਤ ਦੇਣ ਵਾਲੇ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਜਲੀ ਹੋਵੇਗੀ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਾਹਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੇਅਰ’ ਸਥਾਪਤ ਕਰਨ ਨੂੰ ਵੀ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਜਲਦ ਹੀ ਯੂਨੀਵਰਸਿਟੀ ਵੱਲੋਂ ਕਾਰਵਾਈ ਮੁਕੰਮਲ ਕਰਨ ਉਪਰੰਤ ਇਸ ਨੂੰ ਕਾਰਜਸ਼ੀਲ ਕਰ ਦਿੱਤਾ ਜਾਵੇਗਾ। ਇਸ ਵਿਚ ਨੌਵੇਂ ਪਾਤਸ਼ਾਹ ਜੀ ਦੇ ਜੀਵਨ, ਯਾਤਰਾਵਾਂ ਅਤੇ ਸ਼ਹਾਦਤ ਬਾਰੇ ਮੌਲਿਕ ਅਤੇ ਖੋਜ ਕਾਰਜ ਕਰਨ ਦੇ ਨਾਲ-ਨਾਲ ਗੁਰੂ ਸਾਹਿਬ ਦੀ ਪਾਵਨ ਗੁਰਬਾਣੀ ਬਾਰੇ ਦਾਰਸ਼ਨਿਕ ਅਧਿਐਨ ਦਾ ਕੰਮ ਕੀਤਾ ਜਾਵੇਗਾ।

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਬੀਤੇ ਦਿਨੀਂ ਸ੍ਰੀਨਗਰ ਵਿਖੇ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਹੋਈ ਮਰਯਾਦਾ ਦੀ ਉਲੰਘਣਾ ’ਤੇ ਨਿੰਦਾ ਮਤਾ ਵੀ ਪਾਸ ਕੀਤਾ ਗਿਆ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video