ਸੰਨ 1964 ’ਚ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਾਕੇ ਦੀ ਸਲਾਨਾ ਯਾਦ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।
ਜ਼ਿਕਰਯੋਗ ਹੈ ਕਿ ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਦੌਰਾਨ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ 11 ਸਿੰਘ ਸ਼ਹੀਦ ਹੋਏ ਸਨ। ਇਸ ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਜੀ ਹਰੀਆਂ ਵੇਲਾਂ ਵਾਲੇ ਹਨ, ਜਿਨ੍ਹਾਂ ਨੂੰ ਪੰਥ ਵੱਲੋਂ ਜਿੰਦਾ ਸ਼ਹੀਦ ਦਾ ਖਿਤਾਬ ਮਿਲਿਆ ਹੋਇਆ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਜ਼ਾਦੀ ਤੋਂ ਬਾਅਦ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਵਾਪਰਿਆ ਸਾਕਾ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਇਸ ਸਾਕੇ ਵਿਚ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਵੱਲੋਂ ਵੱਡੀਆਂ ਸ਼ਹਾਦਤਾਂ ਦੇ ਕੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪੰਥਕ ਹੱਥਾਂ ਵਿਚ ਲਿਆ ਗਿਆ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਅੰਗਰੇਜ਼ਾਂ ਦੇ ਰਾਜ ਸਮੇਂ ਸਿੱਖਾਂ ਨੇ ਜ਼ੁਲਮ ਨੂੰ ਹੱਸ ਕੇ ਜਰਿਆ, ਪਰੰਤੂ ਜਿਹੜੇ ਸਾਕੇ ਅਜ਼ਾਦ ਭਾਰਤ ਵਿਚ ਵਾਪਰੇ ਉਨ੍ਹਾਂ ਦਾ ਦਰਦ ਸਿੱਖ ਕੌਮ ਲਈ ਨਾ ਭੁੱਲਣਯੋਗ ਹੈ।
ਉਨ੍ਹਾਂ ਕਿਹਾ ਕਿ ਸਾਕੇ ਦੇ ਗਵਾਹ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ ਕੌਮ ਦੀ ਪ੍ਰਮੁੱਖ ਸ਼ਖ਼ਸੀਅਤ ਹਨ, ਜੋ ਪੰਥਕ ਏਕਤਾ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਬਖ਼ਸ਼ੇ ਸਿਧਾਂਤਾਂ ’ਤੇ ਅੱਜ ਵੀ ਸੱਟਾਂ ਮਾਰੀਆਂ ਜਾ ਰਹੀਆਂ ਹਨ। ਗੁਰ-ਅਸਥਾਨਾਂ ਅਤੇ ਗੁਰੂ ਸਿਧਾਂਤ ਨਾਲ ਈਰਖਾ ਭਰਿਆ ਵਿਵਹਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਵਿਰੋਧੀ ਸਮਝਦੇ ਸਨ ਕਿ ਜਿੰਨਾ ਚਿਰ ਸਿੱਖ ਗੁਰੂ ਘਰਾਂ ਨਾਲ ਜੁੜੇ ਹਨ, ਓਨਾ ਚਿਰ ਉਹ ਆਪਣੇ ਮਨਸੂਬੇ ਪੂਰੇ ਨਹੀਂ ਕਰ ਸਕਣਗੇ। ਇਸੇ ਲਈ ਗੁਰੂ ਸਿਧਾਂਤਾਂ ਨੂੰ ਸੱਟ ਮਾਰਨ ਦੇ ਯਤਨ ਕੀਤੇ ਗਏ। ਇਹ ਸੋਚ ਅੱਜ ਵੀ ਜਾਰੀ ਹੈ, ਜਿਸ ਨੂੰ ਧਿਆਨ ਵਿਚ ਰੱਖਣਾ ਸਿੱਖ ਕੌਮ ਲਈ ਬਹੁਤ ਜ਼ਰੂਰੀ ਹੈ।
ਇਸ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਕਿਹਾ ਕਿ ਗੁਰੂ ਘਰਾਂ ਅੰਦਰ ਪੰਥਕ ਮਰਯਾਦਾ ਬਹਾਲ ਰੱਖਣ ਲਈ ਕੌਮ ਨੇ ਹਮੇਸ਼ਾ ਹੀ ਕੁਰਬਾਨੀਆਂ ਦਿੱਤੀਆਂ ਹਨ ਅਤੇ ਸ੍ਰੀ ਪਾਉਂਟਾ ਸਾਹਿਬ ਦਾ ਪ੍ਰਬੰਧ ਲੈਣ ਲਈ ਇਹ ਸੇਵਾ ਗੁਰੂ ਸਾਹਿਬ ਵੱਲੋਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੂੰ ਪ੍ਰਾਪਤ ਹੋਈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸਾਕੇ ਦੀ ਯਾਦ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਉਣ ਅਤੇ ਸਾਕੇ ਦਾ ਚਿੱਤਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸ਼ਖ਼ਸੀਅਤਾਂ ਵੱਲੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਦਾ ਸਨਮਾਨ ਵੀ ਕੀਤਾ ਗਿਆ।
Comments
Start the conversation
Become a member of New India Abroad to start commenting.
Sign Up Now
Already have an account? Login